ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਵਧੀਕ ਡੀਜੀਪੀ (ਬਿਓਰੋ ਆਫ਼ ਇਨਵੈਸਟੀਗੇਸ਼ਨ) ਐੱਸ ਕੇ ਅਸਥਾਨਾ ਦਾ ਅਚਨਚੇਤ ਛੁੱਟੀ ’ਤੇ ਜਾਣਾ ਰਹੱਸ ਹੀ ਨਹੀਂ ਸਗੋਂ ਸਰਕਾਰ ਲਈ ਚਿੰਤਾ ਦਾ ਵਿਸ਼ਾ ਵੀ ਬਣ ਗਿਆ ਹੈ। ਉੱਚ ਪੱਧਰੀ ਸੂਤਰਾਂ ਦਾ ਦੱਸਣਾ ਹੈ ਕਿ ਸ੍ਰੀ ਅਸਥਾਨਾ ਨੇ ਵਿਭਾਗ ਨੂੰ ਮੈਡੀਕਲ ਛੁੱਟੀ ਭੇਜਦਿਆਂ ਸਿਹਤ ਨਾਸਾਜ਼ ਹੋਣ ਦੀ ਗੱਲ ਆਖੀ ਹੈ। ਇਸ ਪੁਲੀਸ ਅਧਿਕਾਰੀ ਦੀ ਡਾਇਰੈਕਟਰ ਬਿਓਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਵਜੋਂ ਤਾਇਨਾਤੀ ਕੁਝ ਕੁ ਦਿਨ ਪਹਿਲਾਂ ਹੀ ਕੀਤੀ ਗਈ ਸੀ । ਬੀਓਆਈ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਮਾਮਲੇ ’ਤੇ ਕਾਰਵਾਈ ਕਰਨ ਦੇ ਮਾਮਲੇ ’ਤੇ ਲਗਾਤਾਰ ਵਿਚਾਰ ਕੀਤੀ ਜਾ ਰਹੀ ਹੈ। ਸੂਤਰਾਂ ਦਾ ਦੱਸਣਾ ਹੈ ਕਿ ਇਸ ਮਾਮਲੇ ’ਤੇ ਮੁੱਖ ਮੰਤਰੀ ਵੱਲੋਂ ਅੱਜ ਸਵੇਰੇ ਇੱਕ ਮਹੱਤਵਪੂਰਨ ਮੀਟਿੰਗ ਰੱਖੀ ਗਈ ਸੀ ਪਰ ਸ੍ਰੀ ਅਸਥਾਨਾ ਨੇ ਸਿਹਤ ਨਾਸਾਜ਼ ਹੋਣ ਦੀ ਗੱਲ ਕਰਦਿਆਂ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਜਤਾਈ ਅਤੇ ਛੋਟ ਮੰਗੀ।
ਸੂਤਰਾਂ ਦਾ ਦੱਸਣਾ ਹੈ ਕਿ ਅਸਥਾਨਾ ਦੀ ਗ਼ੈਰ-ਮੌਜੂਦਗੀ ਕਾਰਨ ਇਹ ਮੀਟਿੰਗ ਧਰੀ-ਧਰਾਈ ਰਹਿ ਗਈ। ਪੁਲੀਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਪਿਛਲੇ ਦੋ ਹਫ਼ਤਿਆਂ ਤੋਂ ਨਸ਼ਿਆਂ ਦੇ ਮਾਮਲੇ ’ਤੇ ਕਾਰਵਾਈ ਕਰਨ ਸਬੰਧੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਦੀ ਪ੍ਰਧਾਨਗੀ ਹੇਠ ਹੋਣ ਵਾਲੀਆਂ ਮੀਟਿੰਗਾਂ ਵਿੱਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਐੱਸਟੀਐੱਫ ਮੁਖੀ ਹਰਪ੍ਰੀਤ ਸਿੰਘ ਸਿੱਧੂ, ਐੱਸ.ਕੇ. ਅਸਥਾਨਾ ਅਤੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਆਦਿ ਵੀ ਸ਼ਾਮਲ ਹੁੰਦੇ ਰਹੇ ਹਨ।
ਸੂਤਰਾਂ ਦਾ ਦੱਸਣਾ ਹੈ ਕਿ ਕਈ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਨਸ਼ਿਆਂ ਦੇ ਮਾਮਲੇ ’ਤੇ ਕਾਰਵਾਈ ਲਈ ਪੁੱਛਿਆ ਗਿਆ ਤਾਂ ਜ਼ਿਆਦਾਤਰ ਨੇ ਹਾਮੀ ਨਹੀਂ ਭਰੀ। ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਜ਼ਿਆਦਾਤਰ ਪੁਲੀਸ ਅਧਿਕਾਰੀ ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਾਰਨ ਅਜਿਹੀ ਕਾਰਵਾਈ ਤੋਂ ਗੁਰੇਜ਼ ਕਰ ਰਹੇ ਹਨ। ਸ੍ਰੀ ਅਸਥਾਨਾ ਦੇ ਅਚਾਨਕ ਛੁੱਟੀ ’ਤੇ ਜਾਣ ਕਾਰਨ ਸਰਕਾਰ ਦੀ ਹਾਲਤ ਬੇਹੱਦ ਕਸੂਤੀ ਬਣ ਗਈ ਹੈ ਕਿਉਂਕਿ ਨਸ਼ਿਆਂ ਅਤੇ ਬੇਅਦਬੀ ਦੇ ਮਾਮਲੇ ’ਤੇ ਕਾਰਵਾਈ ਨਾ ਹੋਣ ਕਾਰਨ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਹੀ ਆਪਣੀ ਸਰਕਾਰ ’ਤੇ ਨਿਸ਼ਾਨਾ ਨਹੀਂ ਸੇਧਿਆ ਜਾ ਰਿਹਾ ਸਗੋਂ ਕੁੱਝ ਦਿਨ ਪਹਿਲਾਂ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤਕਨੀਕੀ ਸਿੱਖਿਆ ਬਾਰੇ ਵਿਭਾਗ ਦੇ ਮੰਤਰੀ ਰਾਣਾ ਦਰਮਿਆਨ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਹੀ ਤਲਖ਼ਕਲਾਮੀ ਹੋ ਗਈ ਸੀ।
ਰਾਣਾ ਗੁਰਜੀਤ ਸਿੰਘ ਨੂੰ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ’ਤੇ ਕਾਰਵਾਈ ਨਾ ਹੋਣ ਸਬੰਧੀ ਪੁੱਛੇ ਜਾਣ ’ਤੇ ਦੋਵਾਂ ਮੰਤਰੀਆਂ ’ਚ ਬੋਲ ਬੁਲਾਰਾ ਵਧ ਗਿਆ ਸੀ। ਸਰਕਾਰ ਲਈ ਇਨ੍ਹਾਂ ਅਹਿਮ ਤੇ ਸੰਵੇਦਨਸ਼ੀਲ ਮੁੱਦਿਆਂ ’ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣਾ ਚੁਣੌਤੀ ਬਣਦਾ ਜਾ ਰਿਹਾ ਹੈ। ਕਾਂਗਰਸ ਵੱਲੋਂ ਸਾਲ 2017 ਦੀਆਂ ਚੋਣਾਂ ਦੌਰਾਨ ਇਨ੍ਹਾਂ ਦੋਵਾਂ ਮੁੱਦਿਆਂ ’ਤੇ ਅਕਾਲੀਆਂ ਨੂੰ ਘੇਰਨ ਕਰਕੇ ਆਗਾਮੀ ਚੋਣਾਂ ਦੌਰਾਨ ਕਾਂਗਰਸ ਨੂੰ ਵੀ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly