ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁੱਖ ਮੰਤਰੀ ਵਿੰਡੋ ਦੀ ਸਥਾਪਨਾ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਜਨਤਕ ਸ਼ਿਕਾਇਤਾਂ ਨੂੰ ਕੁਸ਼ਲਤਾ ਨਾਲ ਪ੍ਰਾਪਤ ਕਰਨ ਅਤੇ ਹੱਲ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ। ਉਨ੍ਹਾਂ ਮਿਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸੀ.ਐਮ. ਵਿੰਡੋ ਰਾਹੀਂ ਪ੍ਰਾਪਤ ਹੋਏ ਮੁੱਦਿਆਂ ਨੂੰ ਤੁਰੰਤ ਹੱਲ ਕੀਤਾ ਜਾ ਰਿਹਾ ਹੈ ਅਤੇ ਸਟਾਫ ਮੈਂਬਰ ਤਨਦੇਹੀ ਨਾਲ ਲੋੜੀਂਦੀ ਜਾਣਕਾਰੀ ਦੇ ਨਾਲ ਪੋਰਟਲ ਨੂੰ ਅਪਡੇਟ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਲਈ ਸੁਚਾਰੂ ਅਤੇ ਪ੍ਰਭਾਵੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਬੈਠਣ ਦੇ ਢੁਕਵੇਂ ਪ੍ਰਬੰਧ, ਪਾਣੀ ਦੀ ਸਹੂਲਤ, ਇੱਕ ਟੋਕਨ ਸਿਸਟਮ ਅਤੇ ਕੰਪਿਊਟਰਾਂ ਦੀ ਸਥਾਪਨਾ ਲਈ ਵੀ ਪ੍ਰਬੰਧ ਕੀਤੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਹਫ਼ਤੇ ਵਿੱਚ ਦੋ ਵਾਰ ਫੀਲਡ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹਨ ਅਤੇ ਮੌਕੇ ’ਤੇ ਹੀ ਕਈ ਮਸਲੇ ਹੱਲ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਹਰ ਵੀਰਵਾਰ ਸਵੇਰੇ 9 ਵਜੇ ਤੋਂ ਦੁਪਹਿਰ 1:30 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹਨ ਅਤੇ ਉਸ ਅਨੁਸਾਰ ਬਣਦੀ ਕਾਰਵਾਈ ਕਰਦੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlee-Shram Migrants ਵੈਰੀਫਿਕੇਸ਼ਨ ਨੂੰ 21 ਜੁਲਾਈ 2024 ਤੱਕ ਮੁਕੰਮਲ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)
Next articleਅੰਡਰ-19 ਕ੍ਰਿਕਟ ‘ਚ ਹੁਸ਼ਿਆਰਪੁਰ ਨੇ ਕਪੂਰਥਲਾ ਨੂੰ 55 ਦੌੜਾਂ ਨਾਲ ਹਰਾਇਆ : ਡਾ: ਰਮਨ ਘਈ