ਹੈਦਰਾਬਾਦ— ਤੇਲੰਗਾਨਾ ਦੇ ਰੰਗਰੇਡੀ ਜ਼ਿਲੇ ਦੇ ਮੀਰਪੇਟ ‘ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਸਾਬਕਾ ਫੌਜੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਦੋਸ਼ੀ ਗੁਰੂ ਮੂਰਤੀ ਨੇ ਆਪਣੀ ਪਤਨੀ ਵੈਂਕਟ ਮਾਧਵੀ ਦੀ ਲਾਸ਼ ਦੇ ਟੁਕੜੇ ਕਰ ਦਿੱਤੇ ਅਤੇ ਫਿਰ ਪ੍ਰੈਸ਼ਰ ਕੁੱਕਰ ‘ਚ ਉਬਾਲ ਲਿਆ।
ਪੁਲਸ ਅਧਿਕਾਰੀਆਂ ਮੁਤਾਬਕ ਗੁਰੂ ਮੂਰਤੀ ਨੇ 18 ਜਨਵਰੀ ਨੂੰ ਆਪਣੇ ਮਾਤਾ-ਪਿਤਾ ਸਮੇਤ ਮੀਰਪੇਟ ਪੁਲਸ ਸਟੇਸ਼ਨ ‘ਚ ਪਤਨੀ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਪਤੀ-ਪਤਨੀ ‘ਚ ਪਿਛਲੇ ਕੁਝ ਦਿਨਾਂ ਤੋਂ ਲੜਾਈ ਚੱਲ ਰਹੀ ਸੀ। ਇਸ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਗੁਰੂ ਮੂਰਤੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ, ਜਿਸ ਦੌਰਾਨ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ।
ਪੁਲਸ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਲਾਸ਼ ਦੇ ਟੁਕੜੇ-ਟੁਕੜੇ ਕਰ ਕੇ ਪ੍ਰੈਸ਼ਰ ਕੁੱਕਰ ‘ਚ ਪਕਾਇਆ। ਇਸ ਤੋਂ ਬਾਅਦ ਉਸ ਨੇ ਇਨ੍ਹਾਂ ਟੁਕੜਿਆਂ ਨੂੰ ਛੱਪੜ ਵਿੱਚ ਸੁੱਟ ਦਿੱਤਾ। ਪੁਲਿਸ ਹੁਣ ਗੁਰੂ ਮੂਰਤੀ ਦੇ ਬਿਆਨ ਦੇ ਆਧਾਰ ‘ਤੇ ਸਬੂਤ ਇਕੱਠੇ ਕਰਨ ‘ਚ ਲੱਗੀ ਹੋਈ ਹੈ ਅਤੇ ਲਾਸ਼ ਦੇ ਟੁਕੜਿਆਂ ਦੀ ਭਾਲ ਕਰ ਰਹੀ ਹੈ।
ਗੁਰੂ ਮੂਰਤੀ ਫੌਜ ਵਿੱਚੋਂ ਸੇਵਾਮੁਕਤ ਹੋਣ ਤੋਂ ਬਾਅਦ ਕੰਚਨਬਾਗ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਹੇ ਸਨ। ਉਸਦਾ ਵਿਆਹ 13 ਸਾਲ ਪਹਿਲਾਂ ਵੈਂਕਟ ਮਾਧਵੀ ਨਾਲ ਹੋਇਆ ਸੀ ਅਤੇ ਉਸਦੇ ਦੋ ਬੱਚੇ ਹਨ। ਮੀਰਪੇਟ ਪੁਲਿਸ ਨੇ ਦੱਸਿਆ ਕਿ ਇਸ ਕਤਲ ਕੇਸ ਦੀ ਜਾਂਚ ਅਜੇ ਜਾਰੀ ਹੈ ਅਤੇ ਜਲਦੀ ਹੀ ਪੂਰੀ ਜਾਣਕਾਰੀ ਜਨਤਕ ਕੀਤੀ ਜਾਵੇਗੀ। ਇਸ ਘਟਨਾ ਨੇ ਪੂਰੇ ਇਲਾਕੇ ‘ਚ ਸਨਸਨੀ ਫੈਲਾ ਦਿੱਤੀ ਹੈ ਅਤੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly