ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਲਈ ਅੱਜ ਸਿੰਘੂ ਬਾਰਡਰ ’ਤੇ ਬੈਠਕ ਕੀਤੀ। ਇਸ ਦੌਰਾਨ ਫ਼ੈਸਲਾ ਲਿਆ ਗਿਆ ਕਿ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹਿਣਗੇ। ਉਂਜ ਮੋਰਚੇ ਨੇ 27 ਨਵੰਬਰ ਨੂੰ ਇਕ ਹੋਰ ਮੀਟਿੰਗ ਸੱਦੀ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਭਵਿੱਖ ਦੀ ਰਣਨੀਤੀ ਬਣਾਉਣ ਲਈ 27 ਨਵੰਬਰ ਨੂੰ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ। 40 ਕਿਸਾਨ ਜਥੇਬੰਦੀਆਂ ’ਤੇ ਆਧਾਰਿਤ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਮੁਲਾਂਕਣ ਕੀਤਾ। ਇਸ ਦੌਰਾਨ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਅੰਦੋਲਨ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਲਈ ਮੁਆਵਜ਼ਾ, ਕਿਸਾਨਾਂ ਵਿਰੁੱਧ ਦਰਜ ਕੇਸਾਂ ਅਤੇ ਹੋਰ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਸਿੰਘੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, ‘ਅਸੀਂ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਬਾਰੇ ਵਿਚਾਰ ਵਟਾਂਦਰਾ ਕੀਤਾ ਹੈ। ਇਸ ਤੋਂ ਬਾਅਦ ਕੁਝ ਫੈਸਲੇ ਲਏ ਗਏ ਹਨ। ਮੋਰਚੇ ਦੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ।’ ਉਨ੍ਹਾਂ ਕਿਹਾ ਕਿ ਭਲਕੇ ਲਖਨਊ ’ਚ ਕਿਸਾਨ ਮਹਾਪੰਚਾਇਤ ਹੋਵੇਗੀ। ਇਸ ਤੋਂ ਇਲਾਵਾ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਦਾ ਇਕ ਵਰ੍ਹਾ ਪੂਰਾ ਹੋਣ ’ਤੇ ਉਸ ਦਿਨ ਵੱਡੇ ਇਕੱਠ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 29 ਨਵੰਬਰ ਨੂੰ ਸੰਸਦ ਵੱਲ ਕਿਸਾਨਾਂ ਦੇ ਜਥੇ ਵੱਲੋਂ ਟਰੈਕਟਰ ਮਾਰਚ ਕੀਤਾ ਜਾਵੇਗਾ। ਰਾਜੇਵਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਕਾਂਡ ਲਈ ਜ਼ਿੰਮੇਵਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਅਸਤੀਫੇ ਸਮੇਤ ਹੋਰ ਕਿਸਾਨੀ ਮੰਗਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੋਰਚੇ ਵੱਲੋਂ ਇੱਕ ਪੱਤਰ ਲਿਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੱਤਰ ’ਚ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਦਾ ਜ਼ਿਕਰ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ’ਤੇ ਬਣਾਈ ਜਾਣ ਵਾਲੀ ਕੇਂਦਰੀ ਕਮੇਟੀ, ਉਸ ਦੇ ਅਧਿਕਾਰ, ਕਮੇਟੀ ਵੱਲੋਂ ਦਿੱਤੀ ਜਾਣ ਵਾਲੀ ਰਿਪੋਰਟ ਅਤੇ ਇਸ ਦੇ ਕੰਮ ਦੀ ਸਮਾਂ-ਸੀਮਾ, ਬਿਜਲੀ ਬਿੱਲ 2020 ’ਚ ਕਿਸਾਨ ਵਿਰੋਧੀ ਮੱਦਾਂ, ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਵਾਪਸ ਲੈਣ ਅਤੇ ਫਸਲੀ ਵਿਭਿੰਨਤਾ ਲਈ ਪੂਰੇ ਮੁਲਕ ਦੇ ਕਿਸਾਨਾਂ ਨੂੰ ਪੈਕੇਜ ਜਾਰੀ ਕਰਨ ਦਾ ਉਚੇਚੇ ਤੌਰ ’ਤੇ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਲਖੀਮਪੁਰ ਖੀਰੀ ਦੇ ਕਿਸਾਨ ਕਤਲੇਆਮ ਦੇ ਮੁੱਦੇ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਗਈ ਹੈ। ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ’ਤੇ ਰਾਜੇਵਾਲ ਨੇ ਕਿਹਾ ਕਿ ਅਜੇ ਬਹੁਤ ਸਾਰੀਆਂ ਚੀਜ਼ਾਂ ਕਰਨੀਆਂ ਬਾਕੀ ਹਨ।
ਬੈਠਕ ਦੀ ਪ੍ਰਧਾਨਗੀ ਤਰਾਈ ਕਿਸਾਨ ਸੰਗਠਨ ਦੇ ਤੇਜਿੰਦਰ ਸਿੰਘ ਵਿਰਕ ਅਤੇ ਬਲਬੀਰ ਸਿੰਘ ਰਾਜੇਵਾਲ ਵੱਲੋਂ ਸਾਝੇ ਤੌਰ ’ਤੇ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਐੱਮਐੱਸਪੀ ’ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਮੇਟੀ ਵਿੱਚ ਕਿਸਾਨ ਮੋਰਚੇ ਅਤੇ ਕੇਂਦਰ ਦੇ ਬਰਾਬਰ ਬਰਾਬਰ ਮੈਂਬਰ ਹੋਣਗੇ। ਆਗੂਆਂ ਨੇ ਕਿਹਾ ਕਿ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਬੈਠਕ ਲਈ ਕੋਈ ਸੱਦਾ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੱਦਾ ਮਿਲਣ ’ਤੇ ਗੱਲਬਾਤ ਜ਼ਰੂਰ ਕੀਤੀ ਜਾਵੇਗੀ। ਰਾਜੇਵਾਲ ਨੇ ਕਿਸਾਨ ਆਗੂਆਂ ਦੇ ਚੋਣਾਂ ਲੜਨ ਬਾਰੇ ਪੁੱਛੇ ਗਏ ਸਵਾਲ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਉਹ ਦਿੱਲੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਉਦੋਂ ਤੱਕ ਜਾਰੀ ਰੱਖਣ ਦਾ ਇਰਾਦਾ ਰੱਖਦੇ ਹਨ ਜਦੋਂ ਤੱਕ ਕੇਂਦਰ ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਅਧਿਕਾਰਤ ਤੌਰ ’ਤੇ ਰੱਦ ਨਹੀਂ ਕਰ ਦਿੰਦਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly