ਨਵੀਂ ਦਿੱਲੀ (ਸਮਾਜ ਵੀਕਲੀ): ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਮੀਟਿੰਗ ਕਰਕੇ 15 ਅਕਤੂਬਰ ਨੂੰ ਸਿੰਘੂ ਮੋਰਚੇ ’ਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਲਖਬੀਰ ਸਿੰਘ ਨਾਲ ਜੁੜੇ ਵੱਖ ਵੱਖ ਪਹਿਲੂਆਂ ਦੀ ਜਾਂਚ ਲਈ ਪੰਜ ਮੈਂਬਰੀ ਤੱਥ ਖੋਜ ਕਮੇਟੀ ਬਣਾਈ ਹੈ। ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਕਮੇਟੀ ’ਚ ਕੰਵਲਪ੍ਰੀਤ ਸਿੰਘ ਪੰਨੂ, ਬਲਦੇਵ ਸਿੰਘ, ਕਾਕਾ ਸਿੰਘ, ਪ੍ਰਗਟ ਸਿੰਘ ਅਤੇ ਜਤਿੰਦਰ ਸਿੰਘ ਛੀਨਾ ਨੂੰ ਸ਼ਾਮਲ ਕੀਤਾ ਗਿਆ ਹੈ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਇਹ ਫ਼ੈਸਲੇ ਲਏ ਗਏ।
ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਇਸ ਕਾਂਡ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਜਾਂਚ ਕਰਵਾਈ ਜਾਵੇ। ਉਨ੍ਹਾਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਅਸਤੀਫਿਆਂ ਦੀ ਮੰਗ ਵੀ ਕੀਤੀ ਹੈ। ਇਸ ਦੌਰਾਨ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਸਰਕਾਰ ਦੀਆਂ ਮੋਰਚੇ ਖਿਲਾਫ਼ ਚੱਲ ਰਹੀਆਂ ਸਾਜ਼ਿਸ਼ਾਂ ਨੂੰ ਫੇਲ੍ਹ ਕਰਨ ਲਈ ਵੱਡੀ ਗਿਣਤੀ ’ਚ ਪਹੁੰਚ ਕੇ ਮੋਰਚਿਆਂ ਨੂੰ ਮਜ਼ਬੂਤ ਕਰਨ। ਉਧਰ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਕੀਰਤਪੁਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਹੁਸੈਨੀਵਾਲਾ ’ਚ 24 ਅਕਤੂਬਰ ਨੂੰ ਜਲਪ੍ਰਵਾਹ ਕਰਨ ਲਈ ਮਾਝੇ, ਮਾਲਵੇ ਅਤੇ ਦੁਆਬੇ ’ਚ ‘ਕਲਸ਼ ਯਾਤਰਾ’ ਕੱਢਣ ਦਾ ਫੈਸਲਾ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly