ਕਿਸਾਨ ਮੁੱਦਿਆਂ ’ਤੇ ਕੇਂਦਰਿਤ ਰਹੀ ਪਲੇਠੀ ਕੈਬਨਿਟ ਮੀਟਿੰਗ

Punjab Chief Minister Charanjit Singh Channi charging the first Cabinet meeting in Chandigarh.

ਚੰਡੀਗੜ੍ਹ(ਸਮਾਜ ਵੀਕਲੀ):  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਪਲੇਠੀ ਕੈਬਨਿਟ ਮੀਟਿੰਗ ’ਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ‘ਭਾਰਤ ਬੰਦ’ ਦੌਰਾਨ ਮਤਾ ਪਾਸ ਕੀਤਾ ਗਿਆ ਜਿਸ ’ਚ ਕੇਂਦਰ ਸਰਕਾਰ ਤੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤਿਆਂ ਨੂੰ ਸਵੀਕਾਰ ਕੀਤੇ ਜਾਣ ਦੀ ਮੰਗ ਕੀਤੀ ਗਈ| ਅੱਜ ਦੀ ਕੈਬਨਿਟ ਮੀਟਿੰਗ ਕਿਸਾਨੀ ਮਸਲਿਆਂ ’ਤੇ ਕੇਂਦਰਿਤ ਰਹੀ| ਹਾਲਾਂਕਿ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਹਾਲੇ ਨਹੀਂ ਹੋਈ ਹੈ ਪਰ ਮੰਤਰੀ ਬਿਨਾਂ ਵਿਭਾਗਾਂ ਤੋਂ ਹੀ ਮੀਟਿੰਗ ਵਿਚ ਸ਼ਾਮਿਲ ਹੋਏ| ਮੰਤਰੀ ਮੰਡਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਵਿਚ ਉੱਤਰੀਆਂ ਕਿਸਾਨ ਧਿਰਾਂ ਨਾਲ ਗੱਲਬਾਤ ਸ਼ੁਰੂ ਕਰੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ| ਕੈਬਨਿਟ ਨੇ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਇੱਕਜੁੱਟਤਾ ਪ੍ਰਗਟ ਕੀਤੀ|

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿੱਧਾ ਖ਼ਤਰਾ ਹਨ| ਕੈਬਨਿਟ ਨੇ ਕਿਹਾ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭਾਰਤ ਦੇ ਸੰਵਿਧਾਨ ਮੁਤਾਬਿਕ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਹੱਕ ਬਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਸਾਰੇ ਭਾਈਵਾਲਾਂ ਨਾਲ ਖੁੱਲ੍ਹੀ ਗੱਲਬਾਤ ਕਰਨ ਅਤੇ ਸਲਾਹ-ਮਸ਼ਵਰੇ ਦਾ ਰਾਹ ਅਪਣਾਉਣ ਦੀ ਲੋੜ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ | ਮੁੱਖ ਮੰਤਰੀ ਚੰਨੀ ਨੇ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨਾਂ ਵਿਚ ਪਾਏ ਜਾ ਰਹੇ ਗੁੱਸੇ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੂੰ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਨੂੰ ਤਰਕਸੰਗਤ ਬਣਾਉਣ ਲਈ ਢੰਗ-ਤਰੀਕੇ ਤਲਾਸ਼ੇ ਜਾਣ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਸੰਤੁਸ਼ਟੀ ਮੁਤਾਬਕ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ|

ਵੀਆਈਪੀਜ਼ ਦੀ ਸੁਰੱਖਿਆ ’ਚ ਕਟੌਤੀ

ਮੁੱਖ ਮੰਤਰੀ ਚੰਨੀ ਨੇ ਅੱਜ ਡੀਜੀਪੀ ਪੰਜਾਬ ਨੂੰ ਪੱਤਰ ਭੇਜ ਕੇ ਆਪਣੀ ਸੁਰੱਖਿਆ ਵਿਚ ਕਟੌਤੀ ਕਰਨ ਲਈ ਆਖਿਆ ਹੈ| ਇਸ ਮਗਰੋਂ ਕੈਬਨਿਟ ਮੀਟਿੰਗ ’ਚ ਮੁੱਖ ਮੰਤਰੀ ਨੇ ਵਜ਼ੀਰਾਂ ਨੂੰ ਵੀਆਈਪੀ ਕਲਚਰ ਦੇ ਖ਼ਾਤਮੇ ਦੇ ਮੱਦੇਨਜ਼ਰ ਆਪੋ ਆਪਣੇ ਨਾਲ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਨਿਰਦੇਸ਼ਾਂ ਅਨੁਸਾਰ ਘੱਟੋ ਤੋਂ ਘੱਟ ਰੱਖਣ ਦੀ ਹਦਾਇਤ ਕੀਤੀ ਤਾਂ ਜੋ ਆਮ ਲੋਕਾਂ ਨੂੰ ਬੇਲੋੜੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ| ਮੁੱਖ ਮੰਤਰੀ ਨੇ ਵਜ਼ੀਰਾਂ ਨੂੰ ਕਿਹਾ ਕਿ ਲੋਕਾਂ ਨੂੰ ਚੰਗਾ ਸ਼ਾਸਨ ਦੇਣ ਲਈ ਹੁਣ ਵਾਧੂ ਸਮਾਂ ਕੰਮ ਕਰਨਾ ਚਾਹੀਦਾ ਹੈ| ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਵੱਲੋਂ ਕੀਤੇ ਲੋਕ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ|

ਵਾਰਿਸਾਂ ਨੂੰ ਮੰਤਰੀ ਦੇਣਗੇ ਨਿਯੁਕਤੀ ਪੱਤਰ

ਕੈਬਨਿਟ ’ਚ ਫ਼ੈਸਲਾ ਹੋਇਆ ਕਿ ਸਾਰੇ ਮੰਤਰੀ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਮ੍ਰਿਤਕ ਕਿਸਾਨਾਂ ਤੇ ਮਜ਼ਦੂਰਾਂ ਦੇ ਘਰਾਂ ਵਿਚ ਨਿੱਜੀ ਤੌਰ ’ਤੇ ਜਾ ਕੇ ਉਨ੍ਹਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਣਗੇ| ਮੁੱਖ ਮੰਤਰੀ ਨੇ ਦੱਸਿਆ ਕਿ ਤਕਰੀਬਨ 155 ਅਜਿਹੇ ਨਿਯੁਕਤੀ ਪੱਤਰ ਤਿਆਰ ਹਨ ਅਤੇ ਇਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਸੌਂਪਿਆ ਜਾਣਾ ਚਾਹੀਦਾ ਹੈ| ਉਨ੍ਹਾਂ ਨੇ ਮੁੱਖ ਸਕੱਤਰ ਨੂੰ ਬਾਕੀ ਅਜਿਹੇ ਕੇਸਾਂ ਦੀ ਪੜਤਾਲ ਵੀ ਛੇਤੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ |

ਸੌ ਦਿਨਾਂ ਦਾ ਰੋਡ ਮੈਪ ਤਿਆਰ ਹੋਵੇਗਾ

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਸਭ ਵਿਭਾਗ 100 ਦਿਨਾਂ ਦਾ ਰੋਡ ਮੈਪ ਤਿਆਰ ਕਰਕੇ ਹਫ਼ਤੇ ਵਿਚ ਮੁੱਖ ਸਕੱਤਰ ਕੋਲ ਤਜਵੀਜ਼ਾਂ ਜਮ੍ਹਾ ਕਰਾਉਣ| ਉਨ੍ਹਾਂ ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦੇਣ ਲਈ ਆਖਿਆ ਅਤੇ ਆਮ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦੀ ਗੱਲ ਕਹੀ| ਉਨ੍ਹਾਂ ਕਿਹਾ ਕਿ ਉਹ ਨਰਮ ਜ਼ਰੂਰ ਹਨ ਪਰ ਕੁਤਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਵੀ ਹਨ| ਚੰਨੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ| ਉਨ੍ਹਾਂ ਬਿਨਾਂ ਭੇਦਭਾਵ ਤੋਂ ਲੋਕਾਂ ਨੂੰ ਨਿਆਂ ਦੇਣ ਦੀ ਹਦਾਇਤ ਕੀਤੀ|

ਸਰਪੰਚਾਂ/ਕੌਂਸਲਰਾਂ ਦੇ ਬਣਨਗੇ ‘ਦਾਖਲਾ ਪਾਸ’

ਮੁੱਖ ਮੰਤਰੀ ਨੇ ਅੱਜ ਹੁਕਮ ਜਾਰੀ ਕੀਤੇ ਕਿ ਪਿੰਡਾਂ ਦੇ ਸਰਪੰਚਾਂ ਅਤੇ ਸ਼ਹਿਰੀ ਕੌਂਸਲਰਾਂ ਤੋਂ ਇਲਾਵਾ ਚੁਣੇ ਹੋਏ ਨੁਮਾਇੰਦਿਆਂ ਦੀ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤਾਂ ਵਿਚ ਐਂਟਰੀ ਲਈ ਐਸ.ਡੀ.ਐਮਜ਼ ਅਤੇ ਡਿਪਟੀ ਕਮਿਸ਼ਨਰਜ਼ ‘ਦਾਖਲਾ ਪਾਸ’ ਜਾਰੀ ਕਰਨਗੇ ਤਾਂ ਜੋ ਚੁਣੇ ਹੋਏ ਪ੍ਰਤੀਨਿਧਾਂ ਨੂੰ ਸਕੱਤਰੇਤਾਂ ਵਿਚ ਕੰਮ ਧੰਦਿਆਂ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ| ਇਨ੍ਹਾਂ ਦਾਖਲਾ ਪਾਸਾਂ ਨਾਲ ਸੂਬੇ ਦੇ ਸਰਕਾਰੀ ਦਫ਼ਤਰਾਂ ਵਿਚ ਨਿਰਵਿਘਨ ਐਂਟਰੀ ਹੋਵੇਗੀ| ਚੇਤੇ ਰਹੇ ਕਿ ਪਹਿਲਾਂ ਚੰਡੀਗੜ੍ਹ ਦੇ ਸਿਵਲ ਸਕੱਤਰੇਤਾਂ ’ਚ ਦਾਖ਼ਲੇ ਲਈ ਲੋਕਾਂ ਨੂੰ ਕਾਫ਼ੀ ਖੱਜਲ ਹੋਣਾ ਪੈਂਦਾ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿੱਚ 500 ਤੋਂ ਵੱਧ ਥਾਵਾਂ ’ਤੇ ਸੜਕਾਂ ਜਾਮ ਰਹੀਆਂ
Next articleਹਰਿਆਣਾ ਵਿੱਚ ‘ਭਾਰਤ ਬੰਦ’ ਦਾ ਮੁਕੰਮਲ ਅਸਰ