ਸਰਕਾਰ ਨੇ ਮੈਨੂੰ ਝੂਠੇ ਕੇਸ ’ਚ ਫਸਾਉਣ ਦੀ ਸਾਜ਼ਿਸ਼ ਘੜੀ: ਮਜੀਠੀਆ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਦੀ ਸਾਜਿਸ਼ ਦਾ ਪਰਦਾਫਾਸ਼ ਹੋ ਗਿਆ ਹੈ। ਪੇਸ਼ਗੀ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਮੀਡੀਆ ਨਾਲ ਰੁਬਰੂ ਹੋਏ ਸਾਬਕਾ ਮੰਤਰੀ ਨੇ ਕਿਹਾ ਕਿ ਭਾਵੇਂ ਕਾਗਰਸ ਸਰਕਾਰ ਨੇ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਵਾਸਤੇ ਸਾਜ਼ਿਸ਼ਾਂ ਰਚੀਆਂ, ਧਮਕੀਆਂ ਦਿੱਤੀਆਂ ਤੇ ਲਾਲਚ ਵੀ ਦਿੱਤੇ ਪਰ ਸਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਅਜਿਹੇ ਪੁਲੀਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮੁੱਖ ਮੰਤਰੀ ਚੰਨੀ ਦੀਆਂ ਗੈਰਕਾਨੂੰਨੀ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਤੇ ਸਰਕਾਰ ਦੇ ਗੈਰਕਾਨੂੰਨੀ ਹੁਕਮ ਮੰਨਣ ਦੀ ਥਾਂ ਆਪਣੇ ਅਹੁਦੇ ਛੱਡ ਦੇਣ ਨੂੰ ਤਰਜੀਹ ਦਿੱਤੀ। ਉਨ੍ਹਾਂ ਕਾਂਗਰਸ ਸਰਕਾਰ ਦੇ ਸੀਨੀਅਰ ਮੰਤਰੀਆਂ ਅਤੇ ਭਾਜਪਾ, ‘ਆਪ’ ਦੇ ਸੀਨੀਅਰ ਆਗੂਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਨਿਆ ਕਿ ਸਰਕਾਰ ਨੇ ਝੂਠਾ ਮਾਮਲਾ ਦਰਜ ਕੀਤਾ ਹੈ।

ਸ੍ਰੀ ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਾਂਗਰਸ ਸਰਕਾਰ ਦੀ ਬਦਲਾਖੋਰੀ ਕਾਰਨ ਬਹੁਤ ਸੰਤਾਪ ਹੰਢਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ’ਚ ਕਦੇ ਵੀ ਇੰਨੇ ਥੋੜ੍ਹੇ ਸਮੇਂ ’ਚ ਤਿੰਨ ਡੀਜੀਪੀ ਤੇ ਬਿਊਰੋ ਆਫ ਇਨਵੈਸਟੀਗੇਸ਼ਨ (ਬੀਓਆਈ) ਦੇ ਚਾਰ ਡਾਇਰੈਕਟਰ ਬਦਲੇ ਨਹੀਂ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਝੂਠੇ ਕੇਸ ਵਿਚ ਫਸਾਉਣ ਵਾਸਤੇ ਰੋਜ਼ਾਨਾ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਤਾਂ ਖਿੱਤੇ ’ਚ ਨਸ਼ੇ ਦੇ ਮਾਮਲੇ ’ਤੇ ਪੀਆਈਐੱਲ (ਜਨਤਕ ਹਿੱਤ ਪਟੀਸ਼ਨ) ਦੀ ਸੁਣਵਾਈ ਤੋਂ ਵੀ ਭੱਜ ਗਏ ਤੇ ਉਸ ਖ਼ਿਲਾਫ਼ ਝੂਠਾ ਕੇਸ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਹੁਕਮਾਂ ’ਤੇ ਦਰਜ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਪੁਲੀਸ ਫੋਰਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਉਦੋਂ ਵੇਖਣ ਨੂੰ ਮਿਲਿਆ ਜਦੋਂ ਇਸੇ ਡੀਜੀਪੀ ਚਟੋਪਾਧਿਆਏ ਨੇ ਹਾਲ ਹੀ ਵਿੱਚ ਫਿਰੋਜ਼ਪੁਰ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨਾਲ ਸਮਝੌਤਾ ਕਰਦਿਆਂ ਹਰੀ ਝੰਡੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਤੋਂ ਗਿਣੀ ਮਿਥੀ ਸਾਜ਼ਿਸ਼ ਸੀ ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਰਚੀ ਗਈ। ਸ੍ਰੀ ਮਜੀਠੀਆ ਨੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਨੂੰ ਅਣਡਿੱਠ ਕਰਨ ਅਤੇ ਇਸ ਦੀ ਜ਼ਿੰਮੇਵਾਰੀ ਚੁੱਕਣ ਤੋਂ ਵੀ ਨਾਂਹ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਦੇਖਿਆ ਗਿਆ ਹੈ ਕਿ ਕਿਵੇੇਂ ਜਿਹੜੇ ਵਿਅਕਤੀ ਹਾਰ ਪਾਉਣ ਆਏ ਸਨ, ਉਨ੍ਹਾਂ ਨੇ ਹੀ ਸਾਬਕਾ ਪ੍ਰਧਾਨ ਮੰਤੀਰ ਰਾਜੀਵ ਗਾਂਧੀ ਦੀ ਹੱਤਿਆ ਕਰ ਦਿੱਤੀ ਸੀ।

ਮਜੀਠੀਆ ਨੇ ਕਿਹਾ ਕਿ ਉਹ ਹਮੇਸ਼ਾ ਅਦਾਲਤਾਂ ਦੇ ਹੁਕਮਾਂ ਤੇ ਨਿਆਂਇਕ ਪ੍ਰਕਿਰਿਆ ਅਨੁਸਾਰ ਚਲਦੇ ਆਏ ਹਨ ਤੇ ਚਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ ਤੇ ਉਸ ਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਕੇਸ ਵਿੱਚ ਵੀ ਹੋਵੇਗੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਮੁਹਾਲੀ ਤੱਕ ਇਨਸਾਫ ਮਾਰਚ
Next articleIsrael shortens quarantine period for Covid-infected people to 7 days