ਸਰਕਾਰ ਸੰਸਦ ’ਚ ਵੱਖ ਵੱਖ ਮੁੱਦਿਆਂ ’ਤੇ ਉਸਾਰੂ ਚਰਚਾ ਨੂੰ ਤਿਆਰ

ਨਵੀਂ ਦਿੱਲੀ, (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਅੱਜ ਸੱਦੀ ਸਰਬ-ਪਾਰਟੀ ਮੀਟਿੰਗ ’ਚ ਕਿਹਾ ਕਿ ਸਰਕਾਰ ਸੰਸਦ ’ਚ ਵੱਖ ਵੱਖ ਮੁੱਦਿਆਂ ’ਤੇ ਉਸਾਰੂ ਤੇ ਸਾਰਥਿਕ ਚਰਚਾ ਲਈ ਤਿਆਰ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ’ਚ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਸਦਨ ’ਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਕਿਹਾ ਕਿ ਸਰਕਾਰ ਨਿਯਮਾਂ ਤੇ ਪ੍ਰਕਿਰਿਆ ਤਹਿਤ ਚੁੱਕੇ ਗਏ ਮੁੱਦਿਆਂ ’ਤੇ ਉਸਾਰੂ ਤੇ ਸਾਰਥਿਕ ਬਹਿਸ ਲਈ ਤਿਆਰ ਹੈ।

ਸਰਬ-ਪਾਰਟੀ ਮੀਟਿੰਗ ’ਚ 33 ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕ ਨੁਮਾਇੰਦਿਆਂ ਤੇ ਖਾਸ ਤੌਰ ’ਤੇ ਵਿਰੋਧੀ ਧਿਰ ਦੇ ਸੁਝਾਅ ਕੀਮਤੀ ਹਨ ਕਿਉਂਕਿ ਉਹ ਚਰਚਾ ਨੂੰ ਮੁੱਲਵਾਨ ਬਣਾਉਂਦੇ ਹਨ। ਇਹ ਸਰਬ-ਪਾਰਟੀ ਮੀਟਿੰਗ ਸੰਸਦ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਹੋਈ ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਦਨ ’ਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ’ਚ ਪ੍ਰਧਾਨ ਮਤਰੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਤੇ ਰਾਜ ਸਭਾ ’ਚ ਸਦਨ ਦੇ ਆਗੂ ਪਿਊਸ਼ ਗੋਇਲ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਸ਼ਾਮਲ ਹੋਏ।

ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਵੀ ਮੀਟਿੰਗ ’ਚ ਸ਼ਾਮਲ ਹੋਏ। ਮੀਟਿੰਗ ’ਚ ਟੀਐੱਮਸੀ ਆਗੂ ਡੈਰੇਕ ਓ’ਬਰਾਇਨ, ਡੀਐੱਮਕੇ ਦੇ ਤਿਰੁਚੀ ਸ਼ਿਵਾ, ਸਮਾਜਵਾਦੀ ਪਾਰਟੀ ਦੇ ਆਗੂ ਰਾਮ ਗੋਪਾਲ ਯਾਦਵ, ਬਸਪਾ ਆਗੂ ਸਤੀਸ਼ ਮਿਸ਼ਰਾ, ਐੱਨਡੀਏ ਦੀ ਭਾਈਵਾਲ ਅਪਨਾ ਦਲ ਦੀ ਆਗੂ ਅਨੂਪ੍ਰਿਆ ਪਟੇਲ ਤੇ ਲੋਕ ਜਨ ਸ਼ਕਤੀ ਪਾਰਟੀ ਦੇ ਆਗੂ ਪਸ਼ੂਪਤੀ ਪਾਰਸ ਵੀ ਹਾਜ਼ਰ ਸਨ। ਸੰਸਦ ਦਾ ਮੌਨਸੂਨ ਸੈਸ਼ਨ ਭਲਕੇ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਤੇ ਇਹ 13 ਅਗਸਤ ਨੂੰ ਸਮਾਪਤ ਹੋਵੇਗਾ। ਇਸ ਮੌਨਸੂਨ ਸੈਸ਼ਨ ’ਚ 31 ਬਿੱਲ ਪੇਸ਼ ਕੀਤੇ ਜਾਣਗੇ ਜਿਨ੍ਹਾਂ ’ਚ ਦੋ ਵਿੱਤ ਨਾਲ ਸਬੰਧਤ ਹਨ। ਇਨ੍ਹਾਂ ’ਚ ਛੇ ਆਰਡੀਨੈਂਸ ਨਾਲ ਸਬੰਧਤ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਧਾਨ ਮੰਤਰੀ ਦੇ ਸੰਸਦ ਦੇ ਬਾਹਰ ਸੰਬੋਧਨ ਦੀ ਪੇਸ਼ਕਸ਼ ਵਿਰੋਧੀ ਧਿਰਾਂ ਵੱਲੋਂ ਰੱਦ
Next articleਐੱਨਡੀਏ ਦੇ ਭਾਈਵਾਲਾਂ ਦੀ ਮੀਟਿੰਗ