ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) : ਪੰਜਾਬ ਦੇ ਕਈ ਜਿਲਿ੍ਹਆ ਵਿੱਚ ਆਏ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ, ਜਿਸ ਦੇ ਰੋਸ਼ ਵੱਲੋਂ ਅੱਜ ਐਸਡੀਐਮ ਦਫਤਰ ਰਾਏਕੋਟ ਵਿਖੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਰੋਸ਼ ਪ੍ਰਦਰਸਨ ਕੀਤਾ ਗਿਆ ਅਤੇ ਹੜ੍ਹ ਪੀੜਤ ਲੋਕਾਂ ਨੂੰ ਮੁਆਵਜਾ ਦੇਣ ਦੀ ਮੰਗ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਐਸਡੀਐਮ ਰਾਏਕੋਟ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਮੀਤ ਪ੍ਰਧਾਨ ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਨੇ ਦੱਸਿਆ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਜਿਲਿ੍ਹਆ ਵਿੱਚ ਹੜ੍ਹ ਆਉਣ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ, ਜਿਸ ਵਿੱਚ ਜਿੱਥੇ ਲੋਕਾਂ ਦੇ ਮਕਾਨ, ਦੁਕਾਨਾਂ, ਪਸ਼ੂਆਂ ਅਤੇ ਫਸਲਾਂ ਨੂੰ ਵੱਡੀ ਮਾਰ ਪਈ ਹੈ, ਉੱਥੇ 50 ਤੋਂ ਵਧੇਰੇ ਲੋਕਾਂ ਦੀ ਜਾਨ ਵੀ ਗਈ ਹੈ। ਉਨ੍ਹਾਂ ਕਿਹਾ ਕਿ ਮੌਕੇ ਦੀਆਂ ਸਰਕਾਰਾਂ ਨੇ ਹੜ੍ਹਾਂ ਨੂੰ ਰੋਕਣ ਲਈ ਅਗਰ ਪਹਿਲਾਂ ਕੋਈ ਪ੍ਰਬੰਧ ਕੀਤੇ ਹੁੰਦੇ ਤਾਂ ਪੰਜਾਬ ਦੇ ਲੋਕਾਂ ਦਾ ਐਨਾ ਵੱਡਾ ਨੁਕਸਾਨ ਨਾ ਹੁੰਦਾ, ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਹੜ੍ਹ ਆਉਣ ਤੋਂ ਬਾਅਦ ਵੀ ਲੋੜੀਂਦੇ ਪ੍ਰਬੰਧ ਕਰਨ ਵਿੱਚ ਕੋਈ ਤੇਜੀ ਨਹੀਂ ਦਿਖਾਈ, ਜਿਸ ਦਾ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪਿਆ ਹੈ। ਹਰਪਾਲ ਸਿੰਘ ਨੇ ਮੰਗ ਕੀਤੀ ਕਿ ਹੜ੍ਹਾਂ ਕਾਰਨ ਜਿੱਥੇ ਕਈ ਲੋਕਾਂ ਦੀ ਮੌਤ ਹੋਈ ਹੈ, ਉੱਥੇ ਲੱਖਾਂ ਏਕੜ ਫਸਲ, ਹਜ਼ਾਰਾਂ ਘਰ ਅਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ। ਇਸ ਲਈ ਇੰਨ੍ਹਾਂ ਹੜ੍ਹਾਂ ਨੂੰ ਸਰਕਾਰ ਕੌਮੀ ਆਫਤ ਐਲਾਨੇ ਅਤੇ ਕੌਮੀ ਆਫਤ ਫੰਡ ਜਾਰੀ ਕਰਕੇ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਕਾਰਜ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 25 ਲੱਖ, ਮਜ਼ਦਰਾਂ ਦੇ ਤਬਾਹ ਹੋਏ ਘਰਾਂ ਲਈ 15 ਲੱਖ, ਬਾਲੇ ਗਾਡਰਾਂ ਵਾਲੀਆਂ ਛੱਤਾਂ ਬਦਲਣ ਲਈ 5 ਲੱਖ ਦੀ ਗ੍ਰਾਂਟ ਜਾਰੀ ਕਰੇ, ਇਸ ਤੋਂ ਇਲਾਵਾ ਮਰੇ ਪਸ਼ੂਆਂ ਲਈ ਇੱਕ ਲੱਖ ਅਤੇ ਫਸਲਾਂ ਦੇ ਨੁਕਸਾਨ ਦਾ 100 ਫੀਸਦੀ ਮੁਆਵਜਾ ਜਾਰੀ ਕਰੇ। ਪੀੜਤ ਲੋਕਾਂ ਦਾ ਸਾਰਾ ਕਰਜਾ ਮੁਆਫ ਕੀਤਾ ਜਾਵੇ।ਮਜ਼ਦੂਰ ਆਗੂ ਹਰਪਾਲ ਸਿੰਘ ਨੇ ਇਹ ਵੀ ਮੰਗ ਕੀਤੀ ਕਿ ਪਾਣੀ ਜਾਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਡਰ ਹੈ, ਜਿਸ ਲਈ ਦਵਾਈਆਂ ਅਤੇ ਡਾਕਟਰਾਂ ਦੀਆਂ ਟੀਮਾਂ ਤੈਨਾਤ ਕਰਨ ਦਾ ਅਗਾਊ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਰਿਆਵਾਂ, ਨਹਿਰਾਂ ਦੇ ਕੰਢਿਆਂ ਅਤੇ ਫਲੱਡ ਗੇਟਾਂ ਦੇ ਪੁਰਾਣੇ ਜਰਜ਼ਰੇ ਹੋ ਚੁੱਕੇ ਢਾਂਚਿਆਂ ਨੂੰ ਨਵਿਆਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਉਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਬਲਵਿੰਦਰ ਸਿੰਘਢ, ਓਮ ਪ੍ਰਕਾਸ਼ ਅਕਾਲਗੜ੍ਹ, ਕਰਨੈਲ ਸਿੰਘ ਜਲਾਲਦੀਵਾਲ, ਲਖਵੀਰ ਸਿੰਘ, ਬਲਵੀਰ ਸਿੰਘ, ਮੁਖਤਿਆਰ ਸਿੰਘ, ਸ਼ਿਆਮ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਮੌਕੇ ਦੀਆਂ ਸਰਕਾਰਾਂ ਨੇ ਹੜ੍ਹਾਂ ਨੂੰ ਰੋਕਣ ਲਈ ਅਗਰ ਪਹਿਲਾਂ ਕੋਈ ਪ੍ਰਬੰਧ ਕੀਤੇ ਹੁੰਦੇ ਤਾਂ ਪੰਜਾਬ ਦੇ ਲੋਕਾਂ ਦਾ ਐਨਾ ਵੱਡਾ ਨੁਕਸਾਨ ਨਾ ਹੁੰਦਾ
ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਰੋਸ਼ ਪ੍ਰਦਰਸਨ ਕੀਤਾ ਗਿਆ
ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਐਸਡੀਐਮ ਰਾਏਕੋਟ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


