ਦਾਖ਼ਲਿਆਂ ਦਾ ਮਹਾਂ-ਅਭਿਆਨ, ਕਪੂਰਥਲਾ ਜ਼ਿਲ੍ਹੇ ਨੇ ਸਿਰਜਿਆ ਇਤਿਹਾਸ

ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਕਰਮਚਾਰੀ ਨਵੇਂ ਦਾਖਲੇ ਸਬੰਧੀ ਸਾਰਾ ਦਿਨ ਰਹੇ ਪੱਬਾਂ ਭਾਰ

ਇੱਕ ਦਿਨ ਵਿੱਚ ਕਪੂਰਥਲਾ ਅੰਦਰ ਸਰਕਾਰੀ ਸਕੂਲਾਂ ਵਿੱਚ 2816 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲ੍ਹਾ ਕਪੂਰਥਲਾ ਦੇ ਮਾਪਿਆਂ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਸਬੰਧੀ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ 2816 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰਾਂ ਨੇ ਘੱਟੋ- ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।

ਇਸ ਸਬੰਧੀ ਜ਼ਿਲਾ ਸਿੱਖਿਆ ਅਫਸਰ (ਸ) ਕਪੂਰਥਲਾ ਦਲਜੀਤ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਪੂਰਥਲਾ ਜ਼ਿਲ੍ਹੇ ਨੂੰ ਇੱਕ ਦਿਨ ਵਿੱਚ 2552 ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟਾਰਗੈੱਟ ਦਿੱਤਾ ਗਿਆ ਸੀ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 2816 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲ੍ਹਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਸਵੇਰੇ 7 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਵੱਖ ਵੱਖ ਜਮਾਤਾਂ ਵਿੱਚ ਬੱਚੇ ਦਾਖਲ ਕੀਤੇ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨੌ ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਬਹੁਤ ਸਾਰੇ ਅਧਿਆਪਕਾਂ ਨੇ ਦੁਕਾਨਾਂ, ਝੁੱਗੀਆਂ ਝੌਂਪੜੀਆਂ, ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ।

ਉਹਨਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਵਿਭਾਗ ਵਿੱਚ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ‘ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ। ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਮੈਡਮ ਦਲਜੀਤ ਕੌਰ ਅਤੇ ਬਿਕਰਮਜੀਤ ਸਿੰਘ ਥਿੰਦ ਸਟੇਟ ਐਵਾਰਡੀ ਦੀ ਅਗਵਾਈ ਵਿੱਚ ਸਮੂਹ ਬੀ.ਐੱਨ.ਓਜ਼, ਸਕੂਲ ਮੁਖੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਇਸ ਮੁਹਿੰਮ ਨੂੰ ਉਸ ਸਮੇਂ ਸਿਖਰਾਂ ਤੇ ਪਹੁੰਚਾ ਦਿੱਤਾ ਗਿਆ ਅਤੇ ਦਿੱਤੇ ਹੋਏ ਟਾਰਗੈੱਟ ਤੋਂ 10.34 ਫ਼ੀਸਦੀ ਵੱਧ ਵਿਦਿਆਰਥੀ ਦਾਖਲ ਕਰ ਕੇ ਸੂਬੇ ਵਿੱਚ ਛੇਵਾਂ ਸਥਾਨ ਪ੍ਰਾਪਤ ਕੀਤਾ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕਪੂਰਥਲਾ ਜ਼ਿਲ੍ਹੇ ਦੀ ਇਸ ਬੇਮਿਸਾਲ ਪ੍ਰਾਪਤੀ ਲਈ ਸਿੱਖਿਆ ਅਧਿਕਾਰੀਆਂ ਅਤੇ ਪੂਰੀ ਟੀਮ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleDespite nationwide protest, French Senate passes pension reform bill
Next articleਫਾਲਕਨ ਇੰਟਰਨੈਸ਼ਨਲ ਸਕੂਲ ‘ਚ ਧਾਰਮਿਕ ਸਮਾਗਮ ਨਾਲ ਨਵੇਂ ਵਿਦਿਅਕ ਸ਼ੈਸਨ ਦਾ ਆਗਾਜ਼