HOME ਬਰੈਡਫੋਰਡ ‘ਚ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ, ਹਜ਼ਾਰਾਂ ਸੰਗਤਾਂ ਦੀ...

ਬਰੈਡਫੋਰਡ ‘ਚ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਨਗਰ ਕੀਰਤਨ, ਹਜ਼ਾਰਾਂ ਸੰਗਤਾਂ ਦੀ ਸ਼ਮੂਲੀਅਤ ਨਾਲ ਗੂੰਜਿਆ ਸਹਿਰ

2
ਕੈਪਸਨ :- ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਅਤੇ ਪਾਲਕੀ ਸਾਹਿਬ ਦਾ ਦ੍ਰਿਸ਼! ਤਸਵੀਰਾਂ :-ਸੁਖਜਿੰਦਰ ਸਿੰਘ ਢੱਡੇ
ਲੈਸਟਰ (ਇੰਗਲੈਂਡ),  (ਸਮਾਜ ਵੀਕਲੀ)   (ਸੁਖਜਿੰਦਰ ਸਿੰਘ ਢੱਡੇ)– ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਦਿਆਂ ਬਰੈਡਫੋਰਡ ਦੀ ਸਿੱਖ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਪੂਰੇ ਸਹਿਰ ਨੂੰ ਗੁਰਬਾਣੀ ਦੇ ਰੰਗ ਵਿੱਚ ਰੰਗ ਦਿੱਤਾ। ਨਗਰ ਕੀਰਤਨ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ, ਜਿੱਥੇ ਪਹਿਲਾਂ ਅਰਦਾਸ ਉਪਰੰਤ ਪੰਜ ਪਿਆਰੇਆਂ ਦੀ ਅਗਵਾਈ ਹੇਠ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤ੍ਰਛਾਇਆ ਹੇਠ ਨਗਰ ਕੀਰਤਨ ਰਵਾਨਾ ਹੋਇਆ। ਰਸਤੇ ਦੌਰਾਨ ਸੰਗਤਾਂ ਵੱਲੋਂ ਵਾਹਿਗੁਰੂ ਦੇ ਜਾਪ, ਕੀਰਤਨ ਅਤੇ ਸਿਮਰਨ ਰਾਹੀਂ ਭਗਤੀਮਈ ਮਾਹੌਲ ਬਣਾਇਆ ਗਿਆ, ਜਿਸ ਨਾਲ ਸਹਿਰ ਦੀਆਂ ਗਲੀਆਂ ਗੁਰਬਾਣੀ ਦੀਆਂ ਧੁਨਾਂ ਨਾਲ ਗੂੰਜਦੀਆਂ ਰਹੀਆਂ। ਨਗਰ ਕੀਰਤਨ ਦੌਰਾਨ ਸਹਿਰ ਦੇ ਪੰਜ ਵੱਖ-ਵੱਖ ਗੁਰੂਘਰਾਂ ‘ਤੇ ਪੜਾਅ ਕੀਤੇ ਗਏ, ਜਿੱਥੇ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ ਗਈਆਂ। ਹਰ ਪੜਾਅ ‘ਤੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਪੂਰ ਸਵਾਗਤ ਕੀਤਾ ਗਿਆ ਅਤੇ ਲੰਗਰਾਂ ਦਾ ਵਿਸ਼ਾਲ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਦੀ ਵਿਸ਼ੇਸ਼ ਰੌਣਕ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਗਤਕਾ ਪਾਰਟੀਆਂ ਵੱਲੋਂ ਰਵਾਇਤੀ ਹਥਿਆਰਾਂ ਨਾਲ ਦਿਲਚਸਪ ਅਤੇ ਰੋਮਾਂਚਕ ਜੌਹਰ ਵਿਖਾਏ ਗਏ। ਨੌਜਵਾਨਾਂ ਅਤੇ ਬੱਚਿਆਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਸਿੱਖੀ ਨਾਲ ਆਪਣੀ ਲਗਨ ਦਰਸਾਈ ਗਈ। ਇਸ ਦੇ ਨਾਲ ਹੀ ਵੱਖ-ਵੱਖ ਝਾਕੀਆਂ ਰਾਹੀਂ ਸਿੱਖ ਇਤਿਹਾਸ ਦੇ ਮਹੱਤਵਪੂਰਨ ਪੱਖਾਂ ਨੂੰ ਦਰਸਾਇਆ ਗਿਆ, ਜਿਸ ਨਾਲ ਨਵੀਂ ਪੀੜ੍ਹੀ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਨ ਦਾ ਯਤਨ ਕੀਤਾ ਗਿਆ। ਸਮਾਗਮ ਦੌਰਾਨ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਰਸਤੇ ਵਿੱਚ ਹੀ ਲੰਗਰ, ਚਾਹ, ਪਾਣੀ ਅਤੇ ਹੋਰ ਸੇਵਾਵਾਂ ਦਾ ਵਿਸ਼ਾਲ ਪ੍ਰਬੰਧ ਕੀਤਾ ਗਿਆ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਵੀ ਪੂਰੀ ਸਹਿਯੋਗ ਦਿੱਤਾ ਗਿਆ, ਜਿਸ ਨਾਲ ਨਗਰ ਕੀਰਤਨ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ। ਇਹ ਨਗਰ ਕੀਰਤਨ ਸਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਗੁਜ਼ਰਦਾ ਹੋਇਆ ਮੁੜ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ, ਜਿੱਥੇ ਅੰਤਿਮ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਲੰਗਰ ਛਕਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਦਾ ਮੁੱਖ ਮੰਤਵ ਖਾਲਸਾ ਪੰਥ ਦੀ ਸਿਰਜਣਾ ਦੀ ਯਾਦ ਤਾਜ਼ਾ ਕਰਨਾ, ਸਿੱਖੀ ਦੇ ਉੱਚ ਆਦਰਸ਼ਾਂ ਨੂੰ ਪ੍ਰਚਾਰਿਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨਾ ਸੀ। ਇਸ ਮੌਕੇ ਸੰਗਤਾਂ ਵੱਲੋਂ ਭਰਪੂਰ ਉਤਸ਼ਾਹ ਦਿਖਾਇਆ ਗਿਆ ਅਤੇ ਪ੍ਰਬੰਧਕਾਂ ਨੇ ਆਸ ਜਤਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਹੋਰ ਵੱਡੇ ਪੱਧਰ ‘ਤੇ ਕਰਵਾਏ ਜਾਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰਾਮਗੜ੍ਹੀਆ ਗੁਰਦੁਆਰਾ ਬਲਾਚੌਰ ‘ਚ ਸਜਾਇਆ ਸ਼ਾਨਦਾਰ ਨਗਰ ਕੀਰਤਨ
Next articleSAMAJ WEEKLY = 20/04/2026