ਚੰਡੀਗੜ੍ਹ (ਸਮਾਜ ਵੀਕਲੀ): ਭਾਜਪਾ ਨੇ ਦੋਸ਼ ਲਾਇਆ ਹੈ ਕਿ ਕਿਸਾਨ ਅੰਦੋਲਨ ਦੇ ਬਹਾਨੇ ਗੈਰ-ਸਮਾਜਿਕ ਤੱਤਾਂ ਵੱਲੋਂ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠਲੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਦਿੱਤੇ ਮੰਗ ਪੱਤਰ ’ਚ ਕਿਹਾ ਕਿ ਭਾਜਪਾ ਆਗੂਆਂ ’ਤੇ ਹਮਲੇ ਕੀਤੇ ਜਾ ਰਹੇ ਹਨ, ਦਫ਼ਤਰਾਂ ਦੀ ਭੰਨ-ਤੋੜ ਕੀਤੀ ਜਾ ਰਹੀ ਹੈ ਤੇ ਨਿੱਜੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਸ੍ਰੀ ਸ਼ਰਮਾ ਨੇ ਰਾਜਪਾਲ ਨੂੰ ਖੇਤੀਬਾੜੀ ਕਾਨੂੰਨਾਂ ਦੀ ਆੜ ਵਿੱਚ ਕਾਤਲਾਨਾ ਹਮਲੇ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਡੀਜੀਪੀ ਪੰਜਾਬ ਨੂੰ ਹਦਾਇਤਾਂ ਜਾਰੀ ਕਰਨ ਲਈ ਮੰਗ ਪੱਤਰ ਦਿੱਤਾ।
ਇਸ ਮੌਕੇ ਸ੍ਰੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਪੰਜਾਬ ਵਿੱਚ ਭਾਜਪਾ ਦੇ ਦਿੱਗਜ ਆਗੂਆਂ ਅਤੇ ਵਰਕਰਾਂ ’ਤੇ ਪੁਲੀਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕਿਸਾਨਾਂ ਦੇ ਵਿਰੋਧ ਦੀ ਆੜ ’ਚ ਸਮਾਜ ਵਿਰੋਧੀ ਅਨਸਰਾਂ ਵਲੋਂ ਕਾਤਲਾਨਾ ਹਮਲੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ ਜੋ ਸਪੱਸ਼ਟ ਤੌਰ ’ਤੇ ਦਰਸਾਉਂਦਾ ਹੈ ਕਿ ਇਨ੍ਹਾਂ ਘਟਨਾਵਾਂ ਵਿੱਚ ਪੁਲੀਸ ਦੀ ਸਮਾਜ-ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਹੈ।
ਪੁਲੀਸ ਦੇ ਸਰਗਰਮ ਸਹਿਯੋਗ ਕਾਰਨ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਸੱਤਾਧਾਰੀ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂ ਮੌਜੂਦਾ ਹਾਲਾਤ ਵਿੱਚ ਆਪਣੇ ਰਾਜਨੀਤਕ ਲਾਭ ਲਈ ਅਜਿਹੀ ਹਿੰਸਾ ਅਤੇ ਧਮਕੀਆਂ ਦਾ ਸਹਾਰਾ ਲੈ ਰਹੇ ਹਨ। ਅਜਿਹੀ ਸਥਿਤੀ ਵਿੱਚ ਸੂਬੇ ਦਾ ਕੋਈ ਵੀ ਵਸਨੀਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ 2 ਜੁਲਾਈ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਧਨੌਲਾ ਵਿੱਚ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦੀ ਖੇਤੀ ਵਾਲੀ ਜ਼ਮੀਨ ਵਿੱਚ ਲਾਏ ਗਏ ਝੋਨੇ ਦੀ ਫ਼ਸਲ ਨੂੰ ਨਸ਼ਟ ਕਰ ਦਿੱਤਾ ਗਿਆ ਤੇ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਦੱਸਿਆ ਕਿ ਮੁਕਤਸਰ ਦੇ ਮਲੋਟ ਵਿੱਚ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ ਅਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਸ ਸਬੰਧ ਵਿੱਚ ਡੀਜੀਪੀ ਪੰਜਾਬ ਨੂੰ ਵੀ ਸ਼ਿਕਾਇਤ ਦਿੱਤੀ ਗਈ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly