“ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕ ।।”
ਬਰਜਿੰਦਰ ਕੌਰ ਬਿਸਰਾਓ
(ਸਮਾਜ ਵੀਕਲੀ) ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਹਿੰਦੂ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਉਸ ਸਮੇਂ ਮੁਗਲ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ ਸੀ। ਇਤਿਹਾਸ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਇੱਕ ਅਦੁੱਤੀ ਸ਼ਹੀਦੀ ਵਜੋਂ ਜਾਣਿਆ ਜਾਂਦਾ ਹੈ ਉਹਨਾਂ ਦੀ ਸ਼ਹਾਦਤ ਕੋਈ ਆਮ ਸ਼ਹਾਦਤ ਨਹੀਂ ਸੀ ਸਗੋਂ ਕੱਟੜਵਾਦੀ ਕਦਰਾਂ-ਕੀਮਤਾਂ ਤੋਂ ਉੱਪਰ ਉੱਠ ਕੇ ਧਾਰਮਿਕ ਅਜ਼ਾਦੀ ਅਤੇ ਮਨੁੱਖਤਾ ਦੀ ਭਲਾਈ ਹਿੱਤ ਦਿੱਤੀ ਗਈ ਸ਼ਹਾਦਤ ਹੈ। ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਮਿਸਾਲ ਦੁਨੀਆ ਦੇ ਕਿਸੇ ਇਤਿਹਾਸ ਵਿੱਚ ਨਹੀਂ ਮਿਲਦੀ ।
ਗੁਰੂ ਤੇਗ ਬਹਾਦਰ ਜੀ ਦਾ ਜਨਮ ਅਠਾਰਾਂ ਅਪ੍ਰੈਲ 1622 ਈ. ਨੂੰ ਅੰਮ੍ਰਿਤਸਰ ਵਿਖੇ ਗੁਰੂ ਕਾ ਮਹੱਲ ਵਿੱਚ ਹੋਇਆ। ਆਪ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਦੇ ਸਭ ਤੋਂ ਛੋਟੇ ਸਪੁੱਤਰ ਸਨ। ਬਚਪਨ ਦਾ ਨਾਮ ਤਿਆਗ ਮੱਲ ਸੀ। 1635 ਵਿੱਚ ਕਰਤਾਰਪੁਰ ਦੀ ਲੜਾਈ ਵਿੱਚ ਗੁਰੂ ਹਰਗੋਬਿੰਦ ਜੀ ਨੇ ਇਨ੍ਹਾਂ ਦੀ ਬਹਾਦਰੀ ਨੂੰ ਵੇਖਦਿਆਂ ਆਪ ਦਾ ਨਾਮ ਤੇਗ ਬਹਾਦਰ ਰੱਖ ਦਿੱਤਾ। ਜਿਸਦਾ ਅਰਥ ਤਲਵਾਰ ਦਾ ਧਨੀ ਹੈ।ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ। ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ । ਆਪ ਜੀ ਦੀ ਮਾਤਾ ਦਾ ਨਾਂ ਨਾਨਕੀ ਸੀ। ਪਿਤਾ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿੱਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ, ਵਿਦਵਾਨ ,ਸੂਰਬੀਰ , ਸ਼ਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ।ਗੁਰੂ ਹਰ ਗੋਬਿੰਦ ਸਾਹਿਬ ਨੇ ਉਹਨਾਂ ਨੂੰ ਬਾਬਾ ਬੁੱਢਾ ਅਤੇ ਭਾਈ ਗੁਰਦਾਸ ਦੀ ਦੇਖ ਰੇਖ ਵਿੱਚ ਪੜ੍ਹਾਈ ਲਈ ਛੱਡ ਦਿੱਤਾ। ਜਿਹਨਾਂ ਨੇ ਸਿੱਖਿਆ ਦੇ ਨਾਲ-ਨਾਲ ਤੇਗ ਬਹਾਦਰ ਨੂੰ ਤੀਰ-ਅੰਦਾਜੀ, ਘੋੜ-ਸਵਾਰੀ ਤੇ ਲੜਾਈ ਦੇ ਗੁਰ ਵੀ ਸਮਝਾਏ। ਗੁਰੂ ਤੇਗ ਬਹਾਦਰ ਨੂੰ ਪੁਰਾਣੀਆਂ ਸਾਖੀਆਂ ਅਤੇ ਗੁਰਬਾਣੀ ਵਿੱਚ ਵੀ ਨਿਪੁੰਨ ਕੀਤਾ ਗਿਆ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਜੋ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਿਲ ਹੈ, ਉਨ੍ਹਾਂ ਵਿੱਚ 15 ਰਾਗਾਂ ਦੇ 59 ਸ਼ਬਦ ਤੇ 57 ਸ਼ਲੋਕ ਹਨ। ਉਹਨਾਂ ਨੇ ਦੋਹਾਂ ਖੇਤਰਾਂ ਵਿੱਚ ਖ਼ਾਸ ਦਿਲਚਸਪੀ ਦਿਖਾਈ ਅਤੇ ਨਿਪੁੰਨਤਾ ਹਾਸਲ ਕੀਤੀ। ਗੁਰੂ ਤੇਗ ਬਹਾਦਰ ਦੇ ਬਕਾਲਾ ਰਹਿੰਦੇ ਸਮੇਂ ਹੀ ਸੱਤਵੇਂ ਗੁਰੂ ਹਰ ਰਾਇ ਅਤੇ ਅੱਠਵੇਂ ਗੁਰੂ ਹਰਕ੍ਰਿਸ਼ਨ ਜੀ ਨੂੰ ਗੁਰੂਆਈ ਮਿਲ ਚੁੱਕੀ ਸੀ ਪਰ ਗੁਰੂ ਤੇਗ ਬਹਾਦਰ ਜੀ ਨੇ ਗੁਰਗੱਦੀ ਲੈਣ ਵਿੱਚ ਵੀ ਕੋਈ ਉਤਸ਼ਾਹ ਨਹੀਂ ਦਿਖਾਇਆ। ਆਪ ਦਾ ਵਿਆਹ ਲਖਨੋਰੀ ਪਿੰਡ ਦੇ ਲਾਲਚੰਦ ਦੀ ਪੁੱਤਰੀ ਮਾਤਾ ਗੁਜਰੀ ਜੀ ਨਾਲ ਹੋਇਆ। ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 26 ਸਾਲ 9ਮਹੀਨੇ 13 ਦਿਨ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ ਸਨ। ਗੁਰੂ ਹਰਕ੍ਰਿਸ਼ਨ ਜੀ ਨੇ ਜੋਤੀ ਜੋਤ ਸਮੇਂ ਆਖਰੀ ਸ਼ਬਦ “ਬਾਬਾ ਬਕਾਲਾ” ਕਹੇ ਸਨ। ਜਿਸਦਾ ਅਰਥ ਅਗਲਾ ਗੁਰੂ ਦਾ ਬਾਬਾ ਬਕਾਲਾ ਵਿਖੇ ਹੋਣਾ ਸੀ। ਵਪਾਰੀ ਲੱਖੀ ਸ਼ਾਹ ਲੁਬਾਣਾ ਦਾ ਜਦੋਂ ਜਹਾਜ਼ ਡੁੱਬਦਾ ਸੀ ਤਾਂ ਉਸਨੇ ਅਰਦਾਸ ਕੀਤੀ ਕਿ ਉਹ ਗੁਰੂ ਜੀ ਦੇ ਚਰਨਾਂ ਵਿੱਚ 500 ਮੋਹਰਾਂ ਭੇਟ ਕਰੇਗਾ। ਜਦੋਂ ਲੱਖੀ ਸ਼ਾਹ ਲੁਬਾਣਾ ਬਾਬਾ ਬਕਾਲਾ ਵਿਖੇ ਪਹੁੰਚਿਆਂ ਤਾਂ ਉਸਨੇ 22 ਮੰਜੀਆਂ ਤੇ ਗੁਰੂ ਬੈਠੇ ਹੋਏ ਵੇਖੇ ਜਿਸ ਕਾਰਨ ਮੱਖਣ ਸ਼ਾਹ ਲੁਬਾਣਾ ਨੇ ਹਰ ਇੱਕ ਅੱਗੇ 2-2 ਮੋਹਰਾਂ ਰੱਖੀਆਂ ਜਦੋਂ ਤੇਗ ਬਹਾਦਰ ਜੀ ਕੋਲ ਪਹੁੰਚਿਆ ਤਾਂ ਉਨ੍ਹਾਂ ਬਾਕੀ ਮੋਹਰਾਂ ਦੀ ਮੰਗ ਕੀਤੀ। ਜਿਸ ਤੋਂ ਲੱਖੀ ਸ਼ਾਹ ਲੁਬਾਣਾ ਨੇ ਖੁਸ਼ ਹੋ ਕੇ ਕਿਹਾ ‘ਗੁਰੂ ਲਾਧੋ ਰੇ ਗੁਰੂ ਲਾਧੋ’ਗੁਰੂ ਮਿਲ ਗਿਆ ਹੈ। ਇਸ ਪ੍ਰਕਾਰ ਤੇਗ ਬਹਾਦਰ ਜੀ ਨੂੰ ਗੁਰੂ ਮੰਨ ਲਿਆ ਗਿਆ। ਗੁਰਗੱਦੀ ਤੇ ਬਿਰਾਜਮਾਨ ਹੋਣ ਤੋਂ ਬਾਅਦ ਧੀਰ ਮੱਲ ਅਤੇ ਪ੍ਰਿਥੀ ਚੰਦ ਦੀਆਂ ਸੰਤਾਨਾਂ ਦਾ ਵਿਰੋਧ ਸਹਿਣਾ ਪਿਆ।ਗੁਰਗੱਦੀ ਤੇ ਬੈਠਣ ਤੋਂ ਬਾਅਦ ਗੁਰੂ ਜੀ ਨੂੰ ਅੰਮ੍ਰਿਤਸਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਇਸ ਤਰ੍ਹਾਂ ਗੁਰੂ ਜੀ ਨੇ ਹਰਮਿੰਦਰ ਸਾਹਿਬ ਕੋਲ ਨਿਵਾਸ ਕੀਤਾ। ਜਿੱਥੇ ਗੁਰਦੁਆਰਾ ਥੜ੍ਹਾ ਸਾਹਿਬ ਬਣਾਇਆ ਗਿਆ। ਫਿਰ ਗੁਰੂ ਜੀ ਨੇ ਧਰਮ ਪ੍ਰਚਾਰ ਲਈ ਯਾਤਰਾਵਾਂ ਕਰਨੀਆਂ ਸ਼ੁਰੂ ਕੀਤੀਆਂ। ਸਭ ਤੋਂ ਪਹਿਲਾਂ ਅੰਮਿ੍ਤਸਰ ਵਿੱਚ ਘੁੱਕੇ ਵਾਲੀ ਗਏ ਜਿਥੇ ਕੁਦਰਤੀ ਸੁੰਦਰਤਾ ਬਹੁਤ ਸੀ ਜਿਸ ਤੋਂ ਖੁਸ਼ ਹੋ ਕੇ ਇਸਦਾ ਨਾਮ ‘ਗੁਰੂ ਕਾ ਬਾਗ’ ਰੱਖ ਦਿੱਤਾ। ਫਿਰ ਗੁਰੂ ਜੀ ਤਰਨਤਾਰਨ, ਖਡੂਰ ਸਾਹਿਬ, ਗੋਇੰਦਵਾਲ ਤੋਂ ਮਾਲਵਾ ਪਰਦੇਸ਼ ਦੇ ਇਲਾਕੇ ਤਲਵੰਡੀ ਸਾਬੋ, ਮੋੜ ਮੰਡੀ, ਮਹਿਸਰਖਾਨਾ ਆਦਿ ਥਾਵਾਂ ਤੇ ਗਏ। ਬਿਲਾਸਪੁਰ ਦੇ ਰਾਜੇ ਭੀਮ ਚੰਦ ਦੀ ਰਾਣੀ ਜਲਾਲ ਦੇਵੀ ਤੋਂ 500 ਰੁ: ਵਿੱਚ ਜ਼ਮੀਨ ਖਰੀਦ ਕੇ ਚੱਕ ਨਾਨਕੀ ਨਾਂ ਦਾ ਸ਼ਹਿਰ ਵਸਾਇਆ ਜਿਸ ਨੂੰ ਫਿਰ ਮਾਖੋਵਾਲ ਕਿਹਾ ਜਾਣ ਲੱਗਾ। ਇਹ ਨਗਰ 16 ਜੂਨ 1665 ਵਿੱਚ ਵਸਾਇਆ ਗਿਆ। ਜਿਸ ਨੂੰ ਅੱਜ ਕੱਲ੍ਹ ਅਨੰਦਪੁਰ ਸਾਹਿਬ ਕਿਹਾ ਜਾਂਦਾ ਹੈ।
ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। 25 ਮਈ, 1675 ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਜੱਥਾ ਗੁਰੂ ਤੇਗ ਬਹਾਦਰ ਜੀ ਕੋਲ ਫਰਿਆਦ ਲੈ ਕੇ ਆਇਆ। ਉਹਨਾਂ ਕਿਹਾ ਕਿ ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ ਤੇ ਸਿਰਫ਼ ਕਿਸੇ ਮਹਾਂਪੁਰਖ ਦੀ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਕੋਲ਼ ਬੈਠੇ ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਪਿਤਾ ਜੀ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਬਾਲ ਗੋਬਿੰਦ ਰਾਇ ਨੂੰ ਗੁਰਗੱਦੀ ਦੇ ਦਸਵੇਂ ਵਾਰਿਸ ਥਾਪ ਕੇ ਆਪ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ। ਗੁਰੂ ਜੀ ਨੂੰ ਚੜ੍ਹਦੀ ਕਲਾ ਵਿੱਚ ਵੇਖ ਕੇ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿੱਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।
ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰਕੇ ਗੁਰੂ ਜੀ ਦੇ ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਹੋਣੀ ਦੀ ਭੱਠੀ ਵਿੱਚ ਝੋਕ ਦਿੱਤਾ ਗਿਆ ਜਿਸ ਨੂੰ ਵੇਖ ਕੇ ਗੁਰੂ ਜੀ ਡੋਲੇ ਨਹੀਂ ਸਗੋਂ ਉਨ੍ਹਾਂ ਦਾ ਸਿਦਕ ਹੋਰ ਵੀ ਅਡੋਲ ਹੋ ਗਿਆ।ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਪਰ ਆਪਣੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਨੇ ‘ਬਚਿਤਰ ਨਾਟਕ’ ਵਿੱਚ ਲਿਖਿਆ ਹੈ:
“ਤਿਲਕ ਜੰਞੂ ਰਾਖਾ ਪ੍ਰਭ ਤਾਕਾ॥ ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਯਾ ਪਰੁ ਸੀ ਨ ਉਚਰੀ॥
ਧਰਮ ਹੇਤ ਸਾਕਾ ਜਿਨਿ ਕੀਆ॥ ਸੀਸੁ ਦੀਆ ਪਰੁ ਸਿਰਰੁ ਨ ਦੀਆ॥”
ਭਾਈ ਜੈਤਾ ਜੀ ਸਿਪਾਹੀਆਂ ਤੋਂ ਅੱਖ ਬਚਾ ਕੇ ਗੁਰੂ ਜੀ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚ ਗਏ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਸਤਿਕਾਰ ਪੂਰਵਕ ਪ੍ਰਾਪਤ ਕਰਦਿਆਂ ਭਾਈ ਜੈਤਾ ਜੀ ਨੂੰ ‘ਰੰਘਰੇਟਾ ਗੁਰੂ ਕਾ ਬੇਟਾ’ ਵਰ ਦਿੱਤਾ। ਗੁਰੂ ਜੀ ਦਾ ਧੜ ਭਾਈ ਲੱਖੀ ਸ਼ਾਹ ਆਪਣੇ ਘਰ ਲੈ ਗਿਆ। ਉਸ ਨੇ ਆਪਣੇ ਘਰ ਨੂੰ ਅਗਨ-ਭੇਂਟ ਕਰ ਕੇ ਗੁਰੂ ਜੀ ਦਾ ਦਾਹ-ਸੰਸਕਾਰ ਕੀਤਾ ।ਉਸ ਸਮੇਂ ਬਾਲ ਗੋਬਿੰਦ ਰਾਇ ਨੇ ਮੁੱਖ ਤੋਂ ਉਚਰਿਆ।
‘ਤੇਗ ਬਹਾਦਰ ਕੇ ਚਲਤ ਭਇਓ ਜਗਤ ਮੇ ਸ਼ੋਕ
ਹੈ ਹੈ ਹੈ ਸਭ ਜਗ ਭਇਓ ਜੈ ਜੈ ਜੈ ਗੁਰ ਲੋਕ॥’
24 ਨਵੰਬਰ 2025 ਨੂੰ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਜਾ ਸਕੇ।
ਬਰਜਿੰਦਰ ਕੌਰ ਬਿਸਰਾਓ…
9988901324