ਹੁਸ਼ਿਆਰਪੁਰ,(ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਨੇ ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੀ ਆਮਦ ‘ਤੇ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਵਣਪਾਲ ਨਾਰਥ ਸਰਕਲ ਹੁਸ਼ਿਆਰਪੁਰ ਡਾ. ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਐਸ.ਡੀ.ਐਮ ਸੰਜੀਵ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਵੀ ਮੌਜੂਦ ਸਨ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵਿਕਾਸ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾ ਜ਼ਿਲ੍ਹੇ ਵਿਚ ਚੱਲ ਰਹੀਆਂ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਜਨਤਾ ਨੂੰ ਜਲਦ ਤੋਂ ਜਲਦ ਲਾਭ ਮਿਲ ਸਕੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਈਮਾਨਦਾਰੀ ਨਾਲ ਕੰਮ ਕਰਨ ਅਤੇ ਲੋਕਾਂ ਦੀਆ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਇਕ ਆਦਰਸ਼ ਜ਼ਿਲ੍ਹੇ ਦੇ ਰੂਪ ਵਿਚ ਵਿਕਸਿਤ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਇਸ ਦੇ ਲਈ ਸਰਕਾਰ ਹਰ ਸੰਭਵ ਸਾਧਨ ਮੁਹੱਈਆ ਕਰਵਾਏਗੀ। ਉਨ੍ਹਾਂ ਪ੍ਰਸ਼ਾਸਨ ਤੋਂ ਵੀ ਉਮੀਦ ਕੀਤੀ ਕਿ ਉਹ ਜਨਤਾ ਦੀਆ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਵੇ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਸ ਮੌਕੇ ਜ਼ਿਲ੍ਹੇ ਦੀ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਿਕਾਸ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀਆ ਇਛਾਵਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਐਕਸੀਅਨ ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਪ੍ਰਧਾਨ ਅਨੀਸ਼ ਕੁਮਾਰ, ਮਨੀਸ਼ ਠਾਕੁਰ, ਡਾ. ਮੁਕੇਸ਼ ਕੰਡਾ, ਪ੍ਰਕਾਮਲ, ਰਾਜਵੀਰ ਸਿੰਘ ਬੱਲ ਵੀ ਮੌਜੂਦ ਸਨ।
https://play.google.com/store/apps/details?id=in.yourhost.samajweekly