ਮਨਪ੍ਰੀਤ ਨਾਲ ਠੇਕਾ ਮੁਲਾਜ਼ਮਾਂ ਦੀ ਮੀਟਿੰਗ ਬੇਸਿੱਟਾ ਰਹੀ

ਬਠਿੰਡਾ (ਸਮਾਜ ਵੀਕਲੀ): ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਵਫ਼ਦ ਨੇ ਅੱਜ ਚੰਡੀਗੜ੍ਹ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਨੂੰ ਬੇਸਿੱਟਾ ਕਰਾਰ ਦਿੱਤਾ ਹੈ। ਵਫ਼ਦ ਮੈਂਬਰਾਂ ਮੁਤਾਬਕ ਖ਼ਜ਼ਾਨਾ ਮੰਤਰੀ ਨੇ ਸਰਕਾਰੀ ਵਿਭਾਗਾਂ ਵਿੱਚ ਸਿੱਧੇ ਭਰਤੀ ਹੋਏ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਹਾਮੀ ਭਰੀ ਹੈ। ਬਾਕੀ ਵਰਗਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਉਨ੍ਹਾਂ ਇਨਕਾਰ ਕਰ ਦਿੱਤਾ ਹੈ।

ਵਫ਼ਦ ’ਚ ਸ਼ਾਮਲ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂ, ਵਰਿੰਦਰ ਸਿੰਘ ਬੀਬੀਵਾਲਾ, ਰੇਸ਼ਮ ਸਿੰਘ ਗਿੱਲ, ਜਗਸੀਰ ਸਿੰਘ ਭੰਗੂ, ਸੇਵਕ ਸਿੰਘ ਦੰਦੀਵਾਲ, ਸ਼ੇਰ ਸਿੰਘ ਖੰਨਾ, ਰਾਜੇਸ਼ ਕੁਮਾਰ, ਸੁਲੱਖਣ ਸਿੰਘ ਅਤੇ ਸੁਖਪਾਲ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਮਨਪ੍ਰੀਤ ਬਾਦਲ ਦੀ ਰਿਹਾਇਸ਼ ਵਿੱਚ ਹੋਈ। ਇਸ ਦੌਰਾਨ ਵਿੱਤ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਸਿਰਫ ਸਿੱਧੇ ਭਰਤੀ ਹੋਏ ਮੁਲਾਜ਼ਮ ਹੀ ਪੱਕੇ ਕਰਨ ਲਈ ਵਿਚਾਰ ਅਧੀਨ ਹਨ। ਆਗੂਆਂ ਅਨੁਸਾਰ ਠੇਕਾ ਪ੍ਰਣਾਲੀ, ਆਊਟਸੋਰਸਿੰਗ ਅਤੇ ਇਨਲਿਸਟਮੈਂਟ ਰਾਹੀਂ ਭਰਤੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਸਰਕਾਰ ਦੀ ਹਾਲੇ ਕੋਈ ਤਜਵੀਜ਼ ਨਹੀਂ।

ਜ਼ਿਕਰਯੋਗ ਹੈ ਕਿ 24 ਜੁਲਾਈ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਬਠਿੰਡਾ ’ਚ ਕੀਤੇ ਗਏ ਪ੍ਰਦਰਸ਼ਨ ਮੌਕੇ ਵਿੱਤ ਮੰਤਰੀ ਨੇ ਅੱਜ ਦੀ ਮੀਟਿੰਗ ਲਈ ਸਮਾਂ ਦਿੱਤਾ ਸੀ। ਵਫ਼ਦ ਵਿਚਲੇ ਆਗੂਆਂ ਨੇ ਦੱਸਿਆ ਕਿ ਹਾਕਮ ਧਿਰ ਨਾਲ ਸਬੰਧਤ ਮੰਤਰੀਆਂ ਅਤੇ ਵਿਧਾਇਕਾਂ ਦਾ ਵਿਰੋਧ ਭਵਿੱਖ ਵਿਚ ਵੀ ਜਾਰੀ ਰਹੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਗੁਰਦੁਆਰਾ ਨਾਨਕ ਮਤਾ ਦੀ ਪ੍ਰਬੰਧਕ ਕਮੇਟੀ ਵੱਲੋਂ ਅਸਤੀਫ਼ਾ
Next articleਨਵਜੋਤ ਸਿੱਧੂ ਦੇ ਹਲਕੇ ’ਚ ਕੈਪਟਨ ਧੜੇ ਦੇ ਆਗੂ ਸਰਗਰਮ ਹੋਏ