ਨਵੀਂ ਦਿੱਲੀ (ਸਮਾਜ ਵੀਕਲੀ): ਕਿਸਾਨਾਂ ਨੇ ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ’ਚ ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਕਿਸਾਨ ਅੰਦੋਲਨ ਸਮਾਪਤ ਕਰਨ ਲਈ ਭੇਜੇ ਗਏ 9 ਦਸੰਬਰ ਦੇ ਪੱਤਰ ਵਿੱਚ ਕੀਤੇ ਗਏ ਵਾਅਦਿਆਂ ਅਤੇ ਅਸਲੀਅਤ ਨੂੰ ਆਧਾਰ ਬਣਾ ਕੇ ਸਰਕਾਰ ਦੀ ਕਥਨੀ ਅਤੇ ਕਰਨੀ ਦੇ ਫਰਕ ਨੂੰ ਨਿਖੇੜਿਆ ਹੈ। ਮੰਗ ਪੱਤਰ ’ਚ ਮੋਰਚੇ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ-ਖਿਲਾਫ਼ੀ ਕੀਤੀ ਹੈ। ਰਾਸ਼ਟਰਪਤੀ ਨੂੰ ਭੇਜੇ ਗਏ ਮੰਗ ਪੱਤਰ ਚ ਕਿਹਾ ਗਿਆ ਕਿ ਕੇਂਦਰ ਨੇ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈਣ ਦਾ ਵਾਅਦਾ ਕੀਤਾ ਸੀ ਪਰ ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਸਰਕਾਰ ਵੱਲੋਂ ਅੰਦੋਲਨ ਦੌਰਾਨ ਕੀਤੇ ਗਏ ਕੇਸ ਵਾਪਸ ਲੈਣ ਦੇ ਭਰੋਸੇ ਮਗਰੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਵਾਅਦਾ ਵੀ ਕੀਤਾ ਗਿਆ ਸੀ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਸਿਧਾਂਤਕ ਸਹਿਮਤੀ ਦੇ ਦਿੱਤੀ ਹੈ। ਪਰ ਹਕੀਕਤ ਇਹ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ੇ ਬਾਰੇ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਹੈ। ਹਰਿਆਣਾ ਸਰਕਾਰ ਵੱਲੋਂ ਵੀ ਮੁਆਵਜ਼ੇ ਦੀ ਰਕਮ ਅਤੇ ਹੋਰ ਸਵਰੂਪ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰ ਨੇ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਬਾਰੇ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਅਸਲੀਅਤ ਇਹ ਹੈ ਕਿ ਸਰਕਾਰ ਨੇ ਨਾ ਤਾਂ ਇਸ ਮੁੱਦੇ ’ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਕਮੇਟੀ ਦੀ ਰੂਪ ਰੇਖਾ ਅਤੇ ਇਸ ਦੇ ਹੁਕਮਾਂ ਬਾਰੇ ਕੋਈ ਜਾਣਕਾਰੀ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly