ਚੰਡੀਗੜ੍ਹ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਸੂਬੇ ’ਚ ‘ਵਿਸ਼ਵਾਸਘਾਤ ਦਿਵਸ’ ਮਨਾਉਂਦਿਆਂ ਕੇਂਦਰ ਸਰਕਾਰ ਖਿਲਾਫ਼ ਭਰਵੇਂ ਮੁਜ਼ਾਹਰੇ ਕੀਤੇ। ਪ੍ਰਦਰਸ਼ਨਾਂ ਦੌਰਾਨ ਮਹੱਤਵਪੂਰਨ ਗੱਲ ਇਹ ਰਹੀ ਕਿ ਪੰਜਾਬ ਵਿੱਚ ਚੋਣਾਂ ’ਚ ਹਿੱਸਾ ਲੈ ਰਹੇ ਕਿਸੇ ਵੀ ਆਗੂ ਨੂੰ ਸਟੇਜ ਤੋਂ ਬੋਲਣ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਦਿਆਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਪੂਰਾ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਨੂੰ ਸੂਬਾ ਸਰਕਾਰ ਨਾਲ ਸਬੰਧਤ ਮੰਗਾਂ ਸਬੰਧੀ ਵੀ ਮੰਗ ਪੱਤਰ ਭੇਜੇ ਗਏ।
ਕਿਸਾਨ ਆਗੂਆਂ ਜਗਮੋਹਨ ਸਿੰਘ ਪਟਿਆਲਾ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨ ਪਾਲ, ਸੁਖਦੇਵ ਸਿੰਘ ਕੋਕਰੀ ਕਲਾਂ, ਸਤਨਾਮ ਸਿੰਘ ਪੰਨੂ ਅਤੇ ਹੋਰਾਂ ਨੇ ਦੱਸਿਆ ਕਿ ਮੋਰਚੇ ਨਾਲ ਸਬੰਧਤ ਮੰਗਾਂ ਮੰਨਣ ਅਤੇ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਦਾ ਲਿਖਤੀ ਭਰੋਸਾ ਕੇਂਦਰ ਤੋਂ ਮਿਲਣ ਮਗਰੋਂ ਹੀ ਦਿੱਲੀ ਮੋਰਚਾ ਮੁਲਤਵੀ ਕੀਤਾ ਗਿਆ ਸੀ ਪ੍ਰੰਤੂ ਦੋ ਮਹੀਨੇ ਤੋਂ ਵੱਧ ਸਮਾਂ ਬੀਤਣ ’ਤੇ ਵੀ ਕੇਂਦਰ ਸਰਕਾਰ ਵਲੋਂ ਨਾ ਤਾਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਨਾ ਹੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਝੂਠੇ ਪੁਲੀਸ ਕੇਸਾਂ ਨੂੰ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ’ਚ ਕਿਸਾਨਾਂ ’ਤੇ ਗੱਡੀਆਂ ਚੜ੍ਹਾ ਕੇ ਸ਼ਹੀਦ ਕਰਨ ਦੀ ਸਾਜ਼ਿਸ਼ ਘੜਨ ਵਾਲਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਜੇ ਤੱਕ ਵੀ ਕੁਰਸੀ ਤੇ ਬਿਰਾਜਮਾਨ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਤਰਨ ਤਾਰਨ, ਮੁਕਤਸਰ ਸਾਹਿਬ, ਮੁਹਾਲੀ, ਪਠਾਨਕੋਟ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਗਾ, ਰੋਪੜ, ਆਨੰਦਪੁਰ ਸਾਹਿਬ ਅਤੇ ਨਵਾਂ ਸ਼ਹਿਰ ਜ਼ਿਲ੍ਹਿਆਂ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਅਰਥੀ ਫੂਕ ਮੁਜ਼ਾਹਰੇ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕੀਤਾ ਜਾਵੇ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਅਮਲ ਜਾਰੀ ਰੱਖਿਆ ਜਾਵੇ ਅਤੇ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦਾ ਜਾਰੀ ਹੋਇਆ ਮੁਆਵਜ਼ਾ ਜਲਦੀ ਕਿਸਾਨਾਂ-ਮਜ਼ਦੂਰਾਂ ਨੂੰ ਅਦਾ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਸੂਬੇ ਵਿੱਚ ਕਈ ਥਾਵਾਂ ’ਤੇ ਭਾਰੀ ਮੀਂਹ ਕਾਰਨ ਆਲੂਆਂ, ਕਣਕ, ਹੋਰ ਫਸਲਾਂ ਅਤੇ ਸਬਜ਼ੀਆਂ ਦੀ ਫਸਲ ਬਰਬਾਦ ਹੋਈ ਹੈ। ਸਰਕਾਰ ਵੱਲੋਂ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਜਲਦੀ ਗਿਰਦਾਵਰੀ ਕਰਵਾ ਕੇ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਅਤੇ ਗੰਨੇ ਦੀ ਅਦਾਇਗੀ ਦੌਰਾਨ ਮਿੱਲਾਂ ਵੱਲੋਂ ਕੱਟੇ ਜਾਂਦੇ 35 ਰੁਪਏ ਬੰਦ ਕਰਨ ਦੀ ਮੰਗ ਵੀ ਕੀਤੀ। ਕਿਸਾਨ ਜਥੇਬੰਦੀਆਂ ਨੇ ਇਹ ਵੀ ਮੰਗ ਕੀਤੀ ਕਿ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ ਤੁਰੰਤ ਖੋਲ੍ਹੇ ਜਾਣ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 12 ਡੀਸੀ ਅਤੇ 10 ਐੱਸਡੀਐੱਮ ਦਫ਼ਤਰਾਂ ਅੱਗੇ ਪ੍ਰਦਰਸ਼ਨ ਕਰ ਕੇ ਭਾਜਪਾ ਹਕੂਮਤ ਦੇ ਪੁਤਲੇ ਫੂਕੇ ਗਏ। ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ, ਨੌਜਵਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਹੋਰ ਛੋਟੇ ਕਾਰੋਬਾਰੀਆਂ ਨੇ ਵੀ ਹਿੱਸਾ ਲਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਖ ਵੱਖ ਥਾਵਾਂ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਪ੍ਰਦਰਸ਼ਨ ਕੀਤੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly