– *ਵਿਕਾਸ ਕਾਰਜਾਂ ‘ਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਹੋਵੇਗੀ ਕਾਰਵਾਈ : ਰੰਧਾਵਾ*
ਡੇਰਾਬੱਸੀ,(ਸੰਜੀਵ ਸਿੰਘ ਸੈਣੀ):ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਐਸਡੀਐਮ ਦਫ਼ਤਰ ਡੇਰਾਬੱਸੀ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਅਧੂਰੇ ਪਏ ਕੰਮਾਂ ਨੂੰ ਇਕ ਮਹੀਨੇ ‘ਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਐਸਡੀਐਮ ਹਿਮਾਂਸ਼ੂ ਗੁਪਤਾ, ਡੀਡੀਪੀਓ ਅਮਰਿੰਦਰ ਸਿੰਘ, ਬੀਡੀਪੀਓ ਰਵਨੀਤ ਕੌਰ, ਪੰਚਾਇਤ ਅਫ਼ਸਰ ਅਤੇ ਸਮੂਹ ਪੰਚਾਇਤ ਸਕੱਤਰਾਂ ਸਮੇਤ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਲਾਲੜੂ, ਬਲਜੀਤ ਸ਼ਰਮਾ ਡੇਰਾਬੱਸੀ, ਧਰਮਵੀਰ ਸਿੰਘ ਹੰਡੇਸਰਾ ਅਤੇ ਸੋਨੂੰ ਖਾਨ ਹਾਜ਼ਰ ਸਨ।
ਮੀਟਿੰਗ ਦੌਰਾਨ ਵਿਧਾਇਕ ਕੁਲਜੀਤ ਰੰਧਾਵਾ ਨੇ ਪੰਚਾਇਤ ਸਕੱਤਰਾਂ ਨੂੰ ਪਿੰਡਾਂ ਵਿੱਚ ਹੋਣ ਵਾਲੇ ਕੰਮਾਂ ਦੀਆਂ ਲਿਸਟਾਂ ਤਿਆਰ ਕਰਨ ਲਈ ਕਿਹਾ ਤਾਂ ਜੋ ਕੀਤੇ ਜਾਣ ਵਾਲੇ ਕੰਮਾਂ ਲਈ ਫੰਡ ਮੁਹਈਆ ਕਰਵਾਏ ਜਾ ਸਕਣ। ਉਨ੍ਹਾਂ ਸਕੱਤਰਾਂ ਵੱਲੋਂ ਪਿਛਲੇ ਇਕ ਸਾਲ ਦੌਰਾਨ ਪਿੰਡਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਰਿਪੋਰਟ ਕਾਰਡ ਵੀ ਚੈੱਕ ਕੀਤੇ ਅਤੇ ਬਿਨਾਂ ਕਿਸੇ ਭੇਦ ਭਾਵ ਤੋਂ ਪਿੰਡਾਂ ਅੰਦਰ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਸਬੰਧੀ ਸਖ਼ਤ ਨਿਰਦੇਸ਼ ਦਿੱਤੇ।
ਵਿਧਾਇਕ ਨੇ ਕਿਹਾ ਕਿ ਸਾਨਦਾਰ ਸੇਵਾਵਾਂ ਨਿਭਾਉਣ ਵਾਲੇ ਮਿਹਨਤੀ ਅਧਿਕਾਰੀਆਂ ਨੂੰ ਜਿਥੇ 15 ਅਗਸਤ ਤੇ ਸਨਮਾਨਿਤ ਕੀਤਾ ਜਾਵੇਗਾ ਉਥੇ ਕੰਮ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜੀ ਜਾਵੇਗਾ । ਮੀਟਿੰਗ ਦੌਰਾਨ ਸਮੂਹ ਸਕੱਤਰਾਂ ਨੇ ਵਿਧਾਇਕ ਨੂੰ ਵਿਸ਼ਵਾਸ ਦੁਆਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਹੋਏ ਉਨ੍ਹਾਂ ਨੂੰ ਸਿਕਾਇਤ ਦਾ ਮੌਕਾ ਨਹੀਂ ਦੇਣਗੇ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly