ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) – ਆਰ.ਐਸ.ਐਸ. ਦੀ ਸੇਧ ਅਨੁਸਾਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਨੇ ਗੁਰਬਤ ਮਾਰੇ ਬੇਜ਼ਮੀਨੇ-ਸਾਧਨਹੀਣ ਪੇਂਡੂ ਕਿਰਤੀ ਪਰਿਵਾਰਾਂ ਨੂੰ ਸੀਮਤ ਦਿਨਾਂ ਲਈ ਗਰੰਟੀਸ਼ੁਦਾ ਰੁਜ਼ਗਾਰ ਦਿੰਦੇ ਮਨਰੇਗਾ ਕਾਨੂੰਨ ਦਾ ਸਿਰਫ ਨਾਂ ਹੀ ਨਹੀਂ ਬਦਲਿਆ, ਬਲਕਿ ਢਾਂਚਾਗਤ ਬਦਲਾਅ ਕਰਕੇ ਇਸ ਕਾਨੂੰਨ ਦੀ ਰੂਹ ਕਤਲ ਕਰਕੇ ਹੀ ਰੱਖ ਦਿੱਤੀ ਹੈ। ਇਹ ਵਿਚਾਰ ਉੱਘੇ ਸਮਾਜ ਸੇਵਕ ਅਤੇ ਪਿੰਡ ਪੁਰਹੀਰਾ ਦੇ ਲੰਬੜਦਾਰ ਰਣਜੀਤ ਸਿੰਘ ਰਾਣਾ ਨੇ ਸਾਡੇ ਪੱਤਰਕਾਰ ਨਾਲ ਇੱਕ ਮੁਲਾਕਾਤ ਦੌਰਾਨ ਸਾਂਝੇ ਕੀਤੇ ਉਹਨਾਂ ਕਿਹਾ ਕਿ ਪਹਿਲਾਂ ਹੀ ਘੋਰ ਗੁਰਬਤ ਦਾ ਸੰਤਾਪ ਹੰਢਾ ਰਹੇ ਪੇਂਡੂ ਕਿਰਤੀਆਂ, ਜਿਨ੍ਹਾਂ ਚੋਂ ਭਾਰੀ ਗਿਣਤੀ ਵਿੱਚ ਅਨੁਸੂਚਿਤ ਜਾਤੀਆਂ, ਜਨ ਜਾਤੀਆਂ ਨਾਲ ਸਬੰਧਿਤ ਹਨ, ਦੇ ਬੇਰੁਜ਼ਗਾਰ ਹੋਣ ਅਤੇ ਭੁੱਖੇ ਮਰਨ ਦੀ ਨੌਬਤ ਆ ਗਈ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਨਾ ਕੇਵਲ ਐਸਸੀ ਵਿਰੋਧੀ ਮੰਦੀ ਸੋਚ ਦੇ ਮਾਲਕ ਆਪਣੇ ਵਿਚਾਰਧਾਰਕ ਆਕਾ, ਆਰ.ਐਸ.ਐਸ. ਦੀ ਮਨਰੇਗਾ ਦੇ ਖਾਤਮੇ ਦੀ ਚਿਰੋਕਣੀ ਮਨੂੰਵਾਦੀ ਸਾਜ਼ਿਸ਼ ਪੂਰੀ ਕੀਤੀ ਹੈ, ਬਲਕਿ ਸੱਚੇ-ਸੁੱਚੇ ਪੇਂਡੂ ਕਿਰਤੀਆਂ ਨੂੰ ਬੇ-ਹਥਿਆਰੇ ਕਰਕੇ ਧਨਾਢਾਂ, ਕਾਰਖਾਨੇਦਾਰਾਂ ਤੇ ਜਾਗੀਰਦਾਰਾਂ ਦੇ ਰਹਿਮੋ-ਕਰਮ ਤੇ ਛੱਡ ਦਿੱਤਾ ਹੈ। ਉਹਨਾ ਕਿਹਾ ਕਿ ਮੋਦੀ ਸਰਕਾਰ ਨੇ ਸਮੁੱਚੀ ਵਿਰੋਧੀ ਧਿਰ ਅਤੇ ਦੇਸ਼ ਭਰ ਦੇ ਕਿਰਤੀਆਂ ਦੇ ਕਰੜੇ ਵਿਰੋਧ ਨੂੰ ਨਜ਼ਰ ਅੰਦਾਜ ਕਰਦਿਆਂ ਬੇਸ਼ਕ ਉਕਤ ਬਿਲ ਸਦਨ ਚੋਂ ਧੱਕੇ ਨਾਲ ਪਾਸ ਕਰਵਾ ਲਿਆ ਹੈ, ਪਰ ਦੇਸ਼ ਭਰ ਦੇ ਕਰੋੜਾਂ ਮਨਰੇਗਾ ਕਿਰਤੀ ਆਪਣੇ ਤਿੱਖੇ ਸੰਘਰਸ਼ਾਂ ਰਾਹੀਂ ਇਸ ਕਿਰਤੀ ਮਾਰੂ, ਦਲਿਤ ਵਿਰੋਧੀ ਹੱਲੇ ਦਾ ਮੂੰਹ ਤੋੜ ਜਵਾਬ ਦੇਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



