ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲੀਸ ਫੋਰਸ ਨੂੰ ਸੂਬੇ ’ਚ ਪੁਲੀਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ।
ਸੂਬੇ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਚੰਨੀ ਨੇ ਹੇਠਲੇ ਪੱਧਰ ਤੋਂ ਲੈ ਕੇ ਸਿਖਰਲੇ ਅਫਸਰਾਂ ਤੱਕ ਸਮੁੱਚੀ ਪੁਲੀਸ ਫੋਰਸ ਨੂੰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ, ਨਸ਼ੇ ਦੀ ਸਪਲਾਈ ਲਾਈਨ ਤੋੜਨ, ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਖਤਮ ਕਰਨ ਅਤੇ ਰੇਤ ਮਾਫੀਆ ਨਾਲ ਕਰੜੇ ਹੱਥੀਂ ਨਜਿੱਠਣ ਲਈ ਇਕਜੁੱਟਤਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸ਼ਨਾਖਤ ਕਰਨ ਲਈ ਪੁਲੀਸ ਨੂੰ ਢੁਕਵੀਂ ਪ੍ਰਣਾਲੀ ਵਿਕਸਤ ਕਰਨੀ ਚਾਹੀਦੀ ਹੈ। ਸੂਬੇ ਦੇ ਪੁਲੀਸ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਮੁੱਖ ਮੰਤਰੀ ਨੇ ਅਫਸਰਾਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਇਮਾਨਦਾਰੀ ਤੇ ਪੇਸ਼ੇਵਾਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਫਰਕ ਮਹਿਸੂਸ ਹੋਵੇ ਤੇ ਇਸ ਸਬੰਧੀ ਹੇਠਲੇ ਪੱਧਰ ਤੱਕ ਸੁਨੇਹਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਹਿਰਾਸਤ ਵਿੱਚ ਨਾ ਰੱਖਿਆ ਜਾਵੇ ਅਤੇ ਨਾ ਹੀ ਕਿਸੇ ਨੂੰ ਵੀ ਝੂਠੇ ਕੇਸਾਂ ਵਿਚ ਉਲਝਾ ਕੇ ਪ੍ਰੇਸ਼ਾਨ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਦੀਵਾਲੀ ਮੌਕੇ ਦੁਕਾਨਦਾਰਾਂ ਅਤੇ ਰੇਹੜੀਆਂ/ਫੜ੍ਹੀਆਂ ਲਾ ਕੇ ਸਾਮਾਨ ਵੇਚਣ ਵਾਲਿਆਂ ਨੂੰ ਲਾਇਸੈਂਸ ਦੇ ਨਾਮ ’ਤੇ ਪੈਸੇ ਮੰਗ ਕੇ ਤੰਗ ਨਾ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਡੀਐੱਸਪੀਜ਼ ਅਤੇ ਐਸਐਚਓਜ਼ ਨੂੰ ਦੜਾ-ਸੱਟਾ ਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ ਕਾਰਵਾਈ ਕਰਨ ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਾਤ ਸਮੇਂ ਗਸ਼ਤ ਵਧਾਉਣ ਦੀ ਹਦਾਇਤ ਵੀ ਕੀਤੀ। ਚੰਨੀ ਨੇ ਕਿਹਾ ਕਿ ਟਰੈਫਿਕ ਪੁਲੀਸ ਵਿੰਗ ਅਤੇ ਪ੍ਰਬੰਧਨ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਗਲਤ ਕੰਮ ਕਰਨ ਵਾਲੇ ਪੁਲੀਸ ਅਧਿਕਾਰੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜੋ ਸਮੁੱਚੀ ਪੁਲੀਸ ਫੋਰਸ ਨੂੰ ਬਦਨਾਮ ਕਰ ਰਹੇ ਹਨ। ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਖਾਸ ਕਰਕੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਜਾਂ ਤਾਂ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਲਈ ਆਪਣੀ ਡਿਊਟੀ ਜ਼ਿੰਮੇਵਾਰਾਨਾ ਤਰੀਕੇ ਨਾਲ ਨਿਭਾਉਣ ਜਾਂ ਆਪਣੀ ਫਿਰ ਤਬਾਦਲੇ ਲਈ ਤਿਆਰ ਰਹਿਣ।
ਇਸ ਮੌਕੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਲੀਸ ਵਿਭਾਗ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਪੰਦਰਾਂ ਦਿਨ ਬਾਅਦ ਵਿਸ਼ੇਸ਼ ਸੁਵਿਧਾ ਕੈਂਪ ਲਾਏਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly