ਨਵੀਂ ਦਿੱਲੀ (ਸਮਾਜ ਵੀਕਲੀ): ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਰਾਹੁਲ ਗਾਂਧੀ ਬਾਰੇ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਅੱਜ ਕਾਂਗਰਸ ਨੇ ਕਿਹਾ ਕਿ ਜਿਸ ਵਿਅਕਤੀ ਨੇ ਕੌਮੀ ਸਿਆਸਤ ਨੂੰ ਦੇਸ਼ ਦੇ ਬਾਹਰ ਲਿਜਾਣ ਦੀ ਸ਼ੁਰੂਆਤ ਕੀਤੀ ਸੀ ਉਹ ਕੋਈ ਹੋਰ ਨਹੀਂ ਬਲਕਿ ਤੁਹਾਨੂੰ ਮੰਤਰੀ ਬਣਾਉਣ ਵਾਲਾ ਵਿਅਕਤੀ ਹੀ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਲਏ ਬਿਨਾਂ ਕਿਹਾ, ‘ਕੌਮੀ ਸਿਆਸਤ ਨੂੰ ਦੇਸ਼ ਤੋਂ ਬਾਹਰ ਲਿਜਾਣ ਦੀ ਸ਼ੁਰੂਆਤ ਕਰਨ ਵਾਲਾ ਵਿਅਕਤੀ ਕੋਈ ਹੋਰ ਨਹੀਂ ਬਲਕਿ ਉਹ ਹੈ ਜਿਸ ਨੇ ਤੁਹਾਨੂੰ (ਜੈਸ਼ੰਕਰ) ਤੁਹਾਡਾ ਮੰਤਰੀ ਦਾ ਅਹੁਦਾ ਦਿੱਤਾ ਹੈ। ਤੁਹਾਨੂੰ ਇਹ ਪਤਾ ਹੈ ਪਰ ਤੁਸੀਂ ਕਦੀ ਇਹ ਸਵੀਕਾਰ ਨਹੀਂ ਕਰੋਗੇ ਡਾ. ਮੰਤਰੀ।’
ਇਸੇ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਭਾਜਪਾ ਨੇ ਵਿਦੇਸ਼ ਮੰਤਰੀ ਨੂੰ ਉਹੀ ਪੁਰਾਣੀ ਕਹਾਣੀ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ਕੋਈ ਨਵੀਂ ਕਹਾਣੀ ਪੜ੍ਹਨੀ ਚਾਹੀਦੀ ਹੈ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਬੇਇੱਜ਼ਤੀ ਕੀਤੀ ਅਤੇ ਦੇਸ਼ ਦੇ 70 ਸਾਲ ਦੇ ਇਤਿਹਾਸ ’ਤੇ ਰੋਸ਼ਨੀ ਪਾਈ। ਰਾਹੁਲ ਗਾਂਧੀ ਨੇ ਜੋ ਕਿਹਾ ਉਹ ਸੱਚ ਕਿਹਾ ਕਿ ਕਿਸ ਤਰ੍ਹਾਂ ਸਾਡੀਆਂ ਸੰਵਿਧਾਨਕ ਸੰਸਥਾਵਾਂ ’ਤੇ ਯੋਜਨਾਬੱਧ ਢੰਗ ਨਾਲ ਹਮਲੇ ਹੋ ਰਹੇ ਹਨ।’
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly