ਨਵੀਂ ਦਿੱਲੀ (ਸਮਾਜ ਵੀਕਲੀ) :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗ ਦੇ ਝੰਬੇ ਯੂਕਰੇਨ ਵਿੱਚ ਗੋਲੀਬਾਰੀ ਦੀ ਜ਼ੱਦ ਵਿੱਚ ਆ ਕੇ ਮੌਤ ਦੇ ਮੂੰਹ ਪਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਗਿਆਨਗੌਦਰ ਦੇ ਪਿਤਾ ਨਾਲ ਗੱਲਬਾਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਮੋਦੀ ਨੇ ਇਸ ਸ਼ੋਕਮਈ ਘਟਨਾ ਲਈ ਪਰਿਵਾਰ ਨਾਲ ਸੰਵੇਦਨਾਵਾਂ ਜ਼ਾਹਿਰ ਕੀਤੀਆਂ। ਉਧਰ ਯੂਰੋਪੀਨ ਕੌਂਸਲ ਦੇ ਪ੍ਰਧਾਨ ਚਾਰਲਸ ਮਿਸ਼ੇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਯੂਕਰੇਨੀ ਸ਼ਹਿਰ ਖਾਰਕੀਵ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ।
ਮਿਸ਼ੇਲ ਨੇ ਕਿਹਾ ਕਿ ਯੂਰੋਪੀਨ ਮੁਲਕਾਂ ਵੱਲੋਂ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਕੁੱਲ ਆਲਮ ਨੂੰ ਕੌਮਾਂਤਰੀ ਕਾਨੂੰਨਾਂ ਦੀ ਸਲਾਮਤੀ ਲਈ ਮਿਲ ਕੇ ਖੜ੍ਹਨਾ ਚਾਹੀਦਾ ਹੈ। ਨਵੀਂ ਦਿੱਲੀ ਸਥਿਤ ਅਮਰੀਕੀ ਤੇ ਫਰਾਂਸੀਸੀ ਦੂਤਾਵਾਸ ਨੇ ਵੀ ਭਾਰਤੀ ਵਿਦਿਆਰਥੀ ਦੀ ਮੌਤ ’ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਵਿਦਿਆਰਥੀ ਦੀ ਮੌਤ ’ਤੇ ਸੋਗ ਪ੍ਰਗਟ ਕੀਤਾ ਤੇ ਯੂਕਰੇਨ ’ਚ ਫਸੇ ਭਾਰਤੀਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕੀਤੀ। ਯੂਕਰੇਨੀ ਸਫੀਰ ਇਗੋਰ ਪੋਲੀਖਾ ਨੇ ਵੀ ਦੁਖ ਪ੍ਰਗਟਾਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly