ਚੰਡੀਗੜ੍ਹ (ਸਮਾਜ ਵੀਕਲੀ) : ਕਾਂਗਰਸ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਯਕੀਨੀ ਬਣਾਉਣ ਲਈ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਂਤ ਕਿਸ਼ੋਰ ਦੀਆਂ ਸੇਵਾਵਾਂ ਲੈਣ ਦੇ ਸੰਕੇਤ ਦਿੱਤੇ ਹਨ। ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਪਾਰਟੀਆਂ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਮੰਗਲਵਾਰ ਸ਼ਾਮ ਚੋਣਾਂ ਦੀ ਰਣਨੀਤੀ ਬਣਾਉਣ ਲਈ ਪਾਰਟੀ ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਨਾਲ ਬੈਠਕ ਕੀਤੀ ਸੀ ਜਿਸ ਦੌਰਾਨ ਇਸ ਬਾਰੇ ਵੀ ਵਿਚਾਰਾਂ ਹੋਈਆਂ ਹਨ।
ਪਾਰਟੀ ਮੀਟਿੰਗ ਦੇ ਸੰਖੇਪ ਜਿਹੇ ਵੀਡੀਓ ’ਚ ਚੰਨੀ ਇਹ ਆਖਦੇ ਸੁਣਾਈ ਦੇ ਰਹੇ ਹਨ ‘ਹਰੀਸ਼ ਚੌਧਰੀ ਜੀ ਤਾਂ ਪ੍ਰਸ਼ਾਂਤ ਕਿਸ਼ੋਰ ਦੀਆਂ ਸੇਵਾਵਾਂ ਲੈਣ ਦੀ ਸਲਾਹ ਦੇ ਰਹੇ ਹਨ।’ ਮੁੱਖ ਮੰਤਰੀ ਆਪਣੀ ਸਰਕਾਰ ਵੱਲੋਂ ਹੁਣੇ ਜਿਹੇ ਬਿਜਲੀ ਦਰਾਂ ’ਚ ਕਟੌਤੀ ਦੇ ਲਏ ਗੲੇ ਫ਼ੈਸਲੇ ਬਾਰੇ ਵੀ ਵਿਚਾਰ ਵਟਾਂਦਰਾ ਕਰਦੇ ਦਿਖਾਈ ਦੇ ਰਹੇ ਹਨ ਕਿ ਕਿਵੇਂ ਲੋਕਾਂ ਤੋਂ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਪਾਰਟੀ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਾਲ ਦੇ ਸ਼ੁਰੂ ’ਚ ਕਿਸ਼ੋਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਸਮੇਂ ਪ੍ਰਸ਼ਾਂਤ ਕਿਸ਼ੋਰ ਗੋਆ ’ਚ ਵਿਧਾਨ ਸਭਾ ਚੋਣਾਂ ’ਚ ਤ੍ਰਿਣਮੂਲ ਕਾਂਗਰਸ ਦੀ ਸਹਾਇਤਾ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਸੀ ਅਤੇ ਉਨ੍ਹਾਂ ਨੂੰ ਸੱਤਾ ’ਚ ਲਿਆਂਦਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly