ਅੰਮ੍ਰਿਤਸਰ, (ਸਮਾਜ ਵੀਕਲੀ): ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਦੇ ਕੀਤੇ ਐਲਾਨ ’ਤੇ ਅਮਲ ਨਾ ਹੋਣ ’ਤੇ ਦੁੱਖ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇਗਾ।
ਅੱਜ ਇੱਥੇ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਮੀਟਿੰਗ ਮਗਰੋਂ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਪਰ ਇਸ ਫ਼ੈਸਲੇ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੀ ਅਪੀਲ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਬਾਰੇ ਜਲਦੀ ਫ਼ੈਸਲਾ ਕਰਨ ਦੇ ਆਦੇਸ਼ ਦਿੱਤੇ ਸੀ ਪਰ ਕਰੀਬ ਇੱਕ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਕੋਈ ਫ਼ੈਸਲਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੱਤਰ ਭੇਜ ਕੇ ਵਫ਼ਦ ਦੇ ਰੂਪ ਵਿੱਚ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ ਅਤੇ ਸਮਾਂ ਮਿਲਣ ’ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ। ਸਿੱਖ ਵਫ਼ਦ ਰਾਜੋਆਣਾ ਸਮੇਤ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ ਹੋਰ ਸਿੱਖ ਮਸਲਿਆਂ ’ਤੇ ਗੱਲਬਾਤ ਕਰੇਗਾ।
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਸ਼ਾਦ ਦੇ ਪੈਕਟਾਂ ਅੰਦਰ ਸਿਗਰਟ ਦਾ ਇਸ਼ਤਿਹਾਰ ਛਪੇ ਹੋਣ ਸਬੰਧੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਸਰਕਾਰ ਕੋਲੋਂ ਕੁਤਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly