ਸ਼੍ਰੋਮਣੀ ਕਮੇਟੀ ਨੇ ਕਰਨਾਲ ਵਿੱਚ ਕਿਸਾਨਾਂ ਲਈ ਲੰਗਰ ਲਾਇਆ

ਅੰਮ੍ਰਿਤਸਰ (ਸਮਾਜ ਵੀਕਲੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨਾਂ ਦੇ ਕਰਨਾਲ ਮੋਰਚੇ ਵਿੱਚ ਲੰਗਰ ਸ਼ੁਰੂ ਕਰ ਦਿੱਤਾ ਹੈ। ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਦਿੱਲੀ ਤੋਂ ਬਾਅਦ ਕਰਨਾਲ ਵਿੱਚ ਕਿਸਾਨਾਂ ਵੱਲੋਂ ਵਿੱਢੇ ਗਏ ਸੰਘਰਸ਼ ਵਿੱਚ ਸ਼੍ਰੋਮਣੀ ਕਮੇਟੀ ਪੂਰਾ ਸਹਿਯੋਗ ਦੇਵੇਗੀ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਕਮੇਟੀ ਦੇ ਉਪ ਦਫ਼ਤਰ ਕੁਰੂਕਸ਼ੇਤਰ ਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਨਾਲ ਲੱਗਦੀ ਸਰਹੱਦ ਦੇ ਨਜ਼ਦੀਕੀ ਗੁਰਦੁਆਰਿਆਂ ਤੋਂ ਵੀ ਇਸ ਕਾਰਜ ਲਈ ਅਮਲਾ ਭੇਜਿਆ ਗਿਆ ਹੈ। ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੀਤੇ ਜਾ ਰਹੇ ਵਿਰੋਧ ਬਾਰੇ ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਕਿਸਾਨ ਨਹੀਂ, ਕੁਝ ਸਿਆਸੀ ਧਿਰਾਂ ਦੇ ਸਮਰਥਕ ਸਨ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਕਿਸਾਨਾਂ ਨੂੰ ਲੰਗਰ, ਚਾਹ-ਪਾਣੀ ਅਤੇ ਰਹਿਣ ਦੇ ਪ੍ਰਬੰਧ ਕਰ ਕੇ ਦਿੱਤੇ ਜਾਣਗੇ, ਜਿਸ ਦੀ ਨਿਗਰਾਨੀ ਕਮੇਟੀ ਮੈਂਬਰ ਅਤੇ ਸਕੱਤਰ ਪੱਧਰ ਦੇ ਅਧਿਕਾਰੀ ਕਰਨਗੇ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਮਿਲੀ ਸੀ ਕਿ ਧਰਨੇ ਵਿੱਚ ਕਿਸਾਨਾਂ ਨੂੰ ਲੰਗਰ ਅਤੇ ਪਾਣੀ ਦੀ ਲੋੜ ਹੈ, ਜਿਸ ਮਗਰੋਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਤਿੰਨ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਲੰਗਰ ਲਾਉਣ ਦੀਆਂ ਹਦਾਇਤਾਂ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਸਵੇਰ ਤੋਂ ਹੀ ਧਰਨੇ ਵਾਲੀ ਥਾਂ ’ਤੇ ਲੰਗਰ ਲਗਾ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੂੰ ਚਲਾਉਣ ਲਈ ਟੀਮਾਂ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਦਿੱਲੀ ਦੀਆਂ ਬਰੂਹਾਂ ’ਤੇ ਲੱਗੇ ਕਿਸਾਨੀ ਮੋਰਚਿਆਂ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਸਨ ਤੇ ਹੁਣ ਕਰਨਾਲ ਵਿੱਚ ਵੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੱਜ ਦੀ ਮੌਤ ਦਾ ਮਾਮਲਾ: ਇਨਾਮੀ ਰਕਮ ਦਸ ਲੱਖ ਕੀਤੀ
Next articleFormer Afghan Prez says open to UN audit of his finances