ਅੰਮ੍ਰਿਤਸਰ (ਸਮਾਜ ਵੀਕਲੀ): ਅਫ਼ਗਾਨਿਸਤਾਨ ਵਿਚ ਬਣੇ ਹਿੰਸਕ ਮਾਹੌਲ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਅਜਿਹੀ ਸਥਿਤੀ ਵਿਚ ਅਫਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਫ਼ਗਾਨਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੋ ਸਿੱਖ ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਲਈ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਪ੍ਰਬੰਧ ਕਰਨੇ ਚਾਹੀਦੇ ਹਨ। ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ’ਚ ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੇ ਮੌਜੂਦਾ ਹਾਲਾਤ ਵਿਚ ਸਿੱਖ ਭੈਭੀਤ ਹਨ ਅਤੇ ਉਹ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਅਫ਼ਗਾਨਿਸਤਾਨ ਵਿੱਚ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਜੇ ਇਹ ਸਿੱਖ ਭਾਰਤ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਦੇ ਅਫ਼ਗਾਨਿਸਤਾਨ ਵਿਚ ਵੱਡੀ ਗਿਣਤੀ ’ਚ ਸਿੱਖ ਵੱਸਦੇ ਸਨ ਪਰ ਦੁੱਖ ਦੀ ਗੱਲ ਹੈ ਕਿ ਅੱਜ ਸਿਰਫ ਕੁਝ ਸਿੱਖ ਪਰਿਵਾਰ ਹੀ ਉਥੇ ਰਹਿ ਰਹੇ ਹਨ ਅਤੇ ਉਹ ਵੀ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly