ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ‘ਤੇ ਪਹੁੰਚਾਉਣ ਲਈ ਜੀਅ ਤੋੜ ਯਤਨ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਕੰਟੇਨਰ ਅਤੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਬੰਗਾ ਦੇ ਪਿੰਡ ਖਟਕੜ ਖੁਰਦ, ਸੋਤਰਾ, ਚੱਕ ਕਲਾਲ, ਪੂਨੀਆਂ, ਭਰੋਮਜਾਰਾ ਅਤੇ ਬੰਗਾ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬੱਧ ਹਨ। ਇਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।