ਅੰਮ੍ਰਿਤਸਰ/ਮੁਕੇਰੀਆਂ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਕਾਰਵਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਅੱਧੀ ਜਿੱਤ ਦੱਸਦਿਆਂ ਅੱਜ ਇਸ ਸਬੰਧੀ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਕਿਸਾਨਾਂ ਦੀ ਮੁਕੰਮਲ ਜਿੱਤ ਦੀ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਮਗਰੋਂ ਫਿਲਹਾਲ 29 ਨਵੰਬਰ ਨੂੰ ਸੰਸਦ ਦੇ ਘਿਰਾਓ ਵਾਲਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ ਅਤੇ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਉਹ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਇਸ ਦੌਰਾਨ ਉਹ ਦੋ ਵੱਖ ਵੱਖ ਥਾਵਾਂ ’ਤੇ ਕਿਸਾਨ ਆਗੂਆਂ ਦੇ ਘਰ ਵੀ ਗਏ ਹਨ। ਰਾਤ ਨੂੰ ਉਹ ਇਥੋਂ ਮੁੰਬਈ ਲਈ ਰਵਾਨਾ ਹੋਣਗੇ ਜਿਥੇ ਭਲਕੇ ਕਿਸਾਨਾਂ ਦਾ ਇਕ ਸਮਾਗਮ ਹੈ। ਇਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਐੱਮਐੱਸਪੀ ਦੀ ਗਾਰੰਟੀ ਬਾਰੇ ਕਾਨੂੰਨ ਨਹੀਂ ਬਣਦਾ ਅਤੇ ਹੋਰ ਕਿਸਾਨੀ ਮਸਲੇ ਹੱਲ ਨਹੀਂ ਹੁੰਦੇ ਕਿਸਾਨ ਮੋਰਚਾ ਜਾਰੀ ਰਹੇਗਾ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਹੀ ਜਥਿਆਂ ਦੇ ਰੂਪ ਵਿੱਚ ਦਿੱਲੀ ਬਾਰਡਰ ’ਤੇ ਲੱਗੇ ਮੋਰਚਿਆਂ ’ਚ ਸ਼ਮੂਲੀਅਤ ਜਾਰੀ ਰੱਖਣ। ਸ੍ਰੀ ਟਿਕੈਤ ਨੇ ਕਿਹਾ ਕਿ ਕਿਸਾਨ ਮੋਰਚੇ ਵੱਲੋਂ ਹੋਰ ਕਿਸਾਨ ਮੰਗਾਂ ਬਾਰੇ ਸਰਕਾਰ ਨੂੰ ਗੱਲਬਾਤ ਕਰਨ ਲਈ ਪੱਤਰ ਭੇਜਿਆ ਗਿਆ ਹੈ ਪਰ ਫਿਲਹਾਲ ਸਰਕਾਰ ਇਸ ਮਾਮਲੇ ’ਤੇ ਚੁੱਪ ਹੈ।
ਇਕ ਸੁਆਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਐੱਮਐੱਸਪੀ ਬਾਰੇ ਪਹਿਲਾਂ ਵੀ ਇਕ ਕਮੇਟੀ ਬਣੀ ਸੀ ਅਤੇ ਉਸ ਨੇ ਐੱਮਐੱਸਪੀ ਬਾਰੇ ਗਾਰੰਟੀ ਕਾਨੂੰਨ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਕਮੇਟੀ ਦੇ ਇਸ ਪ੍ਰਸਤਾਵ ਦੇ ਆਧਾਰ ’ਤੇ ਇਸ ਸਬੰਧੀ ਕਾਨੂੰਨ ਬਣਾਵੇ। ਇਸ ਬਾਰੇ ਹੋਰ ਕਿਸੇ ਕਮੇਟੀ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਕਿਸਾਨੀ ਮਸਲਿਆਂ ਬਾਰੇ ਸਰਕਾਰ ਨਾਲ ਗੱਲਬਾਤ ਲਈ ਇਕ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਨਾਲ ਗੱਲਬਾਤ ਹੋਈ ਤਾਂ ਉਸ ਵੇਲੇ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਬਾਰੇ ਵੀ ਗੱਲ ਕੀਤੀ ਜਾਵੇਗੀ। ਕਿਸਾਨ ਆਗੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਰਾਜਨੀਤੀ ਵਿੱਚ ਨਹੀਂ ਆਵੇਗਾ। ਮੋਰਚਾ ਦੇਸ਼ ਦੇ ਕਿਸਾਨਾਂ ਲਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇੱਕਜੁਟ ਹੋ ਕੇ ਲੜਾਈ ਲੜਦਾ ਰਹੇਗਾ। ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਮੁਕੇਰੀਆਂ ਵਿੱਚ ਖੰਡ ਮਿੱਲ ਅੱਗੇ ਮੀਡੀਆ ਨਾਲ ਗੱਲਬਾਤ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly