ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਯੁਵਾ ਕਾਰਜਕ੍ਰਮ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੇਰਾ ਯੁਵਾ ਭਾਰਤ, ਸ਼ਹੀਦ ਭਗਤ ਸਿੰਘ ਨਗਰ ਅਤੇ ਸ਼੍ਰੀ ਕ੍ਰਿਸ਼ਨਾ ਯੂਥ ਕਲੱਬ (ਰਜਿ.) ਵੱਲੋਂ ਭਾਰਤ ਰਤਨ ਡਾ. ਭੀਮਰਾਓ ਅੰਬੇਡਕਰ ਜੀ ਦੇ 135ਵੇਂ ਜਨਮਦਿਵਸ ਦੇ ਮੌਕੇ ‘ਤੇ ਸਮਾਜਿਕ ਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟੇ ਲਗਾਏ ਗਏ।ਇਸ ਤੋਂ ਪਹਿਲਾਂ ਕਲੱਬ ਦੇ ਮੈਂਬਰਾਂ ਵੱਲੋਂ ਡਾ. ਅੰਬੇਡਕਰ ਚੌਂਕ ਵਿੱਚ ਸਥਿਤ ਬਾਬਾ ਸਾਹਿਬ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਮੈਂਬਰਾਂ ਨੇ ਪਿੰਡ ਬੇਗਮਪੁਰ ਵਿੱਚ ਬੂਟੇ ਲਗਾ ਕੇ ਵਾਤਾਵਰਨ ਨੂੰ ਸਾਫ-ਸੁਥਰਾ, ਸੁੰਦਰ ਅਤੇ ਹਰਾ-ਭਰਾ ਬਣਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਬਾਬਾ ਸਾਹਿਬ ਦੇ ਮਹਾਨ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਸਮਾਜ ਲਈ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾ ਭਾਵ ਨਾਲ ਨਮਨ ਕੀਤਾ। ਕਲੱਬ ਦੇ ਮੈਂਬਰ ਕੁਲਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬਾਬਾ ਸਾਹਿਬ ਦੇ ਆਦਰਸ਼ ਸਾਨੂੰ ਸਮਾਨਤਾ, ਸਿੱਖਿਆ ਅਤੇ ਜਾਗਰੁਕਤਾ ਦੇ ਰਾਹ ‘ਤੇ ਤੁਰਨ ਲਈ ਪ੍ਰੇਰਿਤ ਕਰਦੇ ਹਨ ਅਤੇ ਸਾਨੂੰ ਵਾਤਾਵਰਨ ਸੰਭਾਲ ਪ੍ਰਤੀ ਵੀ ਜ਼ਿੰਮੇਵਾਰ ਬਣਾਉਂਦੇ ਹਨ। ਉਨ੍ਹਾਂ ਨੇ ਸਭ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਅਮਰਜੀਤ ਸਿੰਘ, ਲਖਵਿੰਦਰ ਲੱਖਾ, ਅਜੈ ਕੁਮਾਰ, ਹਰੀ ਸ਼ਰਮਾ ਅਤੇ ਰਾਜ ਰਾਣੀ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






