ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸਰਕਾਰੀ ਹਾਈ ਸਕੂਲ ਸ਼ਹਾਬਪੁਰ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੀ ਪ੍ਰਧਾਨਗੀ ਸ੍ਰੀਮਤੀ ਡਾ. ਰੀਨਾ ਦੇਵੀ ਮੁੱਖ ਅਧਿਆਪਕ ਵਲੋਂ ਕੀਤੀ ਗਈ। ਇਸ ਮੌਕੇ ਸ: ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਜਾਲ ਵਿੱਚ ਬੁਰੀ ਤਰ੍ਹਾਂ ਫਸ ਚੁੱਕੀ ਹੈ, ਜਦਕਿ ਪੰਜਾਬ ਦਾ ਇਤਿਹਾਸ ਅਜਿਹਾ ਨਹੀਂ ਹੈ। ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਬਹਾਦਰ ਯੋਧਿਆਂ ਨੂੰ ਜਨਮ ਦਿੱਤਾ ਹੈ ਪਰ ਕੁਝ ਲੋਕ ਆਪਣੇ ਫਾਇਦੇ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ‘ਤੇ ਪਾ ਕੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਇਨ੍ਹਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਧਰਤੀ ‘ਤੇ ਅਜਿਹਾ ਕੋਈ ਵੀ ਨਸ਼ਾ ਨਹੀਂ ਜੋ ਜੀਵਨ ਨੂੰ ਸਾਰਥਕ ਬਣਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਉਹ ਲਾਇਲਾਜ ਬਿਮਾਰੀਆਂ ਤੋਂ ਬਚ ਸਕਣ। ਇਸ ਮੌਕੇ ਏਡਜ਼ ਕੰਟਰੋਲ ਸੁਸਾਇਟੀ ਨਵਾਂਸ਼ਹਿਰ ਦੇ ਸਟਾਫ਼ ਮੈਂਬਰ ਗੁਰਪ੍ਰਤੀ ਸਿੰਘ ਨੇ ਓ.ਐਸ.ਟੀ ਸੈਂਟਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਐਚ.ਆਈ.ਵੀ ਦੀ ਬਿਮਾਰੀ ਬਾਰੇ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਨਸ਼ੇ ਦੀ ਲਤ ਤੋਂ ਪੀੜਤ ਨੌਜਵਾਨਾਂ ਦਾ ਇਲਾਜ ਵੀ ਮੁਫ਼ਤ ਕਰਦੇ ਹਨ। ਕੋਈ ਵੀ ਉਨ੍ਹਾਂ ਕੋਲ ਆ ਕੇ ਐੱਚਆਈਵੀ ਟੈਸਟ ਕਰਵਾ ਸਕਦਾ ਹੈ। ਸਤਵੰਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੇ ਮਾਪਿਆਂ ਜਾਂ ਅਧਿਆਪਕਾਂ ਨਾਲ ਜ਼ਰੂਰ ਸਾਂਝੀ ਕਰਨ ਤਾਂ ਜੋ ਉਨ੍ਹਾਂ ਨੂੰ ਸਹੀ ਸੇਧ ਮਿਲ ਸਕੇ। ਕਮਲਜੀਤ ਕੌਰ ਕੌਂਸਲਰ, ਰੈੱਡ ਕਰਾਸ ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਅਤੇ ਦਾਖਲੇ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਨਸ਼ੇੜੀਆਂ ਦਾ ਇਲਾਜ ਬਿਲਕੁਲ ਮੁਫ਼ਤ ਕਰਦੇ ਹਾਂ। ਇਸ ਮੌਕੇ ਦਲਜੀਤ ਕੌਰ ਕੌਂਸਲਰ ਓਐਸਟੀ ਸੈਂਟਰ, ਪ੍ਰਵੀਨ ਪ੍ਰੋਜੈਕਟ ਡਾਇਰੈਕਟਰ ਓਐਸਟੀ ਸੈਂਟਰ ਅਤੇ ਸਕੂਲ ਦੇ ਅਧਿਆਪਕ ਨਵਜੋਤ ਸ਼ਰਮਾ, ਹਰਜੀਤ ਕੌਰ, ਰਣਜੀਤ ਬਾਲਾ, ਰੀਤਿਕਾ, ਰੇਖਾ ਸੂਦ, ਗਿਆਨ ਕੌਰ, ਨਵਜੋਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly