ਮਾਨ ਸਰਕਾਰ ਨੇ ਪੂਰਾ ਕੀਤਾ ਦਹਾਕਿਆਂ ਪੁਰਾਣਾ ਵਾਅਦਾ, ਨੀਮ-ਪਹਾੜੀ ਇਲਾਕਿਆਂ ਤੱਕ ਪਹੁੰਚਿਆ ਨਹਿਰੀ ਪਾਣੀ
ਬਲਾਚੌਰ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ )ਹਲਕਾ ਬਲਾਚੌਰ ਦੇ ਕੰਢੀ ਖੇਤਰ ਲਈ ਅੱਜ ਦਾ ਦਿਨ ਇਤਿਹਾਸਕ ਹੋ ਨਿੱਬੜਿਆ, ਜਦੋਂ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 214 ਕਰੋੜ ਰੁਪਏ ਦੀ ਲਾਗਤ ਵਾਲੀ ‘ਕਾਠਗੜ੍ਹ ਲਿਫਟ ਸਿੰਚਾਈ ਯੋਜਨਾ’ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦੂਰ-ਦਰਾਡੇ ਅਤੇ ਨੀਮ-ਪਹਾੜੀ ਇਲਾਕਿਆਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਅਸੰਭਵ ਕਾਰਜ ਕਰ ਵਿਖਾਇਆ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਅਣਦੇਖੀ ਦਾ ਸ਼ਿਕਾਰ ਸਨ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਪ੍ਰਾਜੈਕਟ ਦੀ ਤਕਨੀਕੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਇਹ ਯੋਜਨਾ ਤਿੰਨ ਪੜਾਵਾਂ ਵਿੱਚ ਮੁਕੰਮਲ ਕੀਤੀ ਜਾ ਰਹੀ ਹੈ ਪਹਿਲਾ ਪੜਾਅ: 67 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਚੁੱਕਾ ਹੈ, ਜਿਸ ਨਾਲ 13 ਪਿੰਡਾਂ ਦੀ 4,000 ਏਕੜ ਜ਼ਮੀਨ ਸਿੰਜਾਈ ਹੇਠ ਆ ਗਈ ਹੈ। ਦੂਜਾ ਪੜਾਅ: ਸਤੰਬਰ 2026 ਤੱਕ ਪੂਰਾ ਕਰਨ ਦਾ ਟੀਚਾ ਹੈ, ਜਿਸ ਨਾਲ 14 ਹੋਰ ਪਿੰਡਾਂ ਦੀ 5,500 ਏਕੜ ਜ਼ਮੀਨ ਨੂੰ ਫਾਇਦਾ ਹੋਵੇਗਾ। ਤੀਜਾ ਪੜਾਅ: 40 ਕਰੋੜ ਦੀ ਲਾਗਤ ਨਾਲ 6 ਪਿੰਡਾਂ ਦੀ 2,000 ਏਕੜ ਜ਼ਮੀਨ ਨੂੰ ਕਵਰ ਕਰੇਗਾ।ਇਸ ਪ੍ਰਾਜੈਕਟ ਨੂੰ ਵਿਗਿਆਨਕ ਤਰੀਕੇ ਨਾਲ ਚਲਾਉਣ ਲਈ IIT ਰੁੜਕੀ ਅਤੇ IIT ਰੋਪੜ ਦੀ ਮਦਦ ਲਈ ਗਈ ਹੈ। ਡਰੋਨ ਅਤੇ ਸੈਟੇਲਾਈਟ ਸਰਵੇਖਣ ਰਾਹੀਂ ਤਿਆਰ ਇਸ ਯੋਜਨਾ ਵਿੱਚ ਲਗਭਗ 94,000 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ। ਖਾਸ ਗੱਲ ਇਹ ਹੈ ਕਿ ਬਿਜਲੀ ਦੇ ਖਰਚੇ ਨੂੰ ਘਟਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਇੱਥੇ 650 ਕਿਲੋਵਾਟ ਦਾ ਸੋਲਰ ਪਲਾਂਟ ਵੀ ਸਥਾਪਿਤ ਕੀਤਾ ਗਿਆ ਹੈ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਮਾਨ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 78 ਫੀਸਦੀ ਹੋ ਗਈ ਹੈ। ਇਸ ਨਾਲ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ 600 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਤੱਕ ਦੇ ਮੁਫ਼ਤ ਇਲਾਜ ਵਰਗੀਆਂ ਆਪਣੀਆਂ ਗਰੰਟੀਆਂ ਨੂੰ ਹਰ ਵਰਗ ਤੱਕ ਪਹੁੰਚਾ ਰਹੀ ਹੈ। ਇਸ ਉਦਘਾਟਨੀ ਸਮਾਗਮ ਵਿੱਚ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ, ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ, ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਯੂਥ ਆਗੂ ਕਰਨਵੀਰ ਕਟਾਰੀਆ,ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



