ਏ. ਡੀ. ਸੀ ਨੇ ‘ਪਹਿਲ’ ਪ੍ਰੋਜੈਕਟ ਤਹਿਤ ਤਿਆਰ ਕੀਤੀਆਂ ਜਾ ਰਹੀਆਂ ਸਕੂਲ ਵਰਦੀਆਂ ਦੀ ਕੀਤੀ ਜਾਂਚ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਵੱਲੋਂ ਅੱਜ ਬਲਾਚੌਰ ਬਲਾਕ ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ‘ਪਹਿਲ’ ਪ੍ਰੋਜੈਕਟ ਅਧੀਨ ਸਵੈ-ਸਹਾਇਤਾ ਗਰੁੱਪਾਂ ਦੁਆਰਾ ਤਿਆਰ ਕੀਤੀਆਂ ਜਾ ਰਹੀਆਂ ਸਕੂਲ ਵਰਦੀਆਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਵਰਦੀਆਂ ਦੀ ਚੰਗੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ ਸਵੈ-ਸਹਾਇਤਾ ਗਰੁੱਪਾਂ ਦੁਆਰਾ 10 ਹਜ਼ਾਰ ਸਕੂਲ ਵਰਦੀਆਂ ਤਿਆਰ ਕੀਤੀਆਂ ਗਈਆਂ ਸਨ ਅਤੇ ਇਸ ਸਾਲ 20 ਹਜ਼ਾਰ ਸਕੂਲ ਵਰਦੀਆਂ ਤਿਆਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਸਥਾਨਕ ਸਵੈ-ਸਹਾਇਤਾ ਗਰੁੱਪਾਂ ਦੀ ਆਮਦਨ ਵਿਚ ਸੁਧਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ‘ਪਹਿਲ’ ਪ੍ਰੋਜੈਕਟ ਅਧੀਨ ਸਕੂਲੀ ਵਰਦੀਆਂ ਬਣਾਉਣ ਦਾ ਕੰਮ ਪਿੰਡਾਂ ਵਿਚ ਬਣੇ ਸਵੈ-ਸਹਾਇਤਾ ਗਰੁੱਪਾਂ ਦੀਆਂ ਔਰਤਾਂ ਤੋਂ ਕਰਵਾਇਆ ਜਾ ਰਿਹਾ ਹੈ ਤਾਂ ਜੋ ਆਤਮ-ਨਿਰਭਰ ਹੋਣ ਦੇ ਨਾਲ-ਨਾਲ ਉਨ੍ਹਾਂ ਦੀ ਆਜੀਵਿਕਾ ਵਿਚ ਵੀ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਵਿਚ ਇਸ ਪ੍ਰੋਜੈਕਟ ਪ੍ਰਤੀ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਉਨਾਂ ਵਰਦੀਆਂ ਤਿਆਰ ਕਰ ਰਹੀਆਂ ਔਰਤਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਬੀ.ਡੀ.ਪੀ.ਓ ਬਲਾਚੌਰ ਵਿਪਨ ਕੁਮਾਰ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵੀ ਮੌਜੂਦ ਸਨ।
https://play.google.com/store/apps/details?id=in.yourhost.samaj