ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਔੜ ਬਲਾਕ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼ਹੀਦ ਭਗਤ ਸਿੰਘ ਨਗਰ ਅਵਨੀਤ ਕੌਰ ਵੱਲੋਂ ਅੱਜ ਔੜ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਮਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਉਹ ਚੱਲ ਰਹੇ ਸਾਰੇ ਕੰਮਾਂ ਦੀ ਖ਼ੁਦ ਨਿਗਰਾਨੀ ਕਰਨ ਅਤੇ ਸਮੇਂ-ਸਮੇਂ ‘ਤੇ ਇਨ੍ਹਾਂ ਦਾ ਜਾਇਜ਼ਾ ਲੈਣ। ਇਸ ਦੌਰਾਨ ਉਨ੍ਹਾਂ ਪਿੰਡਾਂ ਨੂੰ ਸਾਫ-ਸੁਥਰਾ ਰੱਖਣ ਦੇ ਮਕਸਦ ਨਾਲ ਸਮੂਹ ਪਿੰਡਾਂ ਵਿਚ ਸੁੱਕੇ ਅਤੇ ਗਿੱਲੇ ਕੂੜੇ ਦੇ ਨਿਪਟਾਰੇ ਲਈ ‘ਸਾਲਿਡ ਵੇਸਟ ਮੈਨੇਜਮੈਂਟ ਅਤੇ ਲੀਕੁਇਡ ਵੇਸਟ ਮੈਨੇਜਮੈਂਟ ਪਲਾਨ’ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly