ਹੁਸ਼ਿਆਰਪੁਰ (ਸਮਾਜ ਵੀਕਲੀ) ((ਸਤਨਾਮ ਸਿੰਘ ਸਹੂੰਗੜਾ) ਰੋਟਰੀ ਆਈ ਬੈਂਕ ਅਤੇ ਕੋਰਨੀਆ ਟਰਾਂਸਪਲਾਂਟ ਸੁਸਾਇਟੀ ਦੀ ਤਰਫੋਂ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਸੁਸਾਇਟੀ ਦੇ ਅਧਿਕਾਰੀਆਂ ਨੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਸੁਸਾਇਟੀ ਦੇ ਚੇਅਰਮੈਨ ਜੇ.ਬੀ ਬਹਿਲ ਵੀ ਹਾਜ਼ਰ ਸਨ। ਇਸ ਮੌਕੇ ਪ੍ਰਿੰਸੀਪਲ ਸੰਜੀਵ ਅਰੋੜਾ ਨੇ ਗੁਰਵਿੰਦਰ ਸਿੰਘ ਬਾਹਰਾ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਸੋਸਾਇਟੀ ਵੱਲੋਂ ਕੋਰਨੀਅਲ ਨੇਤਰ-ਹੀਣਤਾ ਤੋਂ ਪੀੜ੍ਹਤ 4100 ਤੋਂ ਵੱਧ ਲੋਕਾਂ ਨੂੰ ਨਵੀਆਂ ਅੱਖਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਹੁਣ ਉਹ ਇਸ ਸੁੰਦਰ ਸੰਸਾਰ ਨੂੰ ਆਪਣੀਆ ਅੱਖਾਂ ਨਾਲ ਵੇਖ ਸਕਦੇ ਹਨ। ਸ੍ਰੀ ਅਰੋੜਾ ਨੇ ਦੱਸਿਆ ਕਿ ਹੁਣ ਤੱਕ ਸੁਸਾਇਟੀ ਵੱਲੋਂ 24 ਲਾਸ਼ਾਂ ਨੂੰ ਮਰਨ ਉਪਰੰਤ ਵੱਖ-ਵੱਖ ਮੈਡੀਕਲ ਕਾਲਜਾਂ ਨੂੰ ਖੋਜ ਲਈ ਭੇਜਿਆ ਜਾ ਚੁੱਕਾ ਹੈ। ਚੇਅਰਮੈਨ ਜੇ.ਬੀ.ਬਹਿਲ ਨੇ ਦੱਸਿਆ ਕਿ ਸੁਸਾਇਟੀ ਪਿਛਲੇ 15 ਸਾਲਾਂ ਤੋਂ ਕੌਰਨੀਆ ਟਰਾਂਸਪਲਾਂਟ ਦਾ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਮਰੀਜ਼ ਤੋਂ ਕੋਈ ਪੈਸਾ ਨਹੀਂ ਲਿਆ ਜਾਂਦਾ। ਪਰ ਇਹ ਸਭ ਕੁਝ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ ਅਤੇ ਉਨ੍ਹਾਂ ਕਿਹਾ ਕਿ ਸੇਵਾ ਦਾ ਇਹ ਕਾਰਜ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਦੇਸ਼ ਅੰਨ੍ਹੇਪਣ ਤੋਂ ਮੁਕਤ ਨਹੀਂ ਹੋ ਜਾਂਦਾ। ਇਸ ਮੌਕੇ ਗੁਰਵਿੰਦਰ ਸਿੰਘ ਬਾਹਰਾ ਨੇ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੋਟਰੀ ਆਈ ਬੈਂਕ ਵੱਲੋਂ ਕੋਰਨੀਅਲ ਅੰਨ੍ਹੇਪਣ ਨੂੰ ਦੂਰ ਕਰਨ ਦਾ ਕੰਮ ਬਹੁਤ ਹੀ ਸ਼ਲਾਘਾਯੋਗ ਹੈ। ਜਿਸ ਨੂੰ ਉਹ ਅਖਬਾਰਾਂ ਰਾਹੀਂ ਪੜ੍ਹਦੇ ਰਹਿੰਦੇ ਹਨ ਅਤੇ ਉਨ੍ਹਾਂ ਕਿਹਾ ਕਿ ਅੱਜ ਰੋਟਰੀ ਆਈ ਬੈਂਕ ਵਰਗੀਆਂ ਸੰਸਥਾਵਾਂ ਦੇ ਬਲਬੂਤੇ ਹੀ ਸਾਡਾ ਸਮਾਜ ਤਰੱਕੀ ਕਰ ਰਿਹਾ ਹੈ ਅਤੇ ਉਨ੍ਹਾਂ ਕਿਹਾ ਕਿ ਕਿਸੇ ਦੇ ਹਨੇਰੇ ਜੀਵਨ ਨੂੰ ਰੌਸ਼ਨੀ ਪ੍ਰਦਾਨ ਕਰਨਾ ਸਭ ਤੋਂ ਵੱਡਾ ਪੁੰਨ ਹੈ। ਉਨ੍ਹਾਂ ਸੁਸਾਇਟੀ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕੈਂਪਸ ਡਾਇਰੈਕਟਰ ਚੰਦਰ ਮੋਹਨ, ਮਦਨ ਲਾਲ ਮਹਾਜਨ, ਜਸਵੀਰ ਕੰਵਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly