ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੰਜਾਬ ਸਰਕਾਰ ਦੇ ਟ੍ਰੈਫ਼ਿਕ ਸਲਾਹਕਾਰ ਨਵਦੀਪ ਅਸੀਜਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸੜਕ ਸੁਰੱਖਿਆ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਟ੍ਰੈਫਿਕ) ਨਵਨੀਤ ਕੌਰ ਗਿੱਲ ਅਤੇ ਏ.ਆਰ.ਟੀ.ਓ ਸੰਦੀਪ ਭਾਰਤੀ ਵੀ ਮੌਜੂਦ ਸਨ। ਨਿਰੀਖਣ ਦੌਰਾਨ ਉਨ੍ਹਾਂ ਜ਼ਿਲ੍ਹੇ ਭਰ ਦੇ ਰਾਸ਼ਟਰੀ ਰਾਜਮਾਰਗਾਂ, ਸਟੇਟ ਰਾਜਮਾਰਗਾਂ, ਸ਼ਹਿਰੀ ਅਤੇ ਪੇਂਡੂ ਸੜਕਾਂ ‘ਤੇ ਸੜਕ ਦੁਰਘਟਨਾਵਾਂ ਨਾਲ ਸਬੰਧਤ ਬਲੈਕ ਸਪਾਟ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਸੜਕ ਸੁਰੱਖਿਆ ਕੰਮਾਂ ਦੀ ਸਮੀਖਿਆ ਕੀਤੀ।
ਨਵਦੀਪ ਅਸੀਜਾ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਐਸ.ਐਸ.ਪੀ ਹੁਸ਼ਿਆਰਪੁਰ ਅਤੇ ਆਰ.ਟੀ.ਓ ਵੱਲੋਂ ਸੜਕ ਸੁਰੱਖਿਆ ਲਈ ਕੀਤੇ ਜਾ ਰਹੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵੱਖ-ਵੱਖ ਸਥਾਨਾਂ ‘ਤੇ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦਾ ਵੀ ਜਾਇਜ਼ਾ ਲਿਆ ਅਤੇ ਆਗਾਮੀ ਯੋਜਨਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਇਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਰੇ ਸਬੰਧਤ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ, ਤਾਂ ਜੋ ਦੁਰਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ ਅਤੇ ਲੋਕਾਂ ਦੀ ਜਾਨ ਬਚਾਈ ਜਾ ਸਕੇ। ਟ੍ਰੈਫਿਕ ਸਲਾਹਕਾਰ ਨੇ ਜ਼ਿਲ੍ਹਾ ਵਾਸੀਆਂ ਅਤੇ ਵਾਹਨ ਚਾਲਕਾਂ ਨੂੰ ਵੀ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਅਤੇ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਸੜਕ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਨਾਲ ਪ੍ਰਤੀਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੁਖ ਉਦੇਸ਼ ਟ੍ਰੈਫਿਕ ਪ੍ਰਬੰਧਨ ਅਤੇ ਸੁਰੱਖਿਆ ਉਪਾਵਾਂ ਦੀ ਸਮੀਖਿਆ ਕਰਨਾ ਅਤੇ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਦੇਣਾ ਸੀ। ਇਸ ਦੌਰਾਨ ਉਨ੍ਹਾਂ ਮੁੱਖ ਆਵਾਜਾਈ ਜੰਕਸ਼ਨ, ਸਕੂਲਾਂ ਦੇ ਆਸਪਾਸ ਦੇ ਖੇਤਰਾਂ ਅਤੇ ਚਹਿਲ-ਪਹਿਲ ਵਾਲੇ ਬਾਜ਼ਾਰਾਂ ਦਾ ਵੀ ਨਿਰੀਖਣ ਕੀਤਾ।
ਨਵਦੀਪ ਅਸੀਜਾ ਨੇ ਸਥਾਨਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਟ੍ਰੈਫਿਕ ਦੇ ਪ੍ਰਤੀ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਦਾ ਆਯੋਜਨ ਕਰਨ। ਉਨ੍ਹਾਂ ਕਿਹਾ ਕਿ ਸਥਾਨਕ ਜਨਤਾ ਦੀ ਭਾਗੀਦਾਰੀ ਅਤੇ ਸਹਿਯੋਗ ਨਾਲ ਹੀ ਟ੍ਰੈਫਿਕ ਸਮੱਸਿਆਵਾਂ ਦਾ ਸਥਾਈ ਹੱਲ ਸੰਭਵ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly