HOME ਸੰਗਰੂਰ ਵਿਖੇ ਆਦਿਵਾਸੀਆਂ ਦੇ ਕਤਲੇਆਮ ਵਿਰੁੱਧ ਸੂਬਾਈ ਕਨਵੈਨਸ਼ਨ ਅਤੇ ਮੁਜ਼ਾਹਰਾ 22 ਮਈ...

ਸੰਗਰੂਰ ਵਿਖੇ ਆਦਿਵਾਸੀਆਂ ਦੇ ਕਤਲੇਆਮ ਵਿਰੁੱਧ ਸੂਬਾਈ ਕਨਵੈਨਸ਼ਨ ਅਤੇ ਮੁਜ਼ਾਹਰਾ 22 ਮਈ ਨੂੰ

ਜਮਹੂਰੀ ਹੱਕਾਂ ਦੀ ਝੰਡਾਬਰਦਾਰ ਡਾ. ਨਵਸ਼ਰਨ ਹੋਣਗੇ ਮੁੱਖ ਵਕਤਾ   
ਸੰਗਰੂਰ  (ਸਮਾਜ ਵੀਕਲੀ)    ਓਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਸੂਬਾਈ ਕਨਵੀਨਰਾਂ ਡਾ.ਪਰਮਿੰਦਰ, ਪ੍ਰੋਫੈਸਰ ਏ.ਕੇ.ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਨੇ ਦੱਸਿਆ ਕਿ ਬਸਤਰ ਅਤੇ ਹੋਰ ਆਦਿਵਾਸੀ ਇਲਾਕਿਆਂ ਅੰਦਰ ਨਕਸਲਵਾਦ ਨੂੰ ਖ਼ਤਮ ਕਰਨ ਦੇ ਨਾਂ ਹੇਠ ਕੀਤੇ ਜਾ ਰਹੇ ਵਹਿਸ਼ੀਆਨਾ ਕਤਲੇਆਮ ਵਿਰੁੱਧ ਆਵਾਜ਼ ਉਠਾਉਣ ਲਈ 22 ਮਈ ਨੂੰ ਪਰਲ ਪੈਲੇਸ ( ਨੇੜੇ ਬਰਨਾਲਾ ਕੈਂਚੀਆਂ ) ਸੰਗਰੂਰ ਵਿਖੇ ਸਵੇਰੇ 10 ਵਜੇ ਸੂਬਾਈ ਕਨਵੈਨਸ਼ਨ ਕਰਨ ਉਪਰੰਤ ਜ਼ੋਰਦਾਰ ਮੁਜ਼ਾਹਰਾ ਕੀਤਾ ਜਾਵੇਗਾ। ਸਮਾਗਮ ਦੇ ਮੁੱਖ ਵਕਤਾ ਜਮਹੂਰੀ ਹੱਕਾਂ ਦੀ ਪਹਿਰੇਦਾਰ ਨਾਮਵਰ ਸ਼ਖ਼ਸੀਅਤ ਡਾ. ਨਵਸ਼ਰਨ ਹੋਣਗੇ। ਆਗੂਆਂ ਨੇ ਕਿਹਾ ਕਿ ਮਾਓਵਾਦੀ ਅਤੇ ਹੋਰ ਹਥਿਆਰਬੰਦ ਲਹਿਰਾਂ ਦੇ ਰੂਪ ’ਚ ਭਾਰਤੀ ਸਟੇਟ ਨਾਲ ਹਥਿਆਰਬੰਦ ਟਕਰਾਅ ਨੰਗੇ ਅਨਿਆਂ ਅਤੇ ਘੋਰ ਨਾਬਰਾਬਰੀ ’ਤੇ ਆਧਾਰਤ ਮੌਜੂਦਾ ਰਾਜਨੀਤਕ ਪ੍ਰਬੰਧ ਦੀ ਲੋਕ ਵਿਰੋਧੀ ਕਾਰਗੁਜ਼ਾਰੀ ਦਾ ਨਤੀਜਾ ਹੈ। ਜਿਸ ਨੂੰ ਰਾਜਨੀਤਕ ਮਸਲੇ ਵਜੋਂ ਲੈ ਕੇ ਬੁਨਿਆਦੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਭਾਰਤੀ ਹੁਕਮਰਾਨ ਜੰਗਲੀ-ਪਹਾੜੀ ਇਲਾਕਿਆਂ ਨੂੰ ਸੁਰੱਖਿਆ ਬਲਾਂ ਦੀ ਵਿਆਪਕ ਛਾਉਣੀ ਬਣਾ ਕੇ ਅਤੇ ‘ਓਪਰੇਸ਼ਨ ਕਗਾਰ’ ਵਰਗੇ ਨੀਮ-ਫ਼ੌਜੀ ਓਪਰੇਸ਼ਨ ਚਲਾਕੇ ਸੰਘਰਸ਼ਸ਼ੀਲ ਦੱਬੇ ਕੁਚਲੇ ਲੋਕਾਂ ਦੀਆਂ ਲਾਸ਼ਾਂ ਵਿਛਾਉਣ ਦੀ ਨੀਤੀ ’ਤੇ ਚੱਲ ਰਹੇ ਹਨ। ਇਹ ਦਰਅਸਲ, ਕੁਦਰਤੀ ਵਸੀਲਿਆਂ ਨਾਲ ਭਰਪੂਰ ਜੰਗਲੀ-ਪਹਾੜੀ ਇਲਾਕਿਆਂ ਅਤੇ ਹੋਰ ਜ਼ਮੀਨਾਂ ਉੱਪਰ ਕਾਰਪੋਰੇਟ ਪ੍ਰੋਜੈਕਟ ਥੋਪਣ ਦੀ ਲੋਕ ਵਿਰੋਧੀ ਸਾਜ਼ਿਸ਼ ਹੈ ਅਤੇ ਇਸ ‘ਵਿਕਾਸ’ ਮਾਡਲ ਰਾਹੀਂ ਕਿਸਾਨਾਂ ਮਜ਼ਦੂਰਾਂ ਦੇ ਉਜਾੜੇ ਦਾ ਖ਼ਤਰਾ ਪੰਜਾਬ ਵਰਗੇ ਖੇਤਰਾਂ ਉੱਪਰ ਵੀ ਮੰਡਲਾ ਰਿਹਾ ਹੈ। ਪੰਜਾਬ ਵਿਚ ਇਨ੍ਹਾਂ ਨੀਤੀਆਂ ਅਤੇ ਲੋਕ ਵਿਰੋਧੀ ਪ੍ਰੋਜੈਕਟਾਂ ਦੇ ਹਮਲੇ ਦੇ ਸਰੋਕਾਰ ਦੇ ਮੱਦੇਨਜ਼ਰ ਆਦਿਵਾਸੀਆਂ ਅਤੇ ਉਨ੍ਹਾਂ ਦੇ ਹਿੱਤਾਂ ਲਈ ਜੂਝਦੇ ਇਨਕਲਾਬੀਆਂ ਦੇ ਕਤਲੇਆਮ ਵਿਰੁੱਧ ਜਨਤਕ ਜਮਹੂਰੀ ਆਵਾਜ਼ ਦਾ ਉੱਠਣਾ ਸਮੇਂ ਦੀ ਅਹਿਮ ਮੰਗ ਹੈ। ਉਨ੍ਹਾਂ ਦੱਸਿਆ ਕਿ ਇਸ ਜਮਹੂਰੀ ਇਕੱਠ ਦੀ ਕਾਮਯਾਬੀ ਲਈ ਵੱਖ-ਵੱਖ ਇਲਾਕਿਆਂ ਵਿਚ ਸੰਪਰਕ ਮੁਹਿੰਮ ਚਲਾ ਕੇ ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ, ਰੰਗਕਰਮੀਆਂ, ਵਕੀਲਾਂ, ਪੱਤਰਕਾਰਾਂ ਸਮੇਤ ਪੰਜਾਬ ਦੀਆਂ ਸਮੂਹ ਲੋਕਪੱਖੀ ਤਾਕਤਾਂ ਨੂੰ ਇਸ ਜਾਬਰ ਹਮਲੇ ਵਿਰੁੱਧ ਆਵਾਜ਼ ਉਠਾਉਣ ਅਤੇ ਸੂਬਾਈ ਇਕੱਠ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਜਾਰੀ ਕਰਤਾ: ਡਾ. ਪਰਮਿੰਦਰ 95010-25030, 
 ਬੂਟਾ ਸਿੰਘ ਮਹਿਮੂਦਪੁਰ 94634-74342,
 ਪ੍ਰੋਫੈਸਰ ਏ.ਕੇ.ਮਲੇਰੀ 98557-00310,
 ਯਸ਼ਪਾਲ 98145-35005
Previous articleWhat has been the gain or loss of India and Pakistan during the recent conflict?
Next articleਕੌਮੀ ਡੇਂਗੂ ਦਿਵਸ ਮਨਾਇਆ ਗਿਆ