ਨਵੀਂ ਦਿੱਲੀ (ਸਮਾਜ ਵੀਕਲੀ): ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਮੁਲਕ ਵਾਸੀਆਂ ਲਈ ਪ੍ਰੇਰਨਾ ਸਰੋਤ ਰਹੇ ਹਨ।
ਸ੍ਰੀ ਚੌਟਾਲਾ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਨੂੰ ਉਨ੍ਹਾਂ ਦੀ 21ਵੀਂ ਬਰਸੀ ਮੌਕੇ ਨਵੀਂ ਦਿੱਲੀ ਵਿੱਚ ਸੰਘਰਸ਼ ਵਾਲੀ ਥਾਂ ਦੇ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਅਭੈ ਸਿੰਘ ਚੌਟਾਲਾ, ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅਤੇ ਸਾਬਕਾ ਸੰਸਦ ਮੈਂਬਰ ਅਜੈ ਸਿੰਘ ਚੌਟਾਲਾ ਨੇ ਵੀ ਮਰਹੂਮ ਦੇਵੀ ਲਾਲ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੀ 21ਵੀਂ ਬਰਸੀ ਮੌਕੇ ਸਰਬ ਧਰਮ ਪ੍ਰਾਰਥਨਾ ਸਭਾ ਦਾ ਪ੍ਰਬੰਧ ਵੀ ਕੀਤਾ ਗਿਆ।
ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਮਰਹੂਮ ਚੌਧਰੀ ਦੇਵੀ ਲਾਲ ਨੂੰ ‘ਸੰਸਥਾ’ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ, ਤਪੱਸਿਆ ਅਤੇ ਸੰਘਰਸ਼ਮਈ ਜੀਵਨ ਹਮੇਸ਼ਾ ਸਾਰਿਆਂ ਲਈ ਪ੍ਰੇਰਨਾਦਾਇਕ ਰਹੇਗਾ। ਜਨਤਾ ਦਰਬਾਰਾਂ ਦਾ ਜ਼ਿਕਰ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਮਰਹੂਮ ਆਗੂ ਨੇ ਇਨ੍ਹਾਂ ਦਰਬਾਰਾਂ ਨਾਲ ਸਿਆਸੀ ਤਬਦੀਲੀ ਲਿਆਂਦੀ। ਪ੍ਰਸ਼ਾਸਨ ਨੂੰ ਆਮ ਲੋਕਾਂ, ਖ਼ਾਸ ਕਰ ਕੇ ਪਿੰਡਾਂ ਤੱਕ ਪਹੁੰਚਾਇਆ ਹੈ। ਮਰਹੂਮ ਚੌਧਰੀ ਦੇਵੀ ਲਾਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਦੇਸ਼ ਭਰ ਵਿੱਚ ਪਾਲਣ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly