ਗੈਂਗਸਟਰਾਂ ਨੂੰ ਅਸਲਾ ਦੇਣ ਵਾਲੇ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਜ਼ਿਲ੍ਹਾ ਮੁਹਾਲੀ ਪੁਲੀਸ ਨੇ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਅਤੇ ਹਥਿਆਰ ਬਣਾਉਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 20 ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਐੱਸਐੱਸਪੀ ਨੇ ਦੱਸਿਆ ਕਿ ਗੈਂਗਸਟਰਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਥਿਆਰਾਂ ਦੇ ਸਰੋਤਾਂ ਦੀ ਪਛਾਣ ਕਰਨ ਲਈ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮੱਧ ਪ੍ਰਦੇਸ਼ ਦੇ ਸੇਦਵਾ ਸ਼ਹਿਰ ਨੇੜਿਉਂ ਪਿੰਡ ਕਲਾਲਦਾ ਤੋਂ ਅਨਿਲ ਰਾਜੂ ਪਾਵਰਾ ਅਤੇ ਅਨਵੀਰ ਜਾਮ ਸਿੰਘ ਪਾਵਰਾ ਵਾਸੀ ਪਿੰਡ ਉਮਰਟੀ (ਮਹਾਰਾਸ਼ਟਰ) ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮਾਂ ਕੋਲੋਂ .32 ਬੋਰ ਦੇ 20 ਨਾਜਾਇਜ਼ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਸੋਨੀ ਨੇ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਦੋਵੇਂ ਮੁਲਜ਼ਮ ਮੱਧ ਪ੍ਰਦੇਸ਼ ਦੇ ਜੰਗਲੀ ਇਲਾਕੇ ਵਿੱਚ ਛੋਟੀਆਂ ਬਸਤੀਆਂ ਵਿੱਚ ਨਾਜਾਇਜ਼ ਅਸਲਾ ਬਣਾਉਂਦੇ ਸਨ ਅਤੇ ਦੇਸ਼ ਵਿੱਚ ਅਪਰਾਧਿਕ ਗਤੀਵਿਧੀਆਂ ਕਰਦੇ ਸਨ। ਉਨ੍ਹਾਂ ਵੱਲੋਂ ਗੈਂਗਸਟਰਾਂ ਨੂੰ ਇੱਥੋਂ ਹੀ ਅਸਲਾ ਸਪਲਾਈ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਹੁਣ ਤੱਕ ਅਜਿਹੇ 70 ਨਾਜਾਇਜ਼ ਹਥਿਆਰ ਬਰਾਮਦ ਕਰ ਚੁੱਕੀ ਹੈ ਜਿਨ੍ਹਾਂ ਦਾ ਸਿੱਧੇ ਅਤੇ ਅਸਿੱਧੇ ਤੌਰ ’ਤੇ ਮੱਧ ਪ੍ਰਦੇਸ਼ ਨਾਲ ਹੀ ਲਿੰਕ ਜੁੜਦਾ ਸੀ। ਸੀਆਈਏ ਸਟਾਫ਼ ਮੁਹਾਲੀ ਨੇ ਪਿਛਲੇ ਲੰਮੇ ਸਮੇਂ ਤੋਂ ਖ਼ੁਫ਼ੀਆ ਢੰਗ ਨਾਲ ਇਸ ਗਰੋਹ ਤੱਕ ਪਹੁੰਚ ਕਰਕੇ ਉਕਤ ਕਾਰਵਾਈ ਨੂੰ ਅੰਜਾਮ ਦਿੱਤਾ। ਇਨ੍ਹਾਂ ਮੁਲਜ਼ਮਾਂ ਨੂੰ ਬੀਤੀ 28 ਅਕਤੂਬਰ ਨੂੰ ਖਰੜ ਸਿਟੀ ਥਾਣੇ ਵਿੱਚ ਦਰਜ ਅਸਲਾ ਐਕਟ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਕੁੱਝ ਦਿਨ ਪਹਿਲਾਂ ਹੀ ਪੁਲੀਸ ਨੇ ਗੈਂਗਸਟਰ ਪਰਮਜੀਤ ਸਿੰਘ ਉਰਫ਼ ਪੰਮਾ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਸੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ
Next articleSyed Mushtaq Ali Trophy: Mumbai beat Himachal Pradesh by three wickets to win maiden title