ਜ਼ਿਲ੍ਹੇ ਵਿਚ ਅਣ-ਅਧਿਕਾਰਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ

ਨਵਾਂਸ਼ਹਿਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕਿਸੇ ਵੀ ਜਨਤਕ ਗਲੀ/ਪਾਰਕ/ ਸਰਕਾਰੀ ਜਮੀਨ ਉੱਤੇ ਅਣ-ਅਧਿਕਾਰਤ ਤੌਰ ’ਤੇ ਕਿਸੇ ਵੀ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਦੀ ਉਸਾਰੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਵਿਭਾਗ ਦੇ ਅਧਿਕਾਰੀ ਵੱਲੋਂ ਜਨਤਕ ਸਥਾਨ ‘ਤੇ ਉਸਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮਾਣਯੋਗ ਸੁਪਰੀਮ ਕੋਰਟ ਵੱਲੋਂ ਐਸ.ਐਲ.ਪੀ.(ਸਿਵਲ) 8519/2006 ਭਾਰਤ ਸਰਕਾਰ ਬਨਾਮ ਗੁਜਰਾਤ ਸਰਕਾਰ ਵਿਚ ਸਪੱਸ਼ਟ ਤੌਰ ’ਤੇ ਦਿੱਤੇ ਨਿਰਦੇਸ਼ਾਂ ਵਿਚ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ ਉੱਤੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਸਖ਼ਤੀ ਨਾਲ ਰੋਕ ਲਾਈ ਹੈ। ਇਨ੍ਹਾਂ ਹੁਕਮਾਂ ਦੀ ਪਾਲਣਾ ਵਿਚ ਹੀ ਇਹ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੱਖੋ-ਵੱਖਰੇ ਵਿਭਾਗਾਂ ਦੇ ਮੁਖੀਆਂ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਦੇ ਅਧੀਨ ਪੈਂਦੀ ਕਿਸੇ ਵੀ ਅਜਿਹੀ ਥਾਂ ’ਤੇ ਕਿਸੇ ਵੀ ਤਰ੍ਹਾਂ ਦੇ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਦੀ ਉਸਾਰੀ ਨਾ ਹੋਵੇ ਅਤੇ ਉਹ ਇਸ ਦੀ ਬਾਕਾਇਦਾ ਨਜ਼ਰਸਾਨੀ ਕਰਦੇ ਰਹਿਣ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਗਰ ਕੌਂਸਲ/ਪੰਚਾਇਤੀ/ਸ਼ਾਮਲਾਟ/ਮੁਸ਼ਤਰਕਾ ਮਾਲਕਾਂ ਦੀ ਜ਼ਮੀਨ ’ਤੇ ਕਿਸੇ ਵੀ ਧਾਰਮਿਕ ਸਥਾਨ ਦੀ ਅਣ-ਅਧਕਾਰਿਤ ਤੌਰ ’ਤੇ ਉਸਾਰੀ ਨਾ ਹੋਣ ਦੇਣ। ਜੇਕਰ ਕੋਈ ਵਿਅਕਤੀ ਉਲੰਘਣਾ ਕਰਦਾ ਹੈ ਤਾਂ ਉਸ ਬਾਰੇ ਤੁਰੰਤ ਸੰਬੰਧਿਤ ਥਾਣੇ ਦੇ ਮੁੱਖ ਥਾਣਾ ਅਫ਼ਸਰ ਨੂੰ ਸਬੰਧਤ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਰਿਪੋਰਟ ਕੀਤੀ ਜਾਵੇ। ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਪੁਲਿਸ ਕਪਤਾਨ ਨੂੰ ਆਪਣੇ ਇਨ੍ਹਾਂ ਰੋਕ ਦੇ ਹੁਕਮਾਂ ਦੀ ਅਦੂਲੀ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਸਥਾ ਖ਼ਿਲਾਫ਼ ਤੁਰੰਤ ਫ਼ੌਜਦਾਰੀ ਪਰਚਾ ਦਰਜ ਕਰਨ ਅਤੇ ਉਸਾਰੀ ਬੰਦ ਕਰਵਾਉਣ ਲਈ ਵੀ ਆਖਿਆ ਹੈ। ਇਹ ਹੁਕਮ 12 ਮਈ, 2025 ਤੱਕ ਜਾਰੀ ਰਹਿਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleतेरा साथ
Next articleਭਾਰਤ ‘ਚ ਤੇਲ ਦੀਆਂ ਕੀਮਤਾਂ ਵਧਣਗੀਆਂ!…, ਟਰੰਪ ਨੇ ਵੈਨੇਜ਼ੁਏਲਾ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ