ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਲਿਖੇ ਖੂਨ ਨਾਲ ਪੱਤਰ

ਸੰਗਰੂਰ (ਸਮਾਜ ਵੀਕਲੀ): ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕਾਂ ਵਲੋਂ ਅੱਜ ਮੰਗਾਂ ਸਬੰਧੀ ਆਪਣੇ ਖੂਨ ਨਾਲ ਪੱਤਰ ਲਿਖ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਭੇਜੇ ਹਨ। ਬੇਰੁਜ਼ਗਾਰ ਅਧਿਆਪਕਾਂ ਵਲੋਂ ਖੂਨ ਨਾਲ ਲਿਖੇ ਪੱਤਰ ਸਿੱਖਿਆ ਮੰਤਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਕੋਠੀ ਵਿਚ ਸੁੱਟੇ ਗਏ। ਬੇਰੁਜ਼ਗਾਰ ਅਧਿਆਪਕਾਂ ਵਲੋਂ ਖੂਨ ਨਾਲ ਲਿਖੇ ਪੱਤਰ ਹੱਥਾਂ ਵਿਚ ਚੁੱਕ ਕੇ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕ ਮੁਨੀਸ਼ ਫਾਜ਼ਿਲਕਾ ਪਿਛਲੇ ਦਸ ਦਿਨਾਂ ਤੋਂ ਸਿਵਲ ਹਸਪਤਾਲ ’ਚ ਸਥਿਤ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਹੋਇਆ ਹੈ ਜਦੋਂ ਕਿ ਬੇਰੁਜ਼ਗਾਰ ਅਧਿਆਪਕ ਟੈਂਕੀ ਦੇ ਹੇਠਾਂ ਪੱਕਾ ਮੋਰਚਾ ਲਗਾ ਕੇ ਬੈਠੇ ਹਨ।

ਇਸ ਤੋਂ ਇਲਾਵਾ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ 31 ਦਸੰਬਰ 2020 ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਵੀ ਜਾਰੀ ਹੈ। ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਤੋਂ ਖਫ਼ਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਅੱਜ ਆਪਣੀਆਂ ਰਗਾਂ ’ਚੋਂ ਖੂਨ ਕੱਢ ਕੇ ਪੋਸਟਰ ਰੂਪੀ ਪੱਤਰ ਲਿਖੇ ਗਏ ਅਤੇ ਨਾਅਰੇਬਾਜ਼ੀ ਕਰਦੇ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ’ਤੇ ਪੁੱਜੇ। ਇਸ ਮੌਕੇ ਯੂਨੀਅਨ ਆਗੂ ਅਮਨ ਸੇਖਾ, ਸੰਦੀਪ ਗਿੱਲ ਅਤੇ ਗਗਨਦੀਪ ਕੌਰ ਨੇ ਦੱਸਿਆ ਕਿ ਅੱਜ 15 ਬੇਰੁਜ਼ਗਾਰ ਅਧਿਆਪਕਾਂ ਨੇ ਆਪਣਾ ਖੂਨ ਕਢਵਾਇਆ ਜਿੰਨ੍ਹਾਂ ’ਚ 8 ਲੜਕੀਆਂ ਅਤੇ 7 ਲੜਕੇ ਸ਼ਾਮਲ ਸਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹੁਣ ਤੱਕ ਦੀ ਸਭ ਤੋਂ ਢੀਠ ਸਰਕਾਰ ਸਾਬਤ ਹੋਈ ਹੈ ਜੋ ਕਿ ਬੇਰੁਜ਼ਗਾਰਾਂ ਦਾ ਖੂਨ ਚੂਸ ਰਹੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿਸਤੌਲ ਦਿਖਾ ਕੇ ਕਾਰ ਖੋਹੀ
Next articleਕੋਟਕਪੂਰਾ ਗੋਲੀ ਕਾਂਡ: ਸਾਬਕਾ ਡੀਜੀਪੀ ਸੁਮੇਧ ਸੈਣੀ ਜਾਂਚ ਟੀਮ ਵੱਲੋਂ ਤਲਬ