ਨਵੀਂ ਦਿੱਲੀ, (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਸਥਾਈ ਹੱਲ ਤਰਜੀਹੀ ਆਧਾਰ ’ਤੇ ਤਲਾਸ਼ਣ ਲਈ ਕਿਹਾ ਤੇ ਦੱਸਿਆ ਕਿ ਇਸ ਕਾਰਨ ਖੇਤੀਬਾੜੀ ਪ੍ਰਧਾਨ ਸੂਬੇ ਦੀ ਆਰਥਿਕਤਾ ਵਿੱਚ ਖੜੋਤ ਆਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨਾਲ ਤੁਰੰਤ ਸੰਵਾਦ ਦੀ ਪ੍ਰਕਿਰਿਆ ਮੁੜ ਸ਼ੁਰੂ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਖੇਤੀ ਕਾਨੂੰਨ ਦਾ ਮਸਲਾ ਹੱਲ ਕੀਤਾ ਜਾ ਸਕੇ। ਉਨ੍ਹਾਂ ਇਸ ਲਈ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ। ਚੰਨੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਵੀ ਇਹੀ ਚਾਹੁੰਦੇ ਹਨ ਤੇ ਇਸ ਲਈ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੀ ਆਰਥਿਕਤਾ ਖੇਤੀ ਅਧਾਰਿਤ ਹੈ ਤੇ ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇ ਕਿਸਾਨ ਤੇ ਖੇਤ ਮਜ਼ਦੂਰ ਖ਼ੁਸ਼ ਹਨ।
ਚੰਨੀ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਲਈ ਮੋਹਰੀ ਹੋ ਕੇ ਲੜਿਆ ਹੈ, ਚਾਹੇ ਉਹ ਆਜ਼ਾਦੀ ਲਈ ਹੋਵੇ ਜਾਂ ਫਿਰ ਦੇਸ਼ ਦੀ ਅਖੰਡਤਾ ਲਈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਮਸਲਾ ਛੇਤੀ ਨਿਬੇੜਨ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਖ਼ਰੀਦ ਪ੍ਰਕਿਰਿਆ 10 ਅਕਤੂਬਰ ਤੱਕ ਅੱਗੇ ਪਾ ਦਿੱਤੀ ਗਈ ਸੀ। ਮੁੱਖ ਮੰਤਰੀ ਚੰਨੀ ਨੇ ਅੱਜ ਸ਼ਾਮ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ਤੇ ਮੁੱਖ ਮੰਤਰੀ ਬਣਨ ਮਗਰੋਂ ਇਸ ਪਹਿਲੀ ਫੇਰੀ ਨੂੰ ਰਸਮੀ ਦੱਸਿਆ। ਉਨਾਂ ਕਿਹਾ ਕਿ ਇਹ ਕਿਸੇ ਵੀ ਮੁੱਖ ਮੰਤਰੀ ਦਾ ਫ਼ਰਜ਼ ਹੁੰਦਾ ਹੈ ਕਿ ਉਹ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਮੁੱਚੇ ਤੌਰ ’ਤੇ ਮੁਲਾਕਾਤ ਬੇਹੱਦ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਸੂਬੇ ਵਿੱਚ ਝੋਨੇ ਦੀ ਖ਼ਰੀਦ, ਜੋ ਕਿ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਸੀ ਪਰ ਹੁਣ ਕੇਂਦਰ ਸਰਕਾਰ ਦੇ ਹੁਕਮਾਂ ਕਾਰਨ ਅੱਗੇ ਪੈ ਗਈ ਹੈ, ਬਾਰੇ ਕੀਤੇ ਗਏ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਚੰਨੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਛੇਤੀ ਹੀ ਖੁਰਾਕ ਮੰਤਰਾਲੇ ਨਾਲ ਗੱਲਬਾਤ ਕਰ ਕੇ ਇਹ ਮਸਲਾ ਤਰਜੀਹੀ ਆਧਾਰ ’ਤੇ ਹੱਲ ਕਰਵਾਉਣਗੇ। ਆਰਗੈਨਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਦੀ ਮਦਦ ਮੰਗਦੇ ਹੋਏ, ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਵਾਤਾਵਰਨ ਪੱਖੀ ਖੇਤੀਬਾੜੀ ਦੀ ਇਸ ਵਿਧੀ ਨੂੰ ਜ਼ੋਰ-ਸ਼ੋਰ ਨਾਲ ਪ੍ਰਚਾਰ ਕੇ ਸੂਬੇ ਦੀ ਆਰਥਿਕਤਾ ਮਜ਼ਬੂਤ ਕਰਨ ਵਿੱਚ ਮਦਦ ਕੀਤੀ ਜਾਵੇ।
ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵੀ ਕੀਤੀ ਮੰਗ
ਪੰਜਾਬ ਦੇ ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ ਜਿਸ ਨੂੰ ਕੋਵਿਡ ਦੇ ਕੇਸਾਂ ਦੀ ਗਿਣਤੀ ਵਧਣ ਕਾਰਨ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਸਥਿਤੀ ਵਿਚ ਕਾਫ਼ੀ ਹੱਦ ਤੱਕ ਸੁਧਾਰ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਨਾਲ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨ ਕਰ ਸਕਣਗੇ।
ਸੋਨੀਆ ਅਤੇ ਰਾਹੁਲ ਨਾਲ ਨਾ ਹੋਈ ਮੁਲਾਕਾਤ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿੱਲੀ ਦੌਰੇ ਦੌਰਾਨ ਉਨ੍ਹਾਂ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੇ ਜਾਣ ਦੇ ਵੀ ਚਰਚੇ ਸਨ ਪਰ ਉਹ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਹੀ ਚੰਡੀਗੜ੍ਹ ਪਰਤ ਆਏ ਹਨ। ਸਿਆਸੀ ਹਲਕਿਆਂ ’ਚ ਕਿਹਾ ਜਾ ਰਿਹਾ ਸੀ ਕਿ ਚੰਨੀ, ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਪੈਦਾ ਹੋਏ ਹਾਲਾਤ ਅਤੇ ਉਸ ਨੂੰ ਮਨਾਉਣ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਜਾਣਕਾਰੀ ਸੋਨੀਆ ਗਾਂਧੀ ਨੂੰ ਦੇਣਗੇ। ਮੁੱਖ ਮੰਤਰੀ ਨੂੰ ਜਦ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਪੁੱਛਿਆ ਗਿਆ ਤਾਂ ਉਹ ਜਵਾਬ ਦੇਣ ਤੋਂ ਟਾਲਾ ਵੱਟ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly