ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਵੱਲੋਂ ਲਿਆਂਦੀਆਂ ਜਾ ਰਹੀਆਂ ਸਾਮਰਾਜੀ ਨੀਤੀਆਂ ਖ਼ਿਲਾਫ਼ ਲੜਨ ਵਾਸਤੇ ਸਭ ਤੋਂ ਪਹਿਲਾਂ ਸਾਨੂੰ ਸਾਰਿਆਂ ਨੂੰ ਮਾਨਸਿਕ ਤੌਰ ’ਤੇ ਤਿਆਰ ਹੋਣਾ ਪੈਣਾ ਹੈ।
ਉਨ੍ਹਾਂ ਟਿਕਰੀ ਮੋਰਚੇ ’ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਅਮਰੀਕਾ ਦੇ ਵਿਦੇਸ਼ ਮੰਤਰੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਸਰਕਾਰ ਉਹੀ ਵਧੀਆ ਹੁੰਦੀ ਹੈ ਜੋ ਲੋਕਾਂ ਨੇ ਚੁਣੀ ਹੁੰਦੀ ਹੈ ਤੇ ਉਸ ਸਰਕਾਰ ਨੂੰ ਲੋਕਾਂ ਦੇ ਮਸਲਿਆਂ ਵੱਲ ਧਿਆਨ ਦੇਣ ਦੀ ਲੋੜ ਹੈ। ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਦੇ ਨਾਲ ਹੀ ਇਹ ਗੱਲ ਵੀ ਕਹੀ ਕਿ ਭਾਰਤ ਸਰਕਾਰ ਵੱਲੋਂ ਬੁੱਧੀਜੀਵੀਆਂ ਤੋਂ ਇਲਾਵਾ ਹੋਰ ਬਹੁਤ ਸਾਰੇ ਹਿੱਸੇ ਜੋ ਹਕੂਮਤਾਂ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੜ ਜਾਂ ਬੋਲ ਰਹੇ ਹਨ, ਦੀ ਜਾਸੂਸੀ ਕੀਤੀ ਜਾਣੀ ਸ਼ਰਮਨਾਕ ਵਰਤਾਰਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੀ ਆਵਾਜ਼ ਜਰਮਨੀ, ਇਟਲੀ, ਅਮਰੀਕਾ, ਨਿਊਜ਼ੀਲੈਂਡ, ਕੈਨੇਡਾ ਤੇ ਹੋਰ ਵਿਦੇਸ਼ੀ ਮੁਲਕਾਂ ਵਿਚ ਗੂੰਜ ਰਹੀ ਹੈ ਜਿੱਥੇ ਇਸ ਘੋਲ ਦੀ ਹਮਾਇਤ ਵਿੱਚ ਭਾਕਿਯੂ ਏਕਤਾ ਉਗਰਾਹਾਂ ਦੇ ਟਰੈਕਟਰ ਮਾਰਚ ਨਾਲ ਮੁਜ਼ਾਹਰੇ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਅੱਜ ਫਿਰ ਦਿੱਤੇ ਬਿਆਨ ਕਿ ‘ਇਹ ਖੇਤੀ ਕਾਨੂੰਨ ਬਹੁਤ ਚੰਗੇ ਹਨ’ ਸਬੰਧੀ ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਨੇ ਕੇਂਦਰ ਸਰਕਾਰ ਨੂੰ ਇਹ ਗੱਲ ਪਹਿਲਾਂ ਹੀ ਕਹਿ ਦਿੱਤੀ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਕਿਸਾਨਾਂ ਨੂੰ ਕੋਈ ਲੋੜ ਨਹੀਂ ਫਿਰ ਇਹ ਲਾਗੂ ਕਿਉਂ ਕੀਤੇ ਜਾ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly