ਰੁਦਰਪੁਰ (ਸਮਾਜ ਵੀਕਲੀ): ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਸਵਾਗਤ ਸਮਾਰੋਹ ਦੌਰਾਨ ਊਧਮ ਸਿੰਘ ਨਗਰ ਜ਼ਿਲ੍ਹੇ ਵਿਚ ਇਤਿਹਾਸਕ ਗੁਰਦੁਆਰਾ ਨਾਨਕਮੱਤਾ ਸਾਹਿਬ ਕੰਪਲੈਕਸ ਵਿਚ ਸਕੂਲੀ ਵਿਦਿਆਰਥਣਾਂ ਦੇ ਡਾਂਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਣੇ ਚਾਰ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਪਿਛਲੇ ਦੋ ਦਿਨਾਂ ਤੋਂ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਤੋਂ ਹਜ਼ਾਰਾਂ ਸਿੱਖਾਂ ਨੇ ਇਸ ਮਾਮਲੇ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫੇ ਦੀ ਮੰਗ ਕਰਦਿਆਂ ਗੁਰਦੁਆਰਾ ਵਿੱਚ ਡੇਰਾ ਲਾਇਆ ਹੋਇਆ ਸੀ। ਮਾਮਲਾ ਭਖਣ ਬਾਅਦ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਵੱਲੋਂ ਭੇਜੀ ਗਈ ਤਿੰਨ ਮੈਂਬਰੀ ਕਮੇਟੀ ਦੇ ਨਿਰਦੇਸ਼ਾਂ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੇਵਾ ਸਿੰਘ ਸਣੇ ਚਾਰ ਮੈਂਬਰਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਇਸ ਸਮੇਂ ਗੁਰਦੁਆਰਾ ਪ੍ਰਬੰਧ ਦੇਖਣ ਲਈ ਨਾਨਕਮੱਤਾ ਗੁਰਦੁਆਰਾ ਦੇ 19 ਵਿਚੋਂ ਪੰਜ ਡਾਇਰੈਕਟਰਾਂ ਦੀ ਕਮੇਟੀ ਬਣਾਈ ਗਈ ਹੈ। ਮੁੱਖ ਮੰਤਰੀ ਧਾਮੀ ਜ਼ਿਲ੍ਹੇ ਦੀ ਆਪਣੀ ਤਾਜ਼ਾ ਫੇਰੀ ਦੌਰਾਨ 24 ਜੁਲਾਈ ਨੂੰ ਗੁਰਦੁਆਰੇ ਗਏ ਸਨ। ਸਕੂਲ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਦੇ ਸਵਾਗਤ ਲਈ ਗੁਰਦੁਆਰੇ ਦੇ ਬਾਹਰ ਵਿਹੜੇ ਵਿੱਚ ਨ੍ਰਿਤ ਕੀਤਾ ਅਤੇ ਇਸ ਦੌਰਾਨ ਜਦੋਂਕਿ ਮੁੱਖ ਮੰਤਰੀ, ਮੰਤਰੀਆਂ ਅਤੇ ਹੋਰ ਵਿਧਾਇਕਾਂ ਨੇ ਗੁਰਦੁਆਰੇ ਮੱਥਾ ਟੇਕਿਆ ਤਾਂ ਉਸ ਸਮੇਂ ਗੁਰਦੁਆਰੇ ਵਿੱਚ ਪਾਠ ਤੇ ਕੀਰਤਨ ਕੁੱਝ ਸਮੇਂ ਲਈ ਰੋਕ ਦਿੱਤਾ ਗਿਆ ਸੀ, ਜਿਸ ’ਤੇ ਕੁਝ ਸਿੱਖ ਸੰਗਠਨਾਂ ਨੇ ਇਤਰਾਜ਼ ਜਤਾਉਂਦਿਆਂ ਇਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly