ਚੰਡੀਗੜ੍ਹ (ਸਮਾੲਜ ਵੀਕਲੀ): ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਦਾ ਘਿਰਾਓ ਕਰ ਰਹੀਆਂ ਹਨ, ਜਿਸ ਕਰ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਤੋਂ ਸਮਾਂ ਮੰਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਸਮੇਂ ਕੀਤੇ ਗਏ ਵਾਅਦੇ ਉਨ੍ਹਾਂ ਨੂੰ ਮੂੰਹ-ਜ਼ੁਬਾਨੀ ਯਾਦ ਹਨ, ਜਿਨ੍ਹਾਂ ਨੂੰ ਪੂਰਾ ਜ਼ਰੂਰ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਨੇ ਚੋਣ ਵਾਅਦਿਆਂ ਸਬੰਧੀ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ, ‘‘ਪੰਜਾਬੀਓ ਥੋੜਾ ਸਮਾਂ ਦਿਓ। ਥੋੜਾ ਸਬਰ ਰੱਖੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ, ਜੋ ਮੈਨੂੰ ਮੂੰਹ-ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜਾ ਸਮਾਂ ਤਾਂ ਲੱਗੇਗਾ।’’ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਾਰਿਆਂ ਦੇ ਮਸਲੇ ਹੱਲ ਹੋਣਗੇ ਪਰ ਇਸ ਵਿੱਚ ਥੋੜਾ ਸਮਾਂ ਲੱਗੇਗਾ। ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਕਈ ਗਰੰਟੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚ ਸੂਬੇ ਵਿੱਚ 300 ਯੂਨਿਟ ਤੱਕ ਮੁਫ਼ਤ ਬਿਜਲੀ, ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ, ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਸੁਧਾਰ ਸ਼ਾਮਲ ਹਨ। ਇਸ ਤੋਂ ਇਲਾਵਾ ਸੂਬੇ ਦੇ ਮਾਲੀ ਹਾਲਾਤ ਵਿੱਚ ਸੁਧਾਰ ਕਰਨ ਲਈ ਮਾਫ਼ੀਆ ਰਾਜ ਦਾ ਖਾਤਮਾ ਕਰਨ ਦੀ ਗੱਲ ਵੀ ਕੀਤੀ ਸੀ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਪੇਸ਼ ਆ ਰਹੀ ਮੁਸ਼ਕਿਲਾਂ ਦੇ ਹੱਲ ਲਈ ਹਰੇਕ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਫ਼ਤਰ ਖੋਲ੍ਹਣ ਦਾ ਐਲਾਨ ਕੀਤਾ ਸੀ, ਜਿੱਥੇ ਨੋਡਲ ਅਫ਼ਸਰ ਬੈਠਣਗੇ।
ਉਦਯੋਗ ਨੂੰ ਹੁਲਾਰਾ ਦੇਣ ਲਈ ਸਾਜਗਾਰ ਮਾਹੌਲ ਸਿਰਜਣ ਦਾ ਭਰੋਸਾ
ਮੁੱਖ ਮੰਤਰੀ ਭਗਵੰਤ ਮਾਨ ਨੇ ਉਦਯੋਗ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਦਯੋਗਾਂ ਨੂੰ ਇਤਰਾਜ਼ ਨਹੀਂ ਸਰਟੀਫਿਕੇਟ (ਐੱਨਓਸੀ’ਜ਼) ਦੇਣ ਦੀ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਇਸ ਵਾਸਤੇ ਅੰਤਰ-ਵਿਭਾਗੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਤੋਂ ਇਲਾਵਾ ਰੁਜ਼ਗਾਰ ਪੈਦਾ ਕਰਨ ਵਾਲੇ ਉਦਯੋਗ ਨੂੰ ਸੱਦਣ ਲਈ ਨੀਤੀਆਂ ਘੜੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਤੇ ਲੋਕ ਪੱਖੀ ਮਾਹੌਲ ਸਿਰਜਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਪਰਾਲੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਇਸ ਦੌਰਾਨ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਉਦਯੋਗ ਦੀ ਮੌਜੂਦਾ ਵਿਕਾਸ ਦਰ, ਇਸ ਸੈਕਟਰ ਨੂੰ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਦਰਪੇਸ਼ ਪ੍ਰਮੁੱਖ ਚੁਣੌਤੀਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਰਜਤ ਅਗਰਵਾਲ, ਉਦਯੋਗ ਅਤੇ ਵਣਜ ਦੇ ਡਾਇਰੈਕਟਰ ਸਿਬਿਨ ਸੀ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly