ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਜ਼ਮੀਨੀ ਘਪਲੇ ਕੇਸ ਵਿੱਚ ਮਿਲੀ ਜ਼ਮਾਨਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਉਹ ਜਲਦੀ ਹੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ 19 ਅਗਸਤ ਨੂੰ ਸੁਣਾਏ ਫੈਸਲੇ ਉੱਤੇ ਮੁੜ ਵਿਚਾਰ ਕਰਨ ਦੀ ਅਪੀਲ ਕਰੇਗੀ। ਇਸੇ ਦੌਰਾਨ ਹਾਈ ਕੋਰਟ ਨੇ ਆਮਦਨ ਨਾਲੋਂ ਵੱਧ ਸਰੋਤ ਇਕੱਠੇ ਕਰਨ ਦੇ ਮਾਮਲੇ ਵਿੱਚ ਸੁਮੇਧ ਸੈਣੀ ਨੂੰ 12 ਅਗਸਤ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਸੀ।
ਵਿਜੀਲੈਂਸ ਨੇ ਅਦਾਲਤ ਦੇ ਇਨ੍ਹਾਂ ਹੁਕਮਾਂ ’ਤੇ ਵੀ ਮੁੜ ਵਿਚਾਰ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਕਿ ਸੁਮੇਧ ਸੈਣੀ ਨੂੰ ਜ਼ਮੀਨੀ ਘਪਲੇ ਦੇ ਕੇਸ ਵਿੱਚ 18 ਅਗਸਤ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦੋਂ ਉਹ ਵਿਜੀਲੈਂਸ ਦੇ ਦਫ਼ਤਰ ਵਿੱਚ ਆਪਣੇ ਖ਼ਿਲਾਫ਼ ਦਰਜ ਕੇਸ (ਆਮਦਨ ਨਾਲੋਂ ਵੱਧ ਸਰੋਤ) ਦੇ ਸਬੰਧ ਵਿੱਚ ਵਿਜੀਲੈਂਸ ਦੇ ਦਫ਼ਤਰ ਪਹੁੰਚਿਆ ਸੀ। ਉਹ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਹੀ ਵਿਜੀਲੈਂਸ ਦਫ਼ਤਰ ਗਿਆ ਸੀ ਤੇ ਉਸ ਨੂੰ ਅੰਤ੍ਰਿਮ ਜ਼ਮਾਨਤ ਇਸ ਸ਼ਰਤ ’ਤੇ ਦਿੱਤੀ ਗਈ ਸੀ ਕਿ ਉਹ 7 ਦਿਨਾਂ ਦੇ ਅੰਦਰ ਆਮਦਨ ਨਾਲੋਂ ਵੱਧ ਸਰੋਤ ਕੇਸ ਦੀ ਜਾਂਚ ਵਿੱਚ ਵਿਜੀਲੈਂਸ ਨੂੰ ਸਹਿਯੋਗ ਦੇਵੇਗਾ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸੈਣੀ ਨੇ ਜਾਣਬੁੱਝ ਕੇ ਅੰਤ੍ਰਿਮ ਜ਼ਮਾਨਤ ਦੇ ਆਖਰੀ ਦਿਨ ਵਿਜੀਲੈਂਸ ਦਫ਼ਤਰ ਪਹੁੰਚ ਕੇ ਹਾਈ ਕੋਰਟ ਦੇ ਹੁਕਮਾਂ ਨੂੰ ਪੂਰੀ ਸੰਜੀਦਗੀ ਨਾਲ ਲਾਗੂ ਨਹੀਂ ਹੋਣ ਦਿੱਤਾ। ਇਸ ਕਰਕੇ ਵਿਜੀਲੈਂਸ ਨੇ ਉਸ ਦੀ ਅੰਤ੍ਰਿਮ ਜ਼ਮਾਨਤ ਦੇ ਹੁਕਮਾਂ ’ਤੇ ਮੁੜ ਵਿਚਾਰ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਵਿਜੀਲੈਂਸ ਬਿਊਰੋ ਨੇ ਜ਼ਮੀਨੀ ਘਪਲੇ ਕੇਸ ਵਿੱਚ ਵੀ ਸੈਣੀ ਨੂੰ ਰਿਹਾਅ ਕਰਨ ਦੇ ਹੁਕਮਾਂ ਖ਼ਿਲਾਫ਼ ਆਪਣਾ ਪੱਖ ਮਜਬੂਤ ਕਰ ਲਿਆ ਹੈ। ਵਿਜੀਲੈਂਸ ਅਨੁਸਾਰ ਸੈਣੀ ਨੂੰ ਇਸ ਕੇਸ ਵਿੱਚ ਬਿਨਾਂ ਨੋਟਿਸ ਤੋਂ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੋਈ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly