ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਹਾਰਟਾ ਬਡਲਾ ਦੇ ਪਿੰਡ ਮੋਨਾਂ ਕਲਾਂ ਵਿਖੇ ਬੱਚਿਆਂ ਦਾ ਮਾਹਿਰ ਡਾਕਟਰ ਕੁਲਵੰਤ ਰਾਏ ਦੀ ਅਗਵਾਈ ਹੇਠ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ ਪਿੰਡ ਦੇ ਲੋਕਾਂ ਦੀ ਸਿਹਤ ਜਾਂਚ ਕਰਨ ਦੇ ਨਾਲ ਨਾਲ ਬੱਚਿਆਂ ਦਾ ਟੀਕਾਕਰਨ ਵੀ ਕੀਤਾ ਗਿਆ। ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਾ.ਕੁਲਵੰਤ ਰਾਏ ਨੇ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਦੌਰਾਨ 100 ਦੇ ਕਰੀਬ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਤੇ ਲੋੜੀਂਦੀ ਦਵਾਈਆਂ ਵੀ ਦਿੱਤੀਆਂ ਗਈਆਂ। ਉਨਾਂ ਕਿਹਾ ਕਿ ਜਿਵੇਂ ਕਿ ਅੱਜਕਲ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਵਿੱਚ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਖਾਂਸੀ, ਜੁਕਾਮ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ ਅਤੇ ਖਾਸ ਕਰ ਛੋਟੇ ਬੱਚਿਆਂ ਨੂੰ ਨਿਮੋਨਿਆ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਹਨਾਂ ਦੱਸਿਆ ਕਿ ਨਮੂਨੀਆ ਦੇ ਲੱਛਣ ਜਿਵੇਂ ਖਾਂਸੀ ਅਤੇ ਜੁਕਾਮ ਦਾ ਵੱਧਣਾ, ਤੇਜੀ ਨਾਲ ਸਾਹ ਲੈਣਾ, ਸਾਹ ਲੈਂਦੇ ਸਮੇਂ ਛਾਤੀ ਦਾ ਹੇਠਾਂ ਵੱਲ ਧੱਸਣਾ ਅਤੇ ਬੱਚੇ ਨੂੰ ਤੇਜ਼ ਬੁਖਾਰ ਆਦਿ ਹੁੰਦੇ ਹਨ। ਇਸ ਲਈ ਨਮੂਨੀਆ ਤੋ ਬਚਾਅ ਲਈ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਓ । ਇਸ ਮੌਕੇ ਉਨਾਂ ਦੱਸਿਆ ਕਿ ਇਸ ਵਿਸ਼ੇਸ਼ ਸਿਹਤ ਜਾਂਚ ਕੈਂਪ ਵਿੱਚ ਆਏ ਲੋਕਾਂ ਨੂੰ ਰਾਸ਼ਟਰੀ ਤਪਦਿਕ ਅਲੀਮੀਨੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੀ 100 ਦਿਨਾਂ ਮੁਹਿੰਮ ਸੰਬੰਧੀ ਵੀ ਜਾਗਰੂਕ ਕੀਤਾ ਗਿਆ। ਉਨਾਂ ਕਿਹਾ ਕਿ ਟੀ.ਬੀ ਵਰਗੀ ਗੰਭੀਰ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਮਿਤੀ 07 ਦਸੰਬਰ 2024 ਨੂੰ ਕੀਤੀ ਗਈ ਸੀ ਜਿਸ ਦਾ ਮੰਤਵ ਬਲਾਕ ਦੇ ਹਾਈ ਰਿਸਕ ਟੀ.ਬੀ ਦੇ ਮਰੀਜ਼ਾਂ ਦੀ ਜਾਂਚ ਅਤੇ ਟੀ.ਬੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਪਹਿਚਾਣ ਕਰ ਉਨਾਂ ਨੂੰ ਪੂਰਾ ਇਲਾਜ ਮੁੱਹਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਟੀਬੀ ਹੁਣ ਲਾਇਲਾਜ ਨਹੀਂ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਕੇ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਸ਼ਕੀ ਮਰੀਜ਼ਾਂ ਦੇ ਟੈਸਟ ਅਤੇ ਐਕਸ-ਰੇ ਮੁਫਤ ਕੀਤੇ ਜਾਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly