ਪੰਜਾਬ ਵਿਧਾਨ ਸਭਾ ਲਈ ਵੋਟਾਂ ਅੱਜ

ਚੰਡੀਗੜ੍ਹ (ਸਮਾਜ ਵੀਕਲੀ) ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਭਲਕੇ ਪੈਣਗੀਆਂ। ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕਰਨ ਤੋਂ ਬਾਅਦ ਲੰਮੀ ਚੋਣ ਪ੍ਰਕਿਰਿਆ ’ਚੋਂ ਲੰਘੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੇ ਆਪਣੀ ਜਿੱਤ ਯਕੀਨੀ ਬਣਾਉਣ ਲਈ ਜ਼ੋਰਦਾਰ ਪ੍ਰਚਾਰ ਅਤੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਹਰ ਤਰ੍ਹਾਂ ਦਾ ਹਰਬਾ ਵਰਤਿਆ ਹੈ। ਚੋਣ ਪ੍ਰਕਿਰਿਆ ਦੇ ਅੰਤਿਮ ਦਿਨ ਵੀ ਵੋਟਰਾਂ ਤੱਕ ਡੋਰ-ਟੂ-ਡੋਰ ਪਹੁੰਚ ਕਰਕੇ ਜਿੱਤ ਪੱਕੀ ਕਰਨ ਦੇ ਯਤਨ ਕੀਤੇ ਗਏ।

ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਕਮਿਸ਼ਨ ਵੱਲੋਂ ਨੀਮ ਸੁਰੱਖਿਆ ਬਲਾਂ ਦੀਆਂ 700 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਬੂਥ ’ਤੇ ਸਥਾਨਕ ਪੁਲੀਸ ਦੇ ਨਾਲ ਨੀਮ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੰਜਾਬ ਪੁਲੀਸ ਦੇ 80 ਹਜ਼ਾਰ ਤੋਂ ਵੱਧ ਕਰਮਚਾਰੀ ਵੀ ਤਾਇਨਾਤ ਹਨ। ਕਮਿਸ਼ਨ ਦੀਆਂ ਹਦਾਇਤਾਂ ’ਤੇ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਭਰ ’ਚ ਲਾਏ ਨਾਕਿਆਂ ਤੋਂ ਪੁਲੀਸ ਵੱਲੋਂ ਹੁਣ ਤੱਕ 500 ਕਰੋੜ ਰੁਪਏ ਤੋਂ ਵਧੇਰੇ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਗਿਆ ਹੈ। ਇਸ ਵਿੱਚ 32.52 ਕਰੋੜ ਰੁਪਏ ਦੀ ਨਗ਼ਦੀ ਵੀ ਸ਼ਾਮਲ ਹੈ। ਕਮਿਸ਼ਨ ਵੱਲੋਂ ਪੰਜਾਬ ਨਾਲ ਲੱਗਦੇ ਰਾਜਾਂ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਤੇ ਚੰਡੀਗੜ੍ਹ ਦੀਆਂ ਹੱਦਾਂ ’ਤੇ ਵੀ ਚੌਕਸੀ ਵਧਾਈ ਗਈ ਹੈ।

ਗੁਆਂਢੀ ਸੂਬਿਆਂ ਨਾਲ ਲੱਗਦੇ ਜ਼ਿਲ੍ਹਿਆਂ ਦੀ ਪੁਲੀਸ ਨੂੰ ਵਧੇਰੇ ਚੌਕਸੀ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗੁਆਂਢੀ ਸੂਬਿਆਂ ਨਾਲ ਸਬੰਧਤ ਪੰਜਾਬ ਦੀ ਸਰਹੱਦ ’ਤੇ ਪੈਂਦੇ ਸ਼ਰਾਬ ਦੇ ਠੇਕੇ ਵੀ ਬੰਦ ਕਰ ਦਿੱਤੇ ਗਏ ਹਨ। ਚੋਣ ਅਧਿਕਾਰੀਆਂ ਦਾ ਦੱਸਣਾ ਹੈ ਕਿ ਸੂਬੇ ਵਿੱਚ ਕੁੱਲ 2,14,99,804 ਵੋਟਰ ਹਨ ਜਿਨ੍ਹਾਂ ’ਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। ਇਸ ਤਰ੍ਹਾਂ 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ’ਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ। ਚੋਣ ਕਮਿਸ਼ਨ ਵੱਲੋਂ ਚੋਣਾਂ ਕਰਾਉਣ ਲਈ 1 ਲੱਖ 60 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਚੋਣ ਅਮਲਾ ਅੱਜ ਪੋਲਿੰਗ ਬੂਥਾਂ ’ਤੇ ਡਿਊਟੀਆਂ ਦੇਣ ਲਈ ਇਲੈਕਟ੍ਰੌਨਿਕਸ ਵੋਟਿੰਗ ਮਸ਼ੀਨਾਂ ਸਮੇਤ ਸ਼ਾਮ ਤੱਕ ਪਹੁੰਚ ਗਿਆ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਤਿੰਨ ਵਿਸ਼ੇਸ਼ ਸਟੇਟ ਅਬਜ਼ਰਵਰਾਂ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਅਬਜ਼ਰਵਰ, 50 ਖ਼ਰਚਾ ਅਬਜ਼ਰਵਰ ਅਤੇ 29 ਪੁਲੀਸ ਅਬਜ਼ਰਵਰ ਨਿਯੁਕਤ ਕੀਤੇ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਪਾਰਟੀਆਂ ਦੀ ਸਹਾਇਤਾ ਲਈ 2083 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਚੋਣ ਅਧਿਕਾਰੀਆਂ ਮੁਤਾਬਕ ਪੋਲਿੰਗ ਸਟੇਸ਼ਨਾਂ ਵਾਲੀਆਂ 14,684 ਥਾਵਾਂ ’ਤੇ 24,689 ਪੋਲਿੰਗ ਸਟੇਸ਼ਨ ਅਤੇ 51 ਆਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਦੀ ਪਛਾਣ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 1196 ਮਾਡਲ ਪੋਲਿੰਗ ਸਟੇਸ਼ਨ, 196 ਮਹਿਲਾ ਪ੍ਰਬੰਧਤ ਪੋਲਿੰਗ ਸਟੇਸ਼ਨ ਅਤੇ 70 ਦਿਵਿਆਂਗਾਂ ਦੁਆਰਾ ਸੰਚਾਲਿਤ ਪੋਲਿੰਗ ਸਟੇਸ਼ਨ ਹੋਣਗੇ। ਚੋਣ ਅਧਿਕਾਰੀ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਕ ਪਿਛੋਕੜ ਵਾਲੇ ਹਨ।

ਇਨ੍ਹਾਂ ਚੋਣਾਂ ਵਿੱਚ 28,328 ਬੈੱਲਟ ਯੂਨਿਟ ਅਤੇ 24,740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁੱਲ 6 ਵਿਧਾਨ ਸਭਾ ਹਲਕਿਆਂ- ਖਰੜ, ਸਾਹਨੇਵਾਲ, ਲੁਧਿਆਣਾ ਦੱਖਣੀ, ਪਾਇਲ, ਪਟਿਆਲਾ ਦਿਹਾਤੀ ਅਤੇ ਪਟਿਆਲਾ (ਸ਼ਹਿਰ) ਵਿਖੇ ਮਸ਼ੀਨਾਂ ਦੇ ਦੋ-ਦੋ ਬੈਲੇਟ ਯੂਨਿਟ ਸਥਾਪਿਤ ਕੀਤੇ ਗਏ ਹਨ। ਚੋਣ ਅਧਿਕਾਰੀਆਂ ਨੇ ਕੁੱਝ ਉਮੀਦਵਾਰਾਂ ਵੱਲੋਂ ਜ਼ਿਆਜ਼ਾ ਖ਼ਰਚ ਕੀਤੇ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ 17 ਵਿਧਾਨ ਸਭਾ ਹਲਕਿਆਂ ਦੀ ਸ਼ਨਾਖ਼ਤ ਖ਼ਰਚ ਸੰਵੇਦਨਸ਼ੀਲ ਹਲਕਿਆਂ ਵਜੋਂ ਕੀਤੀ ਹੈ। 117 ਡਿਸਪੈਚ ਸੈਂਟਰ ਅਤੇ 117 ਕੁਲੈਕਸ਼ਨ ਸੈਂਟਰ ਹਨ, ਜਦੋਂ ਕਿ ਰਾਜ ਵਿੱਚ 67 ਥਾਵਾਂ ’ਤੇ 117 ਈਵੀਐਮ ਸਟਰਾਂਗ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਡੀਸੀ, ਸੀਪੀਜ਼ ਅਤੇ ਐਸਐਸਪੀਜ਼ ਸਖ਼ਤ ਨਿਗਰਾਨੀ ਰੱਖ ਰਹੇ ਹਨ ਅਤੇ ਸੂਚਨਾ ਜਾਂ ਸ਼ਿਕਾਇਤ ਮਿਲਣ ’ਤੇ ਤੁਰੰਤ ਛਾਪੇਮਾਰੀ ਕੀਤੀ ਜਾ ਰਹੀ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਚੋਣਾਂ ਦੇ ਮੱਦੇਨਜ਼ਰ 20 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਉਦਯੋਗਿਕ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਪੰਜਾਬ ਵਿੱਚ 20 ਫਰਵਰੀ ਨੂੰ ਤਨਖ਼ਾਹ ਸਮੇਤ ਛੁੱਟੀ ਹੋਵੇਗੀ।

ਵੋਟਰਾਂ ਨੂੰ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਦਾ ਪਾਲਣ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਪੋਲਿੰਗ ਸਟੇਸ਼ਨਾਂ ’ਤੇ ਆਉਣ ਵਾਲੇ ਵੋਟਰਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਸਮੇਤ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 4,44,721 ਵਿਅਕਤੀ, 1,38,116 ਦਿਵਿਆਂਗ ਵੋਟਰ ਅਤੇ 162 ਕੋਵਿਡ-19 ਮਰੀਜ਼ਾਂ ਨੂੰ ਪੋਸਟਲ ਬੈਲੇਟ ਸਹੂਲਤ ਲਈ ਫਾਰਮ-12 ਡੀ ਮੁਹੱਈਆ ਕਰਵਾਏ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵਾਰ 18-19 ਸਾਲ ਉਮਰ ਵਰਗ ਦੇ 3,48,836 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਸਾਰੇ ਜ਼ਿਲ੍ਹਾ ਪ੍ਰਸਾਸ਼ਨ ਪਹਿਲੀ ਵਾਰ ਇਨ੍ਹਾਂ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਲੋੜੀਂਦੇ ਕਦਮ ਚੁੱਕ ਰਹੇ ਹਨ। ਉਨ੍ਹਾਂ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ 5,09,405 ਵੋਟਰ, 1,09,624 ਸਰਵਿਸ ਵੋਟਰ ਅਤੇ 1,58,341 ਦਿਵਿਆਂਗ ਵੋਟਰ ਹਨ, ਜਦਕਿ 1608 ਪਰਵਾਸੀ ਵੋਟਰ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਵੈਲਕਮ ਕਿੱਟਾਂ ਜਾਰੀ ਕੀਤੀਆਂ ਗਈਆਂ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਤ ਭਾਸ਼ਾ ਦਿਵਸ ਦੀਆਂ ਮੁਬਾਰਕਾਂ
Next articleਸਿਆਸਤਦਾਨ, ਨੈਤਿਕਤਾ ਅਤੇ ਸਿਆਸੀ ਧੰਦੇਬਾਜ਼ੀ