ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜੰਗੀ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ ਨਸ਼ਿਆਂ ਵਿਰੁੱਧ ਸਾਰਥਕ ਉਪਰਾਲਾ ਹੈ। ਆਮ ਲੋਕਾਂ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਦੀ ਸਫਲਤਾ ਜ਼ਮੀਨੀ ਪੱਧਰ ਤੱਕ ਮਹਿਸੂਸ ਕੀਤੀ ਜਾ ਸਕੇ ਅਤੇ ਸਮਾਜ ਵਿੱਚ ਵੱਡੀ ਤਬਦੀਲੀ ਆ ਸਕੇ। ਇਹ ਵਿਚਾਰ ਬੈਂਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਜਨਤਾ ਦੇ ਸਹਿਯੋਗ ‘ਤੇ ਨਿਰਭਰ ਕਰਦੀ ਹੈ। ਜੇਕਰ ਜਨਤਾ ਪੁਲਿਸ ਅਤੇ ਸਰਕਾਰ ਨਾਲ ਨਸ਼ਾ ਵੇਚਣ ਵਾਲਿਆਂ ਬਾਰੇ ਸਹੀ ਜਾਣਕਾਰੀ ਸਾਂਝੀ ਕਰੇ ਤਾਂ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਣਾ ਆਸਾਨ ਹੋ ਜਾਵੇਗਾ। ਇਸ ਲਈ ਬਿਨਾਂ ਕਿਸੇ ਡਰ ਤੋਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ਨੂੰ ਵੀ ਢਾਹੁਣਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਉਨ੍ਹਾਂ ਦਾ ਲੱਕ ਪੂਰੀ ਤਰ੍ਹਾਂ ਤੋੜਿਆ ਜਾ ਸਕੇ ਅਤੇ ਕੋਈ ਮੁੜ ਸਿਰ ਚੁੱਕਣ ਦੀ ਹਿੰਮਤ ਨਾ ਕਰ ਸਕੇ। ਸੈਣੀ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਨੂੰ ਏਨਾ ਬਦਨਾਮ ਕਰ ਦਿੱਤਾ ਹੈ ਕਿ ਦੂਜੇ ਸੂਬੇ ਸਾਡੇ ਸੂਬੇ ਨੂੰ ਨਸ਼ਿਆਂ ਦਾ ਅੱਡਾ ਕਹਿਣ ਲੱਗ ਪਏ ਹਨ। ਇਸ ਲਈ ਇਸ ਕਲੰਕ ਨੂੰ ਮਿਟਾਉਣ ਲਈ ਸਰਕਾਰ ਅਤੇ ਪੁਲਿਸ ਦਾ ਸਾਥ ਦੇਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ ਤਾਂ ਜੋ ਅਸੀਂ ਆਪਣੇ ਸੂਬੇ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਤੋਂ ਬਚਾ ਸਕੀਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਅਤੇ ਇਸ ਦੀ ਸ਼ਾਨ ਨੂੰ ਯੁਗਾਂ-ਯੁਗਾਂਤਰਾਂ ਤੋਂ ਕਾਇਮ ਰੱਖਣ ਲਈ ਕੰਮ ਕਰ ਰਹੀ ਹੈ ਅਤੇ ਇਸ ਦੇ ਸਾਰਥਕ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ਲਈ ਜਨਤਾ ਨੂੰ ਅਪੀਲ ਹੈ ਕਿ ਉਹ ਆਪਣੇ ਪੰਜਾਬ ਅਤੇ ਬੱਚਿਆਂ ਦੀ ਭਲਾਈ ਲਈ ਅੱਗੇ ਆਉਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj