ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸ਼ਹਿਰ ਦੇ ਮੁਹੱਲਾ ਬਹਾਦੁਰਪੁਰ ਦੇ ਪੰਜ ਪਿੱਪਲੀ ਮੰਦਰ ਕੋਲ ਹੋਈ ਅਣ-ਅਧਿਕਾਰਤ ਉਸਾਰੀ ਨੂੰ ਅੱਜ ਢਹਾਇਆ ਗਿਆ। ਇਹ ਗੈਰ-ਕਾਨੂੰਨੀ ਉਸਾਰੀ ਇਕ ਵਿਅਕਤੀ, ਜਿਸ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧ ਹੈ, ਵੱਲੋਂ ਕੀਤੀ ਗਈ ਸੀ, ਜਿਸ ਨੂੰ ਸਿਵਲ ਪ੍ਰਸ਼ਾਸਨ ਦੇ ਆਰਡਰਾਂ ‘ਤੇ ਢਾਹਿਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਨਗਰ ਨਿਗਮ, ਹੁਸ਼ਿਆਰਪੁਰ, ਜਿਸ ਨੂੰ ਇਸ ਗੈਰ- ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ, ਦੀ ਬੇਨਤੀ ’ਤੇ ਕਾਰਵਾਈ ਕਰਦਿਆਂ ਢਾਹਿਆ ਗਿਆ ਹੈ। ਇਹ ਕਾਰਵਾਈ ਮਨਦੀਪ ਸਿੰਘ ਉਰਫ਼ ਮਨੂੰ ਵਿਰੁੱਧ ਕੀਤੀ ਗਈ ਹੈ, ਜਿਸ ਖ਼ਿਲਾਫ਼ 9 ਐਫ.ਆਈ.ਆਰਜ਼ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਖ਼ਿਲਾਫ਼ ਦਰਜ ਮਾਮਲਿਆਂ ਵਿਚ ਜ਼ਿਆਦਾਤਰ ਐਨ.ਡੀ.ਪੀ.ਐਸ ਨਾਲ ਸਬੰਧਤ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ ਕਾਨੂੰਨੀ ਕਬਜ਼ਿਆਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆਂ ਖਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


