ਪੰਜਾਬ ’ਚ ਸਰਕਾਰ ਬਣਨ ’ਤੇ ਸਾਰੇ ਕੱਚੇ ਅਧਿਆਪਕ ਤੇ ਮੁਲਾਜ਼ਮ ਪੱਕੇ ਕਰਾਂਗੇ: ਕੇਜਰੀਵਾਲ

ਮੁਹਾਲੀ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਸਾਰੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ’ਤੇ ਪੱਕੇ ਕੀਤਾ ਜਾਵੇਗਾ। ਉਹ ਅੱਜ ਇੱਥੇ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਕੱਚੇ ਅਧਿਆਪਕਾਂ ਦਾ ਦੁੱਖੜਾ ਸੁਣਨ ਪਹੁੰਚੇ ਸੀ। ਧਰਨੇ ਤੋਂ ਵਾਪਸ ਜਾਂਦੇ ਸਮੇਂ ਰਸਤੇ ਵਿੱਚ ਕੇਜਰੀਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀ ਅਤੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦਾ ਦੁਖੜਾ ਵੀ ਸੁਣਿਆ ਅਤੇ ਇਨਸਾਫ਼ ਦਾ ਭਰੋਸਾ ਦਿੱਤਾ।

ਕੱਚੇ ਅਧਿਆਪਕਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਚੋਣਾਂ ਨੇੜੇ ਆਉਣ ਕਾਰਨ ਮੁੱਖ ਮੰਤਰੀ ਐਲਾਨ ’ਤੇ ਐਲਾਨ ਕਰੀ ਜਾ ਰਹੇ ਹਨ ਜਦੋਂਕਿ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮਜ਼ਦੂਰ ਵੀ ਪ੍ਰਤੀ ਮਹੀਨਾ 15 ਹਜ਼ਾਰ ਕਮਾ ਲੈਂਦਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿੱਚ ਅਧਿਆਪਕਾਂ ਨੂੰ ਮਹਿਜ਼ 6 ਹਜ਼ਾਰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਅਧਿਆਪਕਾਂ ਨੂੰ ਕਲਾਸਾਂ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਹੋਣਾ ਸੀ, ਉਹ ਇਨਸਾਫ਼ ਲਈ ਸੜਕਾਂ ’ਤੇ ਰੁਲ ਰਹੇ ਹਨ।

ਇਸ ਮੌਕੇ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ ਨੇ ਕਿਹਾ ਕਿ ਪਹਿਲਾਂ 10 ਸਾਲ ਅਕਾਲੀਆਂ ਨੇ ਕੁੱਟਿਆ, ਫਿਰ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਇਨਸਾਫ਼ ਦੇਣ ਦੀ ਥਾਂ ਪੁਲੀਸ ਤੋਂ ਲਾਠੀਚਾਰਜ ਕਰਵਾ ਰਹੀ ਹੈ। ਜਦੋਂਕਿ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ ਪਰ 5 ਸਾਲਾਂ ਵਿੱਚ ਇਕ ਅਧਿਆਪਕ ਨੂੰ ਵੀ ਪੱਕਾ ਨਹੀਂ ਕੀਤਾ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਰਤਾਨੀਆ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਕੇਸ
Next articleਚਾਰ ਦਿਨਾਂ ਵਿੱਚ ਅੱਠ ਦੇਸ਼ਾਂ ਵਿੱਚ ਫੈਲਿਆ ਓਮੀਕਰੋਨ